ਜਲੰਧਰ ‘ਚ ਸਾਬਕਾ ਫ਼ੌਜੀ ਦੇ ਘਰ ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, ਇਲਾਕੇ ‘ਚ ਫੈਲੀ ਦਹਿਸ਼ਤ

Updated On: 

17 May 2026 15:42 PM IST

ਜਲੰਧਰ ਦੇ ਪੌਸ਼ ਇਲਾਕੇ ਛੋਟੀ ਬਾਰਾਦਰੀ ਵਿੱਚ ਦੇਰ ਰਾਤ ਮੋਟਰਸਾਈਕਲ ਸਵਾਰ ਇੱਕ ਅਣਪਛਾਤੇ ਨੌਜਵਾਨ ਵੱਲੋਂ ਤਾਬੜਤੋੜ ਫਾਇਰਿੰਗ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਅਚਾਨਕ ਹੋਈ ਗੋਲੀਬਾਰੀ ਕਾਰਨ ਪੂਰੇ ਇਲਾਕੇ ਵਿੱਚ ਭਾਰੀ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ।

ਜਲੰਧਰ ਚ ਸਾਬਕਾ ਫ਼ੌਜੀ ਦੇ ਘਰ ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, ਇਲਾਕੇ ਚ ਫੈਲੀ ਦਹਿਸ਼ਤ

ਜਲੰਧਰ ਦੇ ਪੌਸ਼ ਇਲਾਕੇ ਛੋਟੀ ਬਾਰਾਦਰੀ ਵਿੱਚ ਦੇਰ ਰਾਤ ਮੋਟਰਸਾਈਕਲ ਸਵਾਰ ਇੱਕ ਅਣਪਛਾਤੇ ਨੌਜਵਾਨ ਵੱਲੋਂ ਤਾਬੜਤੋੜ ਫਾਇਰਿੰਗ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਅਚਾਨਕ ਹੋਈ ਗੋਲੀਬਾਰੀ ਕਾਰਨ ਪੂਰੇ ਇਲਾਕੇ ਵਿੱਚ ਭਾਰੀ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇੱਕ ਅਣਪਛਾਤਾ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਇਆ ਸੀ ਅਤੇ ਉਸ ਨੇ ਛੋਟੀ ਬਾਰਾਦਰੀ ਪਾਰਟ-1 ਸਥਿਤ ਕੋਠੀ ਨੰਬਰ 325 ਦੇ ਬਾਹਰ ਆਉਂਦੇ ਹੀ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ।

ਗੋਲੀਆਂ ਦੀ ਗੂੰਜ ਸੁਣ ਕੇ ਆਸ-ਪਾਸ ਦੇ ਲੋਕ ਬੁਰੀ ਤਰ੍ਹਾਂ ਘਬਰਾ ਗਏ ਅਤੇ ਆਪਣੀ ਜਾਨ ਬਚਾਉਣ ਲਈ ਤੁਰੰਤ ਘਰਾਂ ਦੇ ਅੰਦਰ ਦੁਬਕ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਖ਼ੂਨੀ ਵਾਰਦਾਤ ਇਲਾਕੇ ਦੇ ਨਾਮਵਰ ਜਿਊਲਰ ਅਤੇ ਸਾਬਕਾ ਫ਼ੌਜੀ ਗੁਰਦਿਆਲ ਸਿੰਘ ਕਾਂਡਾ ਦੇ ਘਰ ਦੇ ਬਾਹਰ ਵਾਪਰੀ ਹੈ।

ਪ੍ਰਾਪਤ ਵੇਰਵਿਆਂ ਅਨੁਸਾਰ ਪੀੜਤ ਗੁਰਦਿਆਲ ਸਿੰਘ ਕਾਂਡਾ, ਜੋ ਕਿ ਪੇਸ਼ੇ ਤੋਂ ਜਿਊਲਰ ਹਨ, ਰਾਤ ਦਾ ਖਾਣਾ ਖਾਣ ਤੋਂ ਬਾਅਦ ਆਪਣੇ ਘਰ ਦੇ ਬਾਹਰ ਟਹਿਲ ਰਹੇ ਸਨ। ਇਸੇ ਦੌਰਾਨ ਮੋਟਰਸਾਈਕਲ ‘ਤੇ ਆਏ ਹਮਲਾਵਰ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਅਚਾਨਕ ਪਿਸਤੌਲ ਤਾਣ ਦਿੱਤੀ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਚਸ਼ਮਦੀਦਾਂ ਮੁਤਾਬਕ ਹਮਲਾਵਰ ਵੱਲੋਂ ਕਰੀਬ 5 ਰੌਂਦ ਫਾਇਰ ਕੀਤੇ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਮੁਲਜ਼ਮ ਮੌਕੇ ਤੋਂ ਬਾਈਕ ਸਪੀਡ ‘ਤੇ ਭਜਾ ਕੇ ਫ਼ਰਾਰ ਹੋ ਗਿਆ।

ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਸ਼ੁਰੂਆਤੀ ਜਾਣਕਾਰੀ ਮੁਤਾਬਕ ਇਸ ਪੂਰੀ ਘਟਨਾ ਦੌਰਾਨ ਗੋਲੀਆਂ ਲੱਗਣ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਜਾਂ ਕਿਸੇ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ, ਜੋ ਕਿ ਇੱਕ ਵੱਡੀ ਰਾਹਤ ਵਾਲੀ ਗੱਲ ਰਹੀ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਭਾਰੀ ਪੁਲਿਸ ਫੋਰਸ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਘੇਰੇ ਵਿੱਚ ਲੈ ਲਿਆ ਅਤੇ ਸ਼ਹਿਰ ਭਰ ਵਿੱਚ ਨਾਕਾਬੰਦੀ ਕਰ ਦਿੱਤੀ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਖ਼ੁਦ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਉੱਥੇ ਮੌਜੂਦ ਲੋਕਾਂ ਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰਕੇ ਮਾਮਲੇ ਦੀਆਂ ਕੜੀਆਂ ਜੋੜਨੀਆਂ ਸ਼ੁਰੂ ਕਰ ਦਿੱਤੀਆਂ ਹਨ।

ਸੀਸੀਟੀਵੀ ਫੁਟੇਜ ਖੰਗਾਲ ਰਹੀਆਂ ਨੇ ਪੁਲਿਸ ਦੀਆਂ ਟੀਮਾਂ

ਫਾਇਰਿੰਗ ਕਰਨ ਵਾਲੇ ਨੌਜਵਾਨ ਦੀ ਪਛਾਣ ਕਰਨ ਅਤੇ ਉਸ ਦਾ ਸੁਰਾਗ ਲਗਾਉਣ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਪੁਲਿਸ ਵੱਲੋਂ ਛੋਟੀ ਬਾਰਾਦਰੀ ਅਤੇ ਉਸ ਦੇ ਆਸ-ਪਾਸ ਦੇ ਰਸਤਿਆਂ ‘ਤੇ ਲੱਗੇ ਸਾਰੇ ਸਰਕਾਰੀ ਅਤੇ ਨਿੱਜੀ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ, ਤਾਂ ਜੋ ਹਮਲਾਵਰ ਦੇ ਬਾਈਕ ਨੰਬਰ ਅਤੇ ਉਸ ਦੇ ਚਿਹਰੇ ਦੀ ਪਛਾਣ ਕੀਤੀ ਜਾ ਸਕੇ।

ਪੁਲਿਸ ਇਸ ਸਮੇਂ ਮਾਮਲੇ ਦੀ ਫਿਰੌਤੀ ਅਤੇ ਨਿੱਜੀ ਰੰਜਿਸ਼ ਸਣੇ ਹਰ ਐਂਗਲ ਤੋਂ ਗੰਭੀਰਤਾ ਨਾਲ ਤਫ਼ਤੀਸ਼ ਕਰ ਰਹੀ ਹੈ। ਹਾਲਾਂਕਿ, ਅਜੇ ਤੱਕ ਇਹ ਪੂਰੀ ਤਰ੍ਹਾਂ ਸਾਫ਼ ਨਹੀਂ ਹੋ ਸਕਿਆ ਹੈ ਕਿ ਉਕਤ ਨੌਜਵਾਨ ਨੇ ਕਿਸ ਮਕਸਦ ਨਾਲ ਜਿਊਲਰ ਦੇ ਘਰ ‘ਤੇ ਇਹ ਫਾਇਰਿੰਗ ਕੀਤੀ ਸੀ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮਾਮਲੇ ਦੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ।

Follow Us