ਗੈਸ ਏਜੰਸੀਆਂ ‘ਤੇ ਪ੍ਰਸ਼ਾਸਨਿਕ ਟੀਮਾਂ ਦੀ ਚੈਕਿੰਗ ਜਾਰੀ, DC ਵੱਲੋਂ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

Published: 

14 Mar 2026 19:05 PM IST

ਘਰੇਲੂ ਗੈਸ ਸਿਲੰਡਰਾਂ ਦੀ ਉਚਿਤ, ਪਾਰਦਰਸ਼ੀ ਅਤੇ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਲਈ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਭਰ ਦੀਆਂ ਗੈਸ ਏਜੰਸੀਆਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।

ਗੈਸ ਏਜੰਸੀਆਂ ਤੇ ਪ੍ਰਸ਼ਾਸਨਿਕ ਟੀਮਾਂ ਦੀ ਚੈਕਿੰਗ ਜਾਰੀ, DC ਵੱਲੋਂ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਗੈਸ ਏਜੰਸੀਆਂ ਦੀ ਚੈਕਿੰਗ ਜਾਰੀ, DC ਵੱਲੋਂ ਕਾਲਾਬਾਜ਼ਾਰੀ 'ਤੇ ਚੇਤਾਵਨੀ

ਘਰੇਲੂ ਗੈਸ ਸਿਲੰਡਰਾਂ ਦੀ ਉਚਿਤ, ਪਾਰਦਰਸ਼ੀ ਅਤੇ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਲਈ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਭਰ ਦੀਆਂ ਗੈਸ ਏਜੰਸੀਆਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਮੌਜੂਦਾ ਹਾਲਾਤਾਂ ਵਿੱਚ ਆਮ ਲੋਕਾਂ ਨੂੰ ਗੈਸ ਸਿਲੰਡਰਾਂ ਦੀ ਪ੍ਰਾਪਤੀ ਲਈ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਅਤੇ ਜਾਂਚ

ਕੰਟਰੋਲਰ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਨਰਿੰਦਰ ਸਿੰਘ ਦੀ ਅਗਵਾਈ ਹੇਠ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਜਲੰਧਰ ਸ਼ਹਿਰ ਸਮੇਤ ਮਹਿਤਪੁਰ, ਫਿਲੌਰ, ਨਕੋਦਰ ਅਤੇ ਗੋਰਾਇਆ ਦੇ ਵੱਖ-ਵੱਖ ਇਲਾਕਿਆਂ ਵਿੱਚ ਗੈਸ ਏਜੰਸੀਆਂ ਅਤੇ ਉਨ੍ਹਾਂ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਇਸ ਚੈਕਿੰਗ ਦੌਰਾਨ ਸਿਲੰਡਰਾਂ ਦਾ ਭਾਰ, ਬੁਕਿੰਗ ਪ੍ਰਕਿਰਿਆ ਅਤੇ ਸਟਾਕ ਰਜਿਸਟਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਏਜੰਸੀ ਮਾਲਕਾਂ ਨੂੰ ਸਖ਼ਤ ਹਦਾਇਤ ਦਿੱਤੀ ਗਈ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਸਪਲਾਈ ਚੇਨ ‘ਤੇ ਨਜ਼ਰ ਰੱਖ ਰਿਹਾ ਹੈ, ਇਸ ਲਈ ਨਿਯਮਾਂ ਅਨੁਸਾਰ ਵੰਡ ਪ੍ਰਣਾਲੀ ਨੂੰ ਸੁਚਾਰੂ ਰੱਖਿਆ ਜਾਵੇ।

ਵਿਸ਼ੇਸ਼ ਕਮੇਟੀ ਦਾ ਗਠਨ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਕਮੇਟੀ ਗਠਿਤ ਕੀਤੀ ਗਈ ਹੈ। ਇਹ ਕਮੇਟੀ ਜ਼ਿਲ੍ਹੇ ਵਿੱਚ ਗੈਸ ਸਿਲੰਡਰਾਂ ਦੀ ਸਪਲਾਈ ਅਤੇ ਵੰਡ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਕਾਲਾਬਾਜ਼ਾਰੀ ਅਤੇ ਨਾਜਾਇਜ਼ ਜ਼ਖ਼ੀਰੇਬਾਜ਼ੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਏਜੰਸੀ ਨਿਯਮਾਂ ਦੀ ਉਲੰਘਣਾ ਕਰਦੀ ਪਾਈ ਗਈ ਤਾਂ ਉਸ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਅਫ਼ਵਾਹਾਂ ਤੋਂ ਬਚਣ ਦੀ ਅਪੀਲ

ਡਾ. ਅਗਰਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਬਰਾਹਟ ਵਿੱਚ ਆ ਕੇ ਗੈਰ-ਜ਼ਰੂਰੀ ਖ਼ਰੀਦਦਾਰੀ ਨਾ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਗੈਸ ਦੀ ਕੋਈ ਕਮੀ ਨਹੀਂ ਹੈ, ਇਸ ਲਈ ਅਫ਼ਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਗੈਸ ਸਿਲੰਡਰਾਂ ਦੀ ਕਿੱਲਤ ਬਾਰੇ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੇਕਰ ਕਿਸੇ ਨਾਗਰਿਕ ਨੂੰ ਕਾਲਾਬਾਜ਼ਾਰੀ ਜਾਂ ਜ਼ਖ਼ੀਰੇਬਾਜ਼ੀ ਬਾਰੇ ਪਤਾ ਲੱਗਦਾ ਹੈ, ਤਾਂ ਉਹ ਤੁਰੰਤ ਪ੍ਰਸ਼ਾਸਨਿਕ ਕਮੇਟੀ ਦੇ ਧਿਆਨ ਵਿੱਚ ਲਿਆਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

Follow Us