ਪੰਜਾਬ ‘ਚ ਸ਼੍ਰੀ ਗੁਰੂ ਰਵਿਦਾਸ ਦੇ ਜੀਵਨ ‘ਤੇ ਹੋਣਗੇ ਡਰੋਨ ਸ਼ੋਅ, 650ਵੇਂ ਪ੍ਰਕਾਸ਼ ਪੁਰਬ ‘ਤੇ ਵੰਡਣਗੇ 6.5 ਲੱਖ ਝੰਡੇ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰਾ ਸਾਲ ਮਨਾਇਆ ਜਾਵੇਗਾ। ਇਸ ਦੌਰਾਨ ਪੰਜਾਬ ਭਰ ਵਿੱਚ ਵੱਖ-ਵੱਖ ਸਮਾਗਮ ਕਰਵਾਈ ਜਾਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸੌਂਦ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਕੀਰਤਨ ਸਮਾਗਮ ਅਤੇ ਡਰੋਨ ਸ਼ੋਅ ਵੀ ਕਰਵਾਏ ਜਾਣਗੇ।
ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਨੇ ਰਾਜ ਭਰ ਦੇ ਨਾਲ-ਨਾਲ ਦੇਸ਼ ਅਤੇ ਵਿਦੇਸ਼ਾਂ ਵਿੱਚ ਇੱਕ ਵਿਆਪਕ ਪ੍ਰੋਗਰਾਮ ਦੀ ਯੋਜਨਾ ਬਣਾਈ ਹੈ। ਨਵੀਂ ਪੀੜ੍ਹੀ ਅਤੇ ਆਮ ਜਨਤਾ ਨੂੰ ਉਨ੍ਹਾਂ ਦੇ ਵਿਚਾਰਾਂ ਅਤੇ ਜੀਵਨ ਦੇ ਦਰਸ਼ਨ ਨਾਲ ਜੋੜਨ ਲਈ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸੰਦੇਸ਼ ‘ਤੇ ਆਧਾਰਿਤ ਡਰੋਨ ਸ਼ੋਅ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਆਯੋਜਿਤ ਕੀਤੇ ਜਾਣਗੇ।
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਦੱਸਿਆ ਕਿ ਵੱਖ-ਵੱਖ ਸਮਾਗਮਾਂ ਦਾ ਇੱਕ ਵਿਸਤ੍ਰਿਤ ਕੈਲੰਡਰ ਤਿਆਰ ਕੀਤਾ ਗਿਆ ਹੈ। ਜਿਸ ਵਿੱਚ ਦਸੰਬਰ ਤੱਕ ਸੈਮੀਨਾਰ ਹੋਣਗੇ। ਪੰਜਾਬ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਹਰ ਮਹੀਨੇ ਸੈਮੀਨਾਰ ਆਯੋਜਿਤ ਕੀਤੇ ਜਾਣਗੇ। ਇਹ ਪ੍ਰੋਗਰਾਮ ਮੋਹਾਲੀ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨਗੇ।
ਇਹ ਵੀ ਪੜ੍ਹੋ
ਸਰਕਾਰ ਵੱਲੋਂ ਐਲਾਨ
- ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਡਰੋਨ ਸ਼ੋਅ 117 ਵਿਧਾਨ ਸਭਾ ਹਲਕਿਆਂ ਵਿੱਚ ਆਯੋਜਿਤ ਕੀਤੇ ਜਾਣਗੇ।
- ਗੁਰੂ ਰਵਿਦਾਸ ਜੀ ਦੇ ਨਾਮ ‘ਤੇ 650 ਏਕੜ ਵਿੱਚ ਰਵਿਦਾਸ ਗਾਰਡਨ ਵਿਕਸਤ ਕੀਤੇ ਜਾਣਗੇ।
- ਪੰਜਾਬ ਭਰ ਵਿੱਚ “Run of Equality” ਦਾ ਆਯੋਜਨ ਕੀਤਾ ਜਾਵੇਗਾ।
- ਪੰਜਾਬ ਭਰ ਵਿੱਚ ਛੇ ਲੱਖ ਝੰਡੇ ਵੰਡੇ ਜਾਣਗੇ। ਜਿਨ੍ਹਾਂ ਨੂੰ ਲੋਕ ਆਪਣੇ ਘਰਾਂ ਵਿੱਚ ਲਹਿਰਾਉਣਗੇ।
ਸ਼੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਰਵਿਦਾਸ ਜੀ ਭਗਤੀ ਅੰਦੋਲਨ ਦੇ ਮਹਾਨ ਸੰਤ, ਸਮਾਜ ਸੁਧਾਰਕ ਅਤੇ ਆਧਿਆਤਮਿਕ ਗੁਰੂ ਸਨ। ਉਨ੍ਹਾਂ ਨੇ ਮਨੁੱਖਤਾ, ਸਮਾਨਤਾ, ਭਾਈਚਾਰੇ ਅਤੇ ਜਾਤ-ਪਾਤ ਤੋਂ ਰਹਿਤ ਸਮਾਜ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਬਾਣੀ ਵਿੱਚ ਪ੍ਰੇਮ, ਸੱਚ, ਨਿਮਰਤਾ ਅਤੇ ਪ੍ਰਭੂ ਭਗਤੀ ਦਾ ਉਪਦੇਸ਼ ਮਿਲਦਾ ਹੈ, ਜੋ ਅੱਜ ਵੀ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹੈ। ਇਸ ਮੌਕੇ ਦੇਸ਼-ਵਿਦੇਸ਼ ਦੇ ਗੁਰਦੁਆਰਿਆਂ ਅਤੇ ਧਾਰਮਿਕ ਸਥਾਨਾਂ ‘ਤੇ ਨਗਰ ਕੀਰਤਨ, ਕੀਰਤਨ ਦਰਬਾਰ, ਲੰਗਰ ਅਤੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਗੁਰੂ ਜੀ ਦੇ ਉਪਦੇਸ਼ ਅੱਜ ਵੀ ਸਮਾਜ ਨੂੰ ਏਕਤਾ ਅਤੇ ਸਦਭਾਵਨਾ ਦਾ ਰਾਹ ਦਿਖਾਉਂਦੇ ਹਨ।
