ਹੁਣ ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ! ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਮ੍ਰਿਤਸਰ ‘ਚ ਕੀਤਾ ਵੱਡਾ ਐਲਾਨ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਬਣਾਏ ਜਾ ਰਹੇ ਸਿਹਤ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣਾਏ ਜਾ ਰਹੇ ਸਿਹਤ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ
ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਹਰ ਵਸਨੀਕ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣ ਲਈ ਵੱਧ ਤੋਂ ਵੱਧ ਕਾਰਡ ਬਣਾਏ ਜਾਣ। ਉਨ੍ਹਾਂ ਕਿਹਾ ਕਿ ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕੈਂਪਾਂ ਦੀ ਗਿਣਤੀ ਵਧਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਨਿੱਜੀ ਤੌਰ ‘ਤੇ ਜਾ ਕੇ ਕੰਮ ਦੀ ਨਿਗਰਾਨੀ ਕਰਨ ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ।
10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ 9 ਲੱਖ ਕਾਰਡ ਬਣ ਚੁੱਕੇ ਹਨ ਅਤੇ ਉਮੀਦ ਹੈ ਕਿ ਸੋਮਵਾਰ ਤੱਕ ਇਹ ਅੰਕੜਾ 10 ਲੱਖ ਨੂੰ ਪਾਰ ਕਰ ਜਾਵੇਗਾ। ਇਸ ਯੋਜਨਾ ਦਾ ਮੁੱਖ ਉਦੇਸ਼ ਮੈਡੀਕਲ ਐਮਰਜੈਂਸੀ ਦੌਰਾਨ ਆਮ ਪਰਿਵਾਰਾਂ ‘ਤੇ ਪੈਣ ਵਾਲੇ ਵਿੱਤੀ ਬੋਝ ਨੂੰ ਖ਼ਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ 600 ਨਿੱਜੀ ਹਸਪਤਾਲਾਂ ਨੂੰ ਵੀ ਇਸ ਯੋਜਨਾ ਤਹਿਤ ਸੂਚੀਬੱਧ ਕੀਤਾ ਗਿਆ ਹੈ।
ਵਿਰੋਧੀ ਪਾਰਟੀਆਂ ਦੀਆਂ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ
ਸਿਹਤ ਮੰਤਰੀ ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਜਾਣਬੁੱਝ ਕੇ ਇਸ ਯੋਜਨਾ ਬਾਰੇ ਭਰਮ ਫੈਲਾ ਰਹੇ ਹਨ। ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਅਫ਼ਵਾਹਾਂ ਵਿੱਚ ਨਾ ਆਉਣ। ਡਾ. ਬਲਬੀਰ ਸਿੰਘ ਨੇ ਕਿਹਾ, “ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਗਰੰਟੀ ਹੈ ਕਿ ਹਰ ਯੋਗ ਪਰਿਵਾਰ ਨੂੰ 10 ਲੱਖ ਰੁਪਏ ਦਾ ਮੈਡੀਕਲ ਕਵਰ ਮਿਲੇਗਾ। ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਬਚਿਆ, ਇਸ ਲਈ ਉਹ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।”
ਨਕਲੀ ਸਿਹਤ ਮੰਤਰੀ ਗ੍ਰਿਫ਼ਤਾਰ
ਪ੍ਰੈੱਸ ਕਾਨਫਰੰਸ ਦੌਰਾਨ ਸਿਹਤ ਮੰਤਰੀ ਨੇ ਇੱਕ ਹੈਰਾਨੀਜਨਕ ਖੁਲਾਸਾ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਨੇ ਇੱਕ ਅਜਿਹੇ ਨੌਸਰਬਾਜ਼ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਨਕਲੀ ਸਿਹਤ ਮੰਤਰੀ ਬਣ ਕੇ ਇੱਕ ਡਾਕਟਰ ਨੂੰ ਫ਼ਰਜ਼ੀ ਕਾਲ ਕਰ ਰਿਹਾ ਸੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਜੇਲ੍ਹ ਭੇਜ ਦਿੱਤਾ ਹੈ। ਡਾ. ਬਲਬੀਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਅਜਿਹੇ ਠੱਗ ਕਿਸਮ ਦੇ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ
ਮੀਟਿੰਗ ਦੌਰਾਨ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸੂਚੀਬੱਧ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਅਤੇ ਇਲਾਜ ਸੇਵਾਵਾਂ ਨੂੰ ਨਿਰਵਿਘਨ ਯਕੀਨੀ ਬਣਾਉਣ ਅਤੇ ਇਸ ਕੰਮ ਲਈ ਆਸ਼ਾ ਵਰਕਰਾਂ, ਸੀ.ਐਸ.ਸੀ. ਅਤੇ ਪੀ.ਆਰ.ਆਈ. ਨੁਮਾਇੰਦਿਆਂ ਨਾਲ ਬਿਹਤਰ ਤਾਲਮੇਲ ਸਥਾਪਿਤ ਕਰਨ।


