ਸ਼੍ਰੀਨਗਰ ਸ਼ੋਅ ਵਿਵਾਦ: ਜਥੇਦਾਰ ਗੜਗੱਜ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਕੀਤਾ ਤਲਬ
ਜਥੇਦਾਰ ਗੜਗੱਜ ਨੇ ਕਿਹਾ ਕਿ ਪ੍ਰੋਗਰਾਮ ਦੌਰਾਨ ਹੋਏ ਨਾਚ-ਗਾਣਿਆਂ ਤੇ ਮਨੋਰੰਜਕ ਅੰਦਾਜ਼ ਨਾਲ ਸ਼ੁਰੂਆਤ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਗੁਰੂ ਸਾਹਿਬ ਦੀ ਸ਼ਹੀਦੀ ਦੀ ਸਤਾਬਦੀ ਨੂੰ ਇਸ ਤਰ੍ਹਾਂ ਮਨਾਇਆ ਗਿਆ ਹੋਵੇ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੀਨਗਰ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਨੂੰ ਲੈ ਕੇ ਉੱਠੇ ਵਿਵਾਦ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਬਨਿਟ ਮੰਤਰੀ ਹਰਜੋਤ ਸਿੰਘ ਤੇ ਪੰਜਾਬ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਤਲਬ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਤੇ ਪੰਜਾਬ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ 1 ਅਗਸਤ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਹਾਜ਼ਰ ਹੋ ਕੇ ਆਪਣਾ ਪੱਖ ਰੱਖਣ ਲਈ ਆਦੇਸ਼ ਦਿੱਤਾ ਹੈ।
ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ
ਜਥੇਦਾਰ ਗੜਗੱਜ ਨੇ ਕਿਹਾ ਕਿ ਪ੍ਰੋਗਰਾਮ ਦੌਰਾਨ ਹੋਏ ਨਾਚ-ਗਾਣਿਆਂ ਤੇ ਮਨੋਰੰਜਕ ਅੰਦਾਜ਼ ਨਾਲ ਸ਼ੁਰੂਆਤ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਗੁਰੂ ਸਾਹਿਬ ਦੀ ਸ਼ਹੀਦੀ ਦੀ ਸਤਾਬਦੀ ਨੂੰ ਇਸ ਤਰ੍ਹਾਂ ਮਨਾਇਆ ਗਿਆ ਹੋਵੇ।
ਜਥੇਦਾਰ ਨੇ ਦੱਸਿਆ ਕਿ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਕੋਈ ਸਪੱਸ਼ਟ ਸਟੈਂਡ ਲਿਆ ਗਿਆ ਹੈ ਤੇ ਨਾ ਹੀ ਸਿੱਖ ਲੋਕਾਂ ਦੀਆਂ ਭਾਵਨਾਵਾਂ ਲਈ ਖਿਮਾ ਜਾਚਨਾ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਅਹੁਦਿਆਂ ‘ਤੇ ਬੈਠੇ ਲੋਕਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਸਮਾਜਕ ਜ਼ਿੰਮੇਵਾਰੀ ਨਿਭਾਉਣਗੇ।
ਗਾਇਕ ਬੀਰ ਸਿੰਘ ਦਾ ਵੀ ਜ਼ਿਕਰ
ਇਸ ਮਾਮਲੇ ‘ਚ ਗਾਇਕ ਬੀਰ ਸਿੰਘ ਵਿਰੁੱਧ ਵੀ ਸ਼ਿਕਾਇਤਾਂ ਮਿਲੀਆਂ ਸਨ। ਉਨ੍ਹਾਂ ਨੇ ਪਿਛਲੇ ਦਿਨੀਂ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਆਪਣਾ ਪੱਖ ਰੱਖਿਆ ਅਤੇ ਖਿਮਾ ਜਾਚਨਾ ਕੀਤੀ। ਇਹ ਮਾਮਲਾ ਵੀ 1 ਅਗਸਤ ਨੂੰ ਹੋਣ ਵਾਲੀ ਇਕੱਤਰਤਾ ‘ਚ ਵਿਚਾਰ ਅਧੀਨ ਲਿਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਸਬੰਧੀ ਪੱਤਰ ਜਾਰੀ ਕਰ ਦਿੱਤੇ ਗਏ ਹਨ।
