Road Name Change: ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਮ ‘ਤੇ ਹੋਵੇਗਾ ਦਸੂਹਾ-ਹੁਸ਼ਿਆਰਪੁਰ ਮਾਰਗ
ਮੁੱਖ ਮੰਤਰੀ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਮੌਕੇ ਕੀਤਾ ਅਹਿਮ ਐਲਾਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ ਦੀ ਤਰੱਕੀ ਲਈ 70 ਵਰ੍ਹਿਆਂ ਦੀ ਉਡੀਕ ਖਤਮ ਹੋ ਗਈ ਹੈ। ਭਗਵੰਤ ਮਾਨ ਨੇ ਰਾਮਗੜ੍ਹੀਆ ਭਾਈਚਾਰੇ ਨੂੰ ਖੁਸ਼ਹਾਲੀ ਤੇ ਤਰੱਕੀ ਦਾ ਪ੍ਰਤੀਕ ਦੱਸਿਆ।
ਹੁਸ਼ਿਆੜਪੁਰ। ਮੁੱਖ ਮੰਤਰੀ ਨੇ ਮਹਾਨ ਯੋਧੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸੂਰਬੀਰਾਂ ਦੀ ਬਹਾਦਰੀ ਨੇ ਸਾਨੂੰ ਦੇਸ਼ ਲਈ ਹਮੇਸ਼ਾ ਨਿਰਸਵਾਰਥ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ ਹੈ। ਸੂਬੇ ਦੇ ਅਮੀਰ ਵਿਰਸੇ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ (Chief Minister Bhagwant Mann) ਨੇ ਦਸੂਹਾ-ਹੁਸ਼ਿਆਰਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ਤੇ ਰੱਖਣ ਦਾ ਐਲਾਨ ਕੀਤਾ।
ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਸਰਦਾਰ ਜੱਸਾ ਸਿੰਘ ਵਰਗੇ ਯੋਧਿਆਂ ਨੇ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ ਉਤੇ ਪਹਿਰਾ ਦਿੱਤਾ।
ਪੰਜਾਬ ਦੀ ਵਿਰਾਸਤ ਸਭ ਤੋਂ ਅਮੀਰ-ਮਾਨ
ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਅਜਿਹੀ ਸ਼ਾਨਦਾਰ ਵਿਰਾਸਤ ਦੇ ਵਾਰਸ ਹਾਂ, ਜਿਸ ਦੀ ਦੁਨੀਆਂ ਵਿੱਚ ਕੋਈ ਮਿਸਾਲ ਨਹੀਂ ਮਿਲਦੀ। ਪੰਜਾਬ ਨੂੰ ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ਵਿੱਚ ਮਾਡਲ ਸੂਬੇ ਵਜੋਂ ਵਿਕਸਤ ਕਰਨ ਲਈ ਆਪਣੀ ਸਰਕਾਰ ਦੇ ਦ੍ਰਿੜ ਸੰਕਲਪ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ ਵਾਸੀਆਂ ਦੇ ਸੁਪਨੇ ਸਾਕਾਰ ਕਰਨ ਲਈ ਲੋਕਾਂ ਦੀ ਲੰਮੀ ਉਡੀਕ ਪੂਰੀ ਹੋਈ ਹੈ।
ਗੁਰੂਆਂ ਪੀਰਾਂ ਦੀ ਧਰਤੀ ਹੈ ਪੰਜਾਬ-ਸੀਐੱਮ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਤੇ ਪੈਗੰਬਰਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹਨ ਜਿਨ੍ਹਾਂ ਨੇ ਵਿਸ਼ਵ ਭਰ ਵਿੱਚ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਸ ਅਥਾਹ ਸਮਰੱਥਾ ਦੀ ਵਰਤੋਂ ਕਰਕੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਅਤੇ ਇਸ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਇਸ ਸਮਰੱਥਾ ਦਾ ਵੱਧ ਤੋਂ ਵੱਧ ਲਾਹਾ ਚੁੱਕਣ ਲਈ ਵਚਨਬੱਧ ਹੈ।
‘ਮੋਹਰੀ ਹੋ ਕੇ ਲੜੀ ਹੈ ਪੰਜਾਬ ਨੇ ਹਰ ਲੜਾਈ’
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਹਰ ਲੜਾਈ ਵਿੱਚ ਮੋਹਰੀ ਰਹੇ ਹਨ, ਜਿਸ ਕਾਰਨ ਸੂਬੇ ਨੂੰ ਦੇਸ਼ ਦੀ ਖੜਗਭੁਜਾ ਵਜੋਂ ਜਾਣਿਆ ਜਾਂਦਾ ਹੈ। ਸੂਬੇ ਵਿੱਚ ਬੇਰੋਜ਼ਗਾਰੀ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਧਰਤੀ ਤੇ ਬੇਰੋਜ਼ਗਾਰੀ ਖ਼ਿਲਾਫ਼ ਲੜਾਈ ਸ਼ੁਰੂ ਕੀਤੀ ਗਈ ਹੈ ਕਿਉਂਕਿ ਹੁਣ ਤੱਕ ਪਾਰਦਰਸ਼ੀ ਢੰਗ ਨਾਲ 29 ਹਜ਼ਾਰ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ
‘ਭ੍ਰਿਸ਼ਟ ਆਗੂਆਂ ਤੋਂ ਵਸੂਲਿਆਂ ਜਾਵੇਗਾ ਪੈਸਾ ਪੈਸਾ’
ਭ੍ਰਿਸ਼ਟ ਨੇਤਾਵਾਂ ਵਿਰੁੱਧ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ ਅਤੇ ਇਸ ਪੈਸੇ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੈਕਸ ਦਾਤਾਵਾਂ ਦੇ ਪੈਸੇ ਦੀ ਲੁੱਟ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟ ਨੇਤਾਵਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਅਤੇ ਹੋਰਾਂ ਨੂੰ ਅਜਿਹੀ ਸਜ਼ਾ ਭੁਗਤਣੀ ਪਵੇਗੀ।
‘ਜੱਸਾ ਸਿੰਘ ਰਾਮਗੜ੍ਹੀਆਂ ਨੇ ਲੜੀਆਂ 11 ਲੜਾਈਆਂ’
ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਾਦਰ ਨਾਇਕ ਨੇ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ 11 ਲੜਾਈਆਂ ਲੜੀਆਂ ਸਨ। ਉਨ੍ਹਾਂ ਕਿਹਾ ਕਿ ਇਸ ਮਹਾਨ ਨਾਇਕ ਦੇ ਰਾਹ ‘ਤੇ ਚੱਲਦਿਆਂ ਸੂਬਾ ਸਰਕਾਰ ਨੇ ਵੀ ਭ੍ਰਿਸ਼ਟਾਚਾਰ ਵਿਰੁੱਧ ਜੰਗ ਛੇੜੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਲਿਪਤ ਕਈ ਨੇਤਾਵਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੱਤਾਧਾਰੀ ਪਾਰਟੀ ਨਾਲ ਸਬੰਧਤ ਕੋਈ ਆਗੂ ਵੀ ਭ੍ਰਿਸ਼ਟਾਚਾਰ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।