ਧਾਮੀ ਨੇ ਮੁੜ ਪ੍ਰਧਾਨ ਬਣਨ ਮਗਰੋਂ ਗਿਣਾਈਆਂ ਤਰਜੀਹਾਂ, ਧਾਮੀ ਨੇ ਦੱਸਿਆ SGPC ਦਾ ਅਗਲਾ ਪਲਾਨ

Updated On: 

20 Nov 2026 14:48 PM IST

ਧਾਮੀ ਨੇ ਦੱਸਿਆ ਕਿ ਉਨ੍ਹਾਂ ਦੇ ਨਾਲ ਸਰਦਾਰ ਰਘੁਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਖਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਤੇ ਗੁਰਪ੍ਰੀਤ ਸਿੰਘ ਝੱਬਰ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਇਸ ਤੋਂ ਇਲਾਵਾ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਵੀ ਚੋਣ ਕੀਤੀ ਗਈ ਹੈ।

ਧਾਮੀ ਨੇ ਮੁੜ ਪ੍ਰਧਾਨ ਬਣਨ ਮਗਰੋਂ ਗਿਣਾਈਆਂ ਤਰਜੀਹਾਂ, ਧਾਮੀ ਨੇ ਦੱਸਿਆ SGPC ਦਾ ਅਗਲਾ ਪਲਾਨ

ਧਾਮੀ ਨੇ ਮੁੜ ਪ੍ਰਧਾਨ ਬਣਨ ਮਗਰੋਂ ਗਿਣਾਈਆਂ ਤਰਜੀਹਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਵਜੋਂ ਮੁੜ ਸਰਬਸੰਮਤੀ ਨਾਲ ਚੁਣੇ ਜਾਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀਆਂ ਆਉਣ ਵਾਲੀਆਂ ਤਰਜੀਹਾਂ ਤੇ ਸੰਸਥਾ ਦੀਆਂ ਯੋਜਨਾਵਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਜਦੋਂ ਸੰਗਤ ਤੇ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਸੇਵਾ ਦੀ ਜ਼ਿੰਮੇਵਾਰੀ ਸੌਂਪੀ ਜਾਂਦੀ ਹੈ ਤਾਂ ਇਹ ਜ਼ਿੰਮੇਵਾਰੀ ਹੋਰ ਵੀ ਵਧ ਜਾਂਦੀ ਹੈ। ਉਨ੍ਹਾਂ ਇਸ ਸੇਵਾ ਲਈ ਗੁਰੂ ਸਾਹਿਬ, ਸਮੂਹ ਐਸਜੀਪੀਸੀ ਮੈਂਬਰਾਂ ਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਧਾਮੀ ਨੇ ਦੱਸਿਆ ਕਿ ਉਨ੍ਹਾਂ ਦੇ ਨਾਲ ਸਰਦਾਰ ਰਘੁਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਖਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਤੇ ਗੁਰਪ੍ਰੀਤ ਸਿੰਘ ਝੱਬਰ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਇਸ ਤੋਂ ਇਲਾਵਾ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਵੀ ਚੋਣ ਕੀਤੀ ਗਈ ਹੈ।

2027 ਦੀਆਂ ਚੋਣਾਂ ਨੂੰ ਦੇਖਦਿਆਂ ਆਉਣ ਵਾਲਾ ਸਮਾਂ ਚੁਣੌਤੀਪੂਰਨ

ਐਡਵੋਕੇਟ ਧਾਮੀ ਨੇ ਕਿਹਾ ਕਿ ਆਉਣ ਵਾਲਾ ਸਮਾਂ ਕਈ ਚੁਣੌਤੀਆਂ ਨਾਲ ਭਰਿਆ ਹੋਵੇਗਾ, ਕਿਉਂਕਿ ਸਾਲ 2027 ‘ਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵੀ ਹੋਣੀਆਂ ਹਨ। ਉਨ੍ਹਾਂ ਦੱਸਿਆ ਕਿ ਐਸਜੀਪੀਸੀ ਵੱਲੋਂ ਧਾਰਮਿਕ ਸੇਵਾਵਾਂ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ‘ਚ ਵੀ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉੱਚ ਅਹੁਦਿਆਂ ਲਈ ਤਿਆਰ ਕਰਨ ਵਾਸਤੇ ਆਈਏਐਸ, ਆਈਪੀਐਸ ਤੇ ਜੁਡੀਸ਼ੀਅਲ ਅਕੈਡਮੀਆਂ ਰਾਹੀਂ ਸਿਖਲਾਈ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਵਿਦੇਸ਼ਾਂ ‘ਚ ਵੀ ਸੇਵਾ ਕੇਂਦਰਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਅਮਰੀਕਾ ਦੇ ਯੂਬਾ ਸਿਟੀ ਤੇ ਇੰਗਲੈਂਡ ‘ਚ ਸੇਵਾ ਕੇਂਦਰਾਂ ਅਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਪ੍ਰਬੰਧਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

ਭਗਤ ਰਵਿਦਾਸ ਜੀ ਦੀ 650ਵੀਂ ਸ਼ਤਾਬਦੀ ਮਨਾਉਣ ਦੀ ਯੋਜਨਾ

ਧਾਮੀ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਨਗਰ ਕੀਰਤਨ ਕੱਢਣ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਦੀ ਯੋਜਨਾ ਹੈ। ਇਸ ਤੋਂ ਇਲਾਵਾ ਭਗਤ ਰਵਿਦਾਸ ਜੀ ਦੀ 650 ਸਾਲਾ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਤੇ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ।

ਵਾਇਰਲ ਵੀਡੀਓਜ਼ ਦੀ ਜਾਂਚ ਲਈ ਬਣਾਈ ਜਾਵੇਗੀ ਕਮੇਟੀ

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਤੇ ਐਸਜੀਪੀਸੀ ਦੇ ਕੰਮਕਾਜ ਨੂੰ ਲੈ ਕੇ ਲੱਗ ਰਹੇ ਇਲਜ਼ਾਮਾਂ ਬਾਰੇ ਗੱਲ ਕਰਦਿਆਂ ਧਾਮੀ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਕਮੇਟੀ ਬਣਾਈ ਜਾ ਰਹੀ ਹੈ, ਤਾਂ ਜੋ ਅਸਲੀਅਤ ਸਾਹਮਣੇ ਲਿਆਂਦੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਜਾਂ ਗੋਲਕ ਦੀ ਚੋਰੀ ਨਾਲ ਸਬੰਧਤ ਕਿਸੇ ਵੀ ਮਾਮਲੇ ‘ਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਬੇਅਦਬੀ ਦੇ ਮਾਮਲਿਆਂ ਬਾਰੇ ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਦੇ ਆਦੇਸ਼ਾਂ ਅਨੁਸਾਰ ਇਸ ਮੁੱਦੇ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪੰਥਕ ਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਮਤੇ ਵੀ ਲਿਆਂਦੇ ਗਏ ਹਨ, ਜਿਨ੍ਹਾਂ ‘ਚ ਨਸ਼ਿਆਂ ਦੀ ਸਮੱਸਿਆ, ਐਸਜੀਪੀਸੀ ਦੀਆਂ ਆਮ ਚੋਣਾਂ, ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ੇ, ਪੰਜਾਬੀ ਭਾਸ਼ਾ ਤੇ ਚੰਡੀਗੜ੍ਹ ਵਰਗੇ ਮੁੱਦੇ ਸ਼ਾਮਲ ਹਨ।

ਪੰਥ ਨੇ ਮੁੜ ਅਕਾਲੀ ਦਲ ‘ਤੇ ਭਰੋਸਾ ਜਤਾਇਆ: ਡਾ. ਦਲਜੀਤ ਸਿੰਘ ਚੀਮਾ

ਦੂਜੇ ਪਾਸੇ, ਐਸਜੀਪੀਸੀ ਦੀ ਨਵੀਂ ਟੀਮ ਦੀ ਸਰਬਸੰਮਤੀ ਨਾਲ ਹੋਈ ਚੋਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਖੁਸ਼ੀ ਪ੍ਰਗਟਾਈ। ਉਨ੍ਹਾਂ ਸਮੂਹ ਹਾਊਸ ਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਚੋਣ ਗੁਰੂ ਰਾਮਦਾਸ ਜੀ ਦੀ ਬਖਸ਼ਿਸ਼ ਤੇ ਪੰਥ ਵੱਲੋਂ ਸ਼੍ਰੋਮਣੀ ਅਕਾਲੀ ਦਲ’ਚ ਮੁੜ ਜਤਾਏ ਗਏ ਭਰੋਸੇ ਦਾ ਪ੍ਰਤੀਕ ਹੈ।

ਡਾ. ਚੀਮਾ ਨੇ ਕਿਹਾ ਕਿ ਜਿਹੜੇ ਲੋਕ ਅਕਾਲੀ ਦਲ ਦੇ ਪੰਥਕ ਸਫ਼ਾਂ ‘ਚ ਕਮਜ਼ੋਰ ਹੋਣ ਦੀ ਗੱਲ ਕਰ ਰਹੇ ਸਨ, ਉਨ੍ਹਾਂ ਨੂੰ ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਈ ਸਰਬਸੰਮਤੀ ਵਾਲੀ ਚੋਣ ਨੇ ਜਵਾਬ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਪਾਰਟੀ ਵੱਲੋਂ ਨਵੀਂ ਚੁਣੀ ਟੀਮ ਨੂੰ ਵਧਾਈ ਦਿੱਤੀ।

ਐਸਜੀਪੀਸੀ ਦੀਆਂ ਆਮ ਚੋਣਾਂ ਲਈ ਸਰਕਾਰ ਜ਼ਿੰਮੇਵਾਰ: ਚੀਮਾ

ਐਸਜੀਪੀਸੀ ਦੀਆਂ ਆਮ ਚੋਣਾਂ ‘ਚ ਹੋ ਰਹੀ ਦੇਰੀ ਬਾਰੇ ਡਾ. ਚੀਮਾ ਨੇ ਕਿਹਾ ਕਿ ਵੋਟਾਂ ਬਣਾਉਣ ਅਤੇ ਚੋਣ ਕਮਿਸ਼ਨ ਦੀ ਨਿਯੁਕਤੀ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਮੇਂ ਸਿਰ ਚੋਣਾਂ ਕਰਵਾਉਣ ਦੇ ਹੱਕ ‘ਚ ਰਿਹਾ ਹੈ। ਉਨ੍ਹਾਂ ਉਮੀਦ ਜਤਾਈ ਕਿ ਐਸਜੀਪੀਸੀ ਦੀ ਇਸ ਸਰਬਸੰਮਤੀ ਵਾਲੀ ਚੋਣ ਨਾਲ ਪਾਰਟੀ ਨੂੰ ਨਵੀਂ ਤਾਕਤ ਮਿਲੇਗੀ ਤੇ ਇਹ ਇਕਜੁੱਟਤਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਵੀ ਪਾਰਟੀ ਦੀ ਜਿੱਤ ਦਾ ਰਾਹ ਪੱਧਰਾ ਕਰੇਗੀ।

Loading...
Unable to load recommendations.
Follow Us