ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਬਰਸਾਤ, ਦੋ ਦਿਨਾਂ ਤੱਕ ਛਾਏ ਰਹਿਣਗੇ ਬੱਦਲ, ਜਲੰਧਰ ਚ ਇੱਕ ਘਰ ਦੀ ਛੱਡ ਡਿੱਗੀ
ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਬਰਸਾਤ ਦੇ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਤੇ ਅੱਗੇ ਵੀ ਦੋ ਦਿਨਾਂ ਤੱਕ ਬੱਦਲਾਂ ਦੇ ਛਾਏ ਰਹਿਣ ਦੀ ਮੌਸਮ ਵਿਭਾਗ ਨੇ ਭਵਿੱਖਬਾਣੀ ਦਿੱਤੀ ਹੈ। ਪਰ ਜਲੰਧਰ ਤੋਂ ਇੱਕ ਮਾੜੀ ਖਬਰ ਸਾਹਮਣੇ ਆਈ ਹੈ ਇੱਥੇ ਬਰਸਾਤ ਕਾਰਨ ਇੱਕ ਘਰ ਦੀ ਛੱਤ ਡਿੱਗ ਪਈ ਹਾਲਾਂਕਿ ਇਸ ਘਟਨਾ 'ਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਪੰਜਾਬ ਨਿਊਜ। ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜ਼ਿਆਦਾਤਰ ਸ਼ਹਿਰਾਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਰਨਾਲਾ, ਸੰਗਰੂਰ, ਲੁਧਿਆਣਾ (Ludhiana) , ਮੋਗਾ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 2 ਘੰਟਿਆਂ ਤੱਕ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਦੌਰਾਨ ਪਏ ਮੀਂਹ ਕਾਰਨ ਜਲੰਧਰ ਦੇ ਫਿਲੌਰ ਵਿੱਚ ਇੱਕ ਬਜ਼ੁਰਗ ਵਿਧਵਾ ਔਰਤ ਦੇ ਘਰ ਦੀ ਛੱਤ ਡਿੱਗ ਗਈ। ਖੁਸ਼ਕਿਸਮਤੀ ਹੈ ਕਿ ਔਰਤ ਨੂੰ ਸਿਰਫ ਸੱਟਾਂ ਲੱਗੀਆਂ ਅਤੇ ਉਸਦੀ ਜਾਨ ਬਚ ਗਈ।
ਇਹ ਘਟਨਾ ਨੂਰ ਮਹਿਲ ਰੋਡ ਮੁਹੱਲਾ ਰਵਿਦਾਸਪੁਰਾ ਵਿੱਚ ਰਾਮਪਿਆਰੀ ਨਾਮ ਦੀ ਵਿਧਵਾ ਦੇ ਘਰ ਵਾਪਰੀ। ਬਜ਼ੁਰਗ ਔਰਤ ਦੀਆਂ ਚੀਕਾਂ ਸੁਣ ਕੇ ਪਿੰਡ ਦੇ ਲੋਕਾਂ ਨੇ ਉਸ ਨੂੰ ਘਰ ਦੇ ਮਲਬੇ ਹੇਠੋਂ ਬਾਹਰ ਕੱਢਿਆ। ਪੀੜਤ ਔਰਤ ਰਾਮਪਿਆਰੀ ਅਨੁਸਾਰ ਉਹ ਇਸ ਘਰ ਵਿੱਚ ਇਕੱਲੀ ਰਹਿੰਦੀ ਹੈ। ਉਸ ਦੀ ਕੋਈ ਔਲਾਦ ਨਹੀਂ ਹੈ ਅਤੇ ਉਸ ਦੇ ਪਤੀ ਦੀ ਕਈ ਸਾਲ ਪਹਿਲਾਂ ਮੌਤ ਹੋ ਗਈ ਸੀ। ਇਹ ਘਟਨਾ ਅਚਾਨਕ ਵਾਪਰੀ ਅਤੇ ਛੱਤ ਔਰਤ ‘ਤੇ ਡਿੱਗ ਗਈ। ਸਥਾਨਕ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਔਰਤ ਲਈ ਮਕਾਨ ਬਣਾਉਣ ਦੀ ਅਪੀਲ ਕੀਤੀ ਹੈ।
ਅਗਲੇ ਦੋ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ
ਪੰਜਾਬ (Punjab) ਵਿੱਚ ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਿਸ਼ ਹੋਵੇਗੀ। ਮੌਸਮ ਵਿਗਿਆਨੀਆਂ ਅਨੁਸਾਰ ਇਸ ਮੀਂਹ ਤੋਂ ਬਾਅਦ ਪੰਜਾਬ ਵਿੱਚ ਮੌਸਮ ਵਿੱਚ ਤਬਦੀਲੀ ਆਉਣੀ ਸ਼ੁਰੂ ਹੋ ਜਾਵੇਗੀ। ਹੁਣ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ। ਇੰਨਾ ਹੀ ਨਹੀਂ 20 ਸਤੰਬਰ ਨੂੰ ਛੱਡ ਕੇ 21 ਸਤੰਬਰ ਨੂੰ ਪੂਰੇ ਪੰਜਾਬ ‘ਚ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ।
ਜਾਣੋ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ (Amritsar) ਸ਼ਹਿਰ ਦਾ ਘੱਟੋ-ਘੱਟ ਤਾਪਮਾਨ 26.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਸ਼ਨੀਵਾਰ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਇਹ 33 ਡਿਗਰੀ ਦੇ ਆਸਪਾਸ ਰਹੇਗਾ।
ਜਲੰਧਰ— ਸ਼ਹਿਰ ਦਾ ਘੱਟੋ-ਘੱਟ ਤਾਪਮਾਨ 26 ਡਿਗਰੀ ਦੇ ਆਸ-ਪਾਸ ਰਿਹਾ। ਇੱਥੇ ਵੀ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ- ਸ਼ਹਿਰ ਦਾ ਘੱਟੋ-ਘੱਟ ਤਾਪਮਾਨ 25.9 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ ‘ਚ ਵੀ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।