ਭਾਰਤੀ ਏਜੰਸੀਆਂ ‘ਤੇ ਲਾਏ ਦੋਸ਼ਾਂ ਦੀ ਸੱਚਾਈ ਇਮਾਨਦਾਰੀ ਨਾਲ ਲੋਕਾਂ ਸਾਹਮਣੇ ਪੇਸ਼ ਕਰਨ ਟਰੂਡੋ: SGPC
SGPC Meeting: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਬੈਠਕ ਵਿੱਚ ਭਾਰਤ ਅਤੇ ਕੈਨੇਡਾ ਵਿਚਾਲੇ ਵੱਧ ਰਹੇ ਵਿਵਾਦ ਤੇ ਡੁੰਘਾਈ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਸਿੱਖ ਭਾਈਚਾਰਾ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ ਅਤੇ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਰੱਖਦਾ। ਕੁਝ ਲੋਕ ਮੌਜੂਦਾ ਹਾਲਾਤ ਨੂੰ ਮੁਲਕਾਂ ਵਿਚ ਵੰਡੀਆਂ ਪਾਉਣ ਲਈ ਹਥਿਆਰ ਵਜੋਂ ਵਰਤ ਰਹੇ ਹਨ, ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ (justine Trudeau) ਵੱਲੋਂ ਦਿੱਤੇ ਗਏ ਬਿਆਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਚ ਚਰਚਾ ਕੀਤੀ ਗਈ। ਕਮੇਟੀ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਸੀਆਂ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਸਬੰਧੀ ਲਾਏ ਦੋਸ਼ਾਂ ਤੇ ਡੂੰਘੀ ਚਿੰਤਾ ਪ੍ਰਗਟਾਈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਵਿਸ਼ੇਸ਼ ਮਤਾ ਵੀ ਪਾਸ ਕੀਤਾ ਗਿਆ।
ਮਤੇ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਕਿਸੇ ਵੀ ਦੇਸ਼ ਦੀ ਸੰਸਦ ਵਿੱਚ ਦਿੱਤੇ ਬਿਆਨ ਨੂੰ ਆਮ ਨਹੀਂ ਮੰਨਿਆ ਜਾਂਦਾ। ਪ੍ਰਧਾਨ ਮੰਤਰੀ ਵੱਲੋਂ ਸੰਸਦ ਵਿੱਚ ਕਹੀ ਗਈ ਹਰ ਗੱਲ ਨੂੰ ਆਸਾਨੀ ਨਾਲ ਖਾਰਜ ਨਹੀਂ ਕੀਤਾ ਜਾ ਸਕਦਾ। ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤੀ ਏਜੰਸੀਆਂ ‘ਤੇ ਲਾਏ ਗਏ ਦੋਸ਼ਾਂ ਦੀ ਸੱਚਾਈ ਦੋਵਾਂ ਦੇਸ਼ਾਂ ਨੂੰ ਸਿਆਸਤ ਦੀ ਪਰਵਾਹ ਕੀਤੇ ਬਿਨਾਂ ਇਮਾਨਦਾਰੀ ਨਾਲ ਲੋਕਾਂ ਸਾਹਮਣੇ ਪੇਸ਼ ਕਰਨੀ ਚਾਹੀਦੀ ਹੈ।
ਮੀਟਿੰਗ ‘ਚ ਲਏ ਗਏ ਹੋਰ ਵੀ ਅਹਿਮ ਫੈਸਲੇ
ਇਸ ਵਿਸ਼ੇਸ਼ ਮਤੇ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਵੱਲੋਂ ਕਈ ਹੋਰ ਫੈਸਲੇ ਲੈਣ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਮਾਮਲੇ ਵੀ ਵਿਚਾਰੇ ਗਏ। ਇਕ ਮਤੇ ਵਿਚ ਜੂਨ 1984 ਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਏ ਫ਼ੌਜੀ ਹਮਲੇ ਸਮੇਂ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰਹੇ ਸਿੰਘਾਂ ਦੇ ਕੇਸਾਂ ਦੀ ਪੈਰਵੀ ਕਰਨ ਵਾਲੇ ਵਕੀਲਾਂ ਦੇ ਨਾਲ-ਨਾਲ ਇਸ ਵਿਚ ਸਹਾਇਤਾ ਕਰਨ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨ ਦਾ ਫੈਸਲਾ ਲਿਆ ਗਿਆ।
ਨਾਲ ਹੀ ਸਭ ਤੋਂ ਲੰਮੇ ਕੇਸ ਹੋਣ ਕਾਰਨ ਗਿੰਨੀਜ਼ ਬੁੱਕ ਆਫ਼ ਵਰਲਡ ਵਿਚ ਨਾਂਅ ਦਰਜ਼ ਕਰਵਾਉਣ ਵਾਲੇ ਨੋਇਡਾ ਉਤਰਪ੍ਰਦੇਸ਼ ਦੇ ਵਸਨੀਕ ਕਾਕਾ ਸਿਦਕਦੀਪ ਸਿੰਘ ਨੂੰ ਵੀ ਸਨਮਾਨਿਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।