ਜਲੰਧਰ ‘ਚ ਕ੍ਰਾਈਮ ਬ੍ਰਾਂਚ ਦੀ ਵੱਡੀ ਕਾਰਵਾਈ, ਅੱਧਾ ਕਿਲੋ ਹੈਰੋਇਨ ਤੇ 1 ਕਿਲੋ ਅਫ਼ੀਮ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ
ਜਲੰਧਰ ਕਮਿਸ਼ਨਰੇਟ ਪੁਲਿਸ ਦੀ ਕ੍ਰਾਈਮ ਬ੍ਰਾਂਚ ਟੀਮ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਫੜੇ ਗਏ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 500 ਗ੍ਰਾਮ ਹੈਰੋਇਨ ਅਤੇ 1 ਕਿਲੋ ਅਫ਼ੀਮ ਬਰਾਮਦ ਕੀਤੀ ਗਈ ਹੈ।
ਜਲੰਧਰ ਕਮਿਸ਼ਨਰੇਟ ਪੁਲਿਸ ਦੀ ਕ੍ਰਾਈਮ ਬ੍ਰਾਂਚ ਟੀਮ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਫੜੇ ਗਏ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 500 ਗ੍ਰਾਮ ਹੈਰੋਇਨ ਅਤੇ 1 ਕਿਲੋ ਅਫ਼ੀਮ ਬਰਾਮਦ ਕੀਤੀ ਗਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਨੀ ਪੁੱਤਰ ਨਿਵਾਸੀ ਰੋਜ਼ ਗਾਰਡਨ, ਪਿੰਡ ਨਾਹਲਾਂ ਅਤੇ ਭੁਪਿੰਦਰ ਸਿੰਘ ਉਰਫ਼ ਪ੍ਰੀਤ ਨਿਵਾਸੀ ਗੁਰੂ ਅਰਜਨ ਨਗਰ, ਜਲੰਧਰ ਵਜੋਂ ਹੋਈ ਹੈ।
ਐਸ.ਪੀ./ਏ.ਡੀ.ਸੀ.ਪੀ. (ADCP) ਜਯੰਤ ਪੁਰੀ ਨੇ ਮੀਡੀਆ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੀ ਵਿਸ਼ੇਸ਼ ਪੁਲਿਸ ਟੀਮ ਕਪੂਰਥਲਾ ਰੋਡ ‘ਤੇ ਸਥਿਤ ਵਰਿਆਣਾ ਮੋੜ ਤੋਂ ਲੈ ਕੇ ਲੈਦਰ ਕੰਪਲੈਕਸ ਅਤੇ ਬਸਤੀ ਬਾਵਾ ਖੇਲ ਦੇ ਇਲਾਕਿਆਂ ਵਿੱਚ ਰੂਟੀਨ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰ ਰਹੀ ਸੀ। ਇਸੇ ਦੌਰਾਨ ਜਦੋਂ ਪੁਲਿਸ ਪਾਰਟੀ ਸੰਤ ਨਿਰੰਕਾਰੀ ਭਵਨ ਦੇ ਨੇੜੇ ਪਹੁੰਚੀ, ਤਾਂ ਉੱਥੇ ਸੜਕ ਕਿਨਾਰੇ ਦੋ ਨੌਜਵਾਨ ਇੱਕ ਬਿਨਾਂ ਨੰਬਰ ਵਾਲੀ ਐਕਟਿਵਾ ਸਕੂਟਰੀ ਸਮੇਤ ਖੜ੍ਹੇ ਦਿਖਾਈ ਦਿੱਤੇ। ਪੁਲਿਸ ਟੀਮ ਨੂੰ ਉਨ੍ਹਾਂ ਦੀਆਂ ਹਰਕਤਾਂ ‘ਤੇ ਸ਼ੱਕ ਹੋਇਆ, ਜਿਸ ਤੋਂ ਬਾਅਦ ਮੁਸਤੈਦੀ ਦਿਖਾਉਂਦੇ ਹੋਏ ਪੁਲਿਸ ਨੇ ਉਨ੍ਹਾਂ ਨੂੰ ਘੇਰ ਕੇ ਰੋਕ ਲਿਆ ਅਤੇ ਪੁੱਛਗਿੱਛ ਸ਼ੁਰੂ ਕੀਤੀ।
ਤਲਾਸ਼ੀ ਦੌਰਾਨ ਬੈਗ ਵਿੱਚੋਂ ਮਿਲਿਆ ਨਸ਼ਾ
ਸ਼ੱਕ ਦੇ ਆਧਾਰ ‘ਤੇ ਜਦੋਂ ਪੁਲਿਸ ਮੁਲਾਜ਼ਮਾਂ ਵੱਲੋਂ ਕਾਨੂੰਨੀ ਪ੍ਰਕਿਰਿਆ ਤਹਿਤ ਦੋਵਾਂ ਨੌਜਵਾਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ, ਤਾਂ ਉਨ੍ਹਾਂ ਕੋਲ ਮੌਜੂਦ ਇੱਕ ਬੈਗ ਵਿੱਚੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਹੋਏ। ਪੁਲਿਸ ਮੁਤਾਬਕ ਤਲਾਸ਼ੀ ਦੌਰਾਨ ਬੈਗ ਵਿੱਚੋਂ 500 ਗ੍ਰਾਮ ਹੈਰੋਇਨ ਅਤੇ 1 ਕਿਲੋ ਅਫ਼ੀਮ ਦੀ ਖੇਪ ਬਰਾਮਦ ਕੀਤੀ ਗਈ। ਨਸ਼ੀਲੇ ਪਦਾਰਥਾਂ ਦੀ ਇਸ ਵੱਡੀ ਖੇਪ ਨੂੰ ਤੁਰੰਤ ਜ਼ਬਤ ਕਰਦਿਆਂ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ।
ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ
ਇਸ ਵੱਡੀ ਬਰਾਮਦਗੀ ਤੋਂ ਬਾਅਦ ਜਲੰਧਰ ਦੀ ਕ੍ਰਾਈਮ ਬ੍ਰਾਂਚ ਵੱਲੋਂ ਮੁਲਜ਼ਮ ਹਨੀ ਅਤੇ ਭੁਪਿੰਦਰ ਸਿੰਘ ਉਰਫ਼ ਪ੍ਰੀਤ ਦੇ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਵਿਖੇ ਐਨ.ਡੀ.ਪੀ.ਐਸ. ਐਕਟ (NDPS Act) ਦੀਆਂ ਗੰਭੀਰ ਧਾਰਾਵਾਂ ਤਹਿਤ ਅਧਿਕਾਰਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਸਾਹਿਬ ਨੇ ਪੁਲਿਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮਾਂ ਦਾ 2 ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ ਹੈ।
ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਖੰਗਾਲੇਗੀ ਪੁਲਿਸ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਰਿਮਾਂਡ ਦੌਰਾਨ ਦੋਵਾਂ ਨਸ਼ਾ ਤਸਕਰਾਂ ਕੋਲੋਂ ਬੇਹੱਦ ਡੂੰਘਾਈ ਅਤੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਟੀਮ ਮੁੱਖ ਤੌਰ ‘ਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਨਸ਼ੇ ਦੀ ਇਹ ਇੰਨੀ ਵੱਡੀ ਖੇਪ ਉਹ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਜਲੰਧਰ ਜਾਂ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਇਹ ਸਪਲਾਈ ਕਿਸ ਨੂੰ ਦਿੱਤੀ ਜਾਣੀ ਸੀ। ਇਸ ਦੇ ਨਾਲ ਹੀ ਪੁਲਿਸ ਉਨ੍ਹਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਅਤੇ ਸਬੰਧਾਂ ਨੂੰ ਵੀ ਖੰਗਾਲ ਰਹੀ ਹੈ ਤਾਂ ਜੋ ਇਸ ਨਸ਼ਾ ਤਸਕਰੀ ਦੇ ਪਿੱਛੇ ਸਰਗਰਮ ਪੂਰੇ ਵੱਡੇ ਰੈਕੇਟ ਅਤੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਇਸ ਦੇ ਮੁੱਖ ਸਰਗਨਾ ਤੱਕ ਪਹੁੰਚਿਆ ਜਾ ਸਕੇ।
