Operation Amritpal: ਜਲੰਧਰ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਵੱਡਾ ਬਿਆਨ, ਅੰਮ੍ਰਿਤਪਾਲ ਸਿੰਘ ਭਗੌੜਾ ਐਲਾਨ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਮੈਗਾ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਦਰਅਸਲ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਭਗੌੜਾ ਐਲਾਨਿਆ ਹੋਇਆ ਹੈ। 'ਵਾਰਿਸ ਪੰਜਾਬ ਦੇ' 78 ਲੋਕਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਮੰਨਿਆ ਹੈ ਕਿ ਅੰਮ੍ਰਿਤਪਾਲ ਸਿੰਘ ਫਰਾਰ ਹੈ ਅਤੇ ਉਸ ਨੂੰ ਫੜਨ ਲਈ ਸਰਚ ਆਪਰੇਸ਼ਨ ਜਾਰੀ ਹੈ।
Operation Amritpal Singh:‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਗੌੜੇ ਹੋਣ ਦੇ ਕੁਝ ਸਮੇਂ ਬਾਅਦ ਜਲੰਧਰ ਦੇ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਪੁਸ਼ਟੀ ਕੀਤੀ। ਉਨ੍ਹਾਂ ਨੇ ਕਿਹਾ ਕਿ ਗਰਮ ਖਿਆਲੀ ਆਗੂ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ (Abscond) ਘੋਸ਼ਿਤ ਕਰ ਦਿੱਤਾ ਗਿਆ ਹੈ। ਉਸ ਦੀਆਂ ਦੋ ਕਾਰਾਂ ਜ਼ਬਤ ਕਰ ਲਈਆਂ ਗਈਆਂ ਹਨ ਅਤੇ ਬੰਦੂਕਧਾਰੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਕਮਿਸ਼ਨਰ ਚਾਹਲ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਉਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਮਾਮਲੇ ‘ਚ ਹੁਣ ਤੱਕ ਕਿੰਨੀਆਂ ਗ੍ਰਿਫਤਾਰੀਆਂ ?
ਇਸ ਮਾਮਲੇ ਵਿੱਚ ਹੁਣ ਤੱਕ ਜਥੇਬੰਦੀ ਦੇ ਕੁੱਲ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਹੋਰ ਤਲਾਸ਼ੀ ਅਤੇ ਛਾਪੇਮਾਰੀ ਜਾਰੀ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਅਨਸਰਾਂ ਦੇ ਖਿਲਾਫ ਸੂਬੇ ਵਿੱਚ ਇੱਕ ਵਿਸ਼ਾਲ ਘੇਰਾਬੰਦੀ ਅਤੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ, ਜਿਨ੍ਹਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ। ਅਪਰੇਸ਼ਨ ਦੌਰਾਨ ਹੁਣ ਤੱਕ ਕੁੱਲ 78 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਕਈਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ।
ਸੂਬੇ ਦੇ ਬਸ਼ਿੰਦੇ ਅਫਵਾਹਾਂ ਤੋਂ ਬਚ ਕੇ ਰਹਿਣ
ਜਲੰਧਰ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਅਪਰਾਧਿਕ ਅਪਰਾਧਾਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਕਾਨੂੰਨ ਅਨੁਸਾਰ ਨਿਪਟਿਆ ਜਾਵੇਗਾ ਅਤੇ ਪੁਲਿਸ ਨੂੰ ਲੋੜੀਂਦੇ ਸਾਰੇ ਵਿਅਕਤੀ ਆਪਣੇ ਆਪ ਨੂੰ ਕਾਨੂੰਨ ਦੀ ਪ੍ਰਕਿਰਿਆ ਲਈ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਕਾਨੂੰਨੀ ਬਚਾਅ ਦੇ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇਗੀ। ਇਸ ਦੌਰਾਨ ਪੁਲਿਸ ਨੇ ਸਾਰੇ ਨਾਗਰਿਕਾਂ ਨੂੰ ਫਰਜ਼ੀਖ਼ਬਰਾਂ ਅਤੇ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ।
ਪੰਜਾਬ ਅੰਦਰ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ
ਉਨ੍ਹਾ ਕਿਹਾ ਕਿ ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਸਥਿਰ ਹੈ। ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸ਼ਰਾਰਤੀ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਤੋਂ ਪਹਿਲਾਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਐਤਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ( Internet Services Suspended) ਵੀ ਬੰਦ ਕਰ ਦਿੱਤੀਆਂ ਗਈਆਂ ਸਨ ਜੋ ਹੁਣ ਸੋਮਵਾਰ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ 1000 ਲੋਕ ਪੰਜਾਬ ਦੀ ਨੁਮਾਇੰਦਗੀ ਨਹੀਂ ਕਰਦੇ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਸ਼ਾਂਤੀ ਭੰਗ ਕਰਨ ਲਈ ਅਜਿਹੀਆਂ ਜਥੇਬੰਦੀਆਂ ਨੂੰ ਪਾਕਿਸਤਾਨ ਦੁਆਰਾ ਫੰਡ ਦਿੱਤਾ ਜਾਂਦਾ ਹੈ।