ਪੰਜਾਬ ‘ਚ ਝੋਨੇ ਦੀ ਪੈਦਾਵਾਰ ਕਿਵੇਂ ਵਧੀ? ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ ਜਾਣਕਾਰੀ
ਪੰਜਾਬ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਾੜੀ ਦੇ ਸੀਜ਼ਨ 2024-25 ਲਈ ਪੰਜਾਬ ਵਿੱਚ ਮੌਜੂਦਾ ਸਮੇਂ ਵਿੱਚ ਕੁੱਲ 4.20 ਲੱਖ ਮੀਟ੍ਰਿਕ ਟਨ ਡਾਇਮੋਨੀਅਮ ਫਾਸਫੇਟ (ਡੀਏਪੀ) ਅਤੇ 0.55 ਲੱਖ ਮੀਟ੍ਰਿਕ ਟਨ ਹੋਰ ਫਾਸਫੇਟਿਕ ਖਾਦ ਉਪਲਬਧ ਹੈ। ਇਸ ਸੀਜ਼ਨ ਲਈ ਕੁੱਲ 4.82 ਲੱਖ ਮੀਟ੍ਰਿਕ ਟਨ ਡੀਏਪੀ ਦੀ ਲੋੜ ਹੈ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਰਵਾਏ ਗਏ ਫਸਲੀ ਕਟਾਈ ਤਜਰਬੇ (ਸੀਸੀਈ) ਮੁਤਾਬਕ ਇਸ ਸਾਲ ਝੋਨੇ ਦੇ ਪ੍ਰਤੀ ਹੈਕਟੇਅਰ ਝਾੜ ਵਿੱਚ 1.4 ਕੁਇੰਟਲ ਦਾ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਸੀਜ਼ਨ 2024 ਲਈ ਕੁੱਲ 2174 ਸੀ.ਸੀ.ਈ. ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚੋਂ 1863 ਪ੍ਰਯੋਗਾਂ ਦੇ ਨਤੀਜੇ ਵਿੱਚ 6878 ਕਿਲੋਗ੍ਰਾਮ ਪ੍ਰਤੀ ਹੈਕਟੇਅਰ ਉਤਪਾਦਨ ਸਾਹਮਣੇ ਆਇਆ ਹੈ, ਜਦੋਂ ਕਿ 2023 ਵਿੱਚ ਇਹ ਅੰਕੜਾ 6740 ਕਿਲੋਗ੍ਰਾਮ ਸੀ।
ਇਨ੍ਹਾਂ ਅੰਕੜਿਆਂ ਵਿੱਚ ਝੋਨੇ ਦੀਆਂ ਗੈਰ-ਬਾਸਮਤੀ ਅਤੇ ਬਾਸਮਤੀ ਦੋਵੇਂ ਕਿਸਮਾਂ ਸ਼ਾਮਲ ਹਨ। ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 97 ਫੀਸਦੀ ਝੋਨੇ ਦੀ ਕਟਾਈ ਮੁਕੰਮਲ ਹੋ ਚੁੱਕੀ ਹੈ।
ਪੰਜਾਬ ਵਿੱਚ ਚੱਲ ਰਹੀ ਕਣਕ ਦੀ ਬਿਜਾਈ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ 35 ਲੱਖ ਹੈਕਟੇਅਰ ਦੇ ਮਿੱਥੇ ਟੀਚੇ ਵਿੱਚੋਂ ਹੁਣ ਤੱਕ 27 ਲੱਖ ਹੈਕਟੇਅਰ ਰਕਬੇ ਵਿੱਚ ਬਿਜਾਈ ਹੋ ਚੁੱਕੀ ਹੈ, ਜਿਸ ਕਾਰਨ 77 ਫੀਸਦੀ ਟੀਚਾ ਹਾਸਲ ਕਰ ਲਿਆ ਗਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਸੂਬੇ ਵਿੱਚ ਬਿਜਾਈ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਬਾਕੀ ਰਹਿੰਦੇ ਰਕਬੇ ਵਿੱਚ ਵੀ ਇਸ ਮਹੀਨੇ ਦੇ ਅੰਤ ਤੱਕ ਬਿਜਾਈ ਮੁਕੰਮਲ ਹੋਣ ਦੀ ਉਮੀਦ ਹੈ।
ਹਾੜੀ ਸੀਜ਼ਨ 2024-25 ਲਈ ਪ੍ਰਬੰਧ
ਖਾਦਾਂ ਦੀ ਮੌਜੂਦਾ ਸਥਿਤੀ ‘ਤੇ ਚਾਨਣਾ ਪਾਉਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਾੜੀ ਦੇ ਸੀਜ਼ਨ 2024-25 ਲਈ ਪੰਜਾਬ ਵਿੱਚ ਮੌਜੂਦਾ ਸਮੇਂ ਵਿੱਚ ਕੁੱਲ 4.20 ਲੱਖ ਮੀਟ੍ਰਿਕ ਟਨ ਡਾਇਮੋਨੀਅਮ ਫਾਸਫੇਟ (ਡੀਏਪੀ) ਅਤੇ 0.55 ਲੱਖ ਮੀਟ੍ਰਿਕ ਟਨ ਹੋਰ ਫਾਸਫੇਟਿਕ ਖਾਦਾਂ ਉਪਲਬਧ ਹਨ। ਇਸ ਸੀਜ਼ਨ ਲਈ ਕੁੱਲ 4.82 ਲੱਖ ਮੀਟ੍ਰਿਕ ਟਨ ਡੀਏਪੀ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਇਸ ਹਿਸਾਬ ਨਾਲ ਸੂਬੇ ਵਿੱਚ ਲਗਭਗ 99 ਫੀਸਦੀ ਡੀ.ਏ.ਪੀ ਅਤੇ ਹੋਰ ਫਾਸਫੇਟਿਕ ਖਾਦਾਂ ਉਪਲਬਧ ਹਨ, ਜੋ ਇਹ ਯਕੀਨੀ ਬਣਾਉਂਦੀਆਂ ਹਨ ਕਿ ਸਾਡੇ ਕਿਸਾਨਾਂ ਕੋਲ ਫਸਲਾਂ ਦੇ ਵੱਧ ਉਤਪਾਦਨ ਲਈ ਲੋੜੀਂਦੇ ਸਰੋਤ ਹਨ। ਪੰਜਾਬ ਨੂੰ ਅਗਲੇ 3-4 ਦਿਨਾਂ ਵਿੱਚ 10,000 ਮੀਟਰਕ ਟਨ ਹੋਰ ਡੀਏਪੀ ਆਉਣ ਦੀ ਉਮੀਦ ਹੈ, ਜਦੋਂ ਕਿ 44,000 ਮੀਟਰਕ ਟਨ ਡੀਏਪੀ ਪਹਿਲਾਂ ਹੀ ਆਵਾਜਾਈ ਵਿੱਚ ਹੈ।
ਇਹ ਵੀ ਪੜ੍ਹੋ
CM ਭਗਵੰਤ ਮਾਨ ਦੀ ਨੀਤੀ ਕਾਰਗਰ – ਮੰਤਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਖ-ਵੱਖ ਪ੍ਰੋਗਰਾਮਾਂ ਅਤੇ ਪਹਿਲਕਦਮੀਆਂ ਰਾਹੀਂ ਕਿਸਾਨਾਂ ਦੀ ਮਦਦ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਵਿਭਾਗ ਵੱਲੋਂ ਸੂਬੇ ਵਿੱਚ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਖੇਤੀ ਉਤਪਾਦਕਤਾ ਵਧਾਉਣ ਅਤੇ ਕਿਸਾਨ ਵਰਗ ਦੀਆਂ ਲੋੜਾਂ ਨੂੰ ਪੂਰਾ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।