ਜਲੰਧਰ ‘ਚ ਭਿਆਨਕ ਹਾਦਸਾ: ਮਕਸੂਦਾਂ ਕੋਲ ਖੜ੍ਹੇ ਟਿੱਪਰ ‘ਚ ਵੱਜੀ ਕਾਰ, 3 ਲੋਕਾਂ ਦੀ ਮੌਕੇ ‘ਤੇ ਹੀ ਮੌਤ
ਜਲੰਧਰ ਦੇ ਮਕਸੂਦਾਂ ਇਲਾਕੇ ਵਿੱਚ ਸਥਿਤ ਬੱਲ ਹਸਪਤਾਲ ਦੇ ਬਾਹਰ ਇੱਕ ਬਹੁਤ ਹੀ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਸਵੇਰੇ 6: 30 ਵਜੇ ਇੱਕ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟਿੱਪਰ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪੂਰੀ ਤਰ੍ਹਾਂ ਪਰਖੱਚੇ ਉੱਡ ਗਏ ਅਤੇ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਜਲੰਧਰ ਦੇ ਮਕਸੂਦਾਂ ਇਲਾਕੇ ਵਿੱਚ ਸਥਿਤ ਬੱਲ ਹਸਪਤਾਲ ਦੇ ਬਾਹਰ ਇੱਕ ਬਹੁਤ ਹੀ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਸਵੇਰੇ 6: 30 ਵਜੇ ਇੱਕ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟਿੱਪਰ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪੂਰੀ ਤਰ੍ਹਾਂ ਪਰਖੱਚੇ ਉੱਡ ਗਏ ਅਤੇ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਦਰਦਨਾਕ ਹਾਦਸੇ ਵਿੱਚ ਕਾਰ ਸਵਾਰ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਹਾਦਸੇ ਤੋਂ ਤੁਰੰਤ ਬਾਅਦ ਇਲਾਕੇ ਵਿੱਚ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ।
ਮੌਕੇ ‘ਤੇ ਇਕੱਠੀ ਹੋਈ ਭੀੜ; ਜਾਂਚ ‘ਚ ਜੁਟੀ ਪੁਲਿਸ
ਭਿਆਨਕ ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਵੱਡੀ ਗਿਣਤੀ ਵਿੱਚ ਮੌਕੇ ‘ਤੇ ਇਕੱਠੇ ਹੋ ਗਏ। ਹਾਲਾਂਕਿ ਇਹ ਹਾਦਸਾ ਕਿਵੇਂ ਵਾਪਰਿਆ ਅਤੇ ਕਾਰ ਟਿੱਪਰ ਨਾਲ ਕਿਸ ਤਰ੍ਹਾਂ ਟਕਰਾਈ, ਇਸ ਬਾਰੇ ਪੂਰੀ ਜਾਣਕਾਰੀ ਅਜੇ ਸਾਹਮਣੇ ਆਉਣੀ ਬਾਕੀ ਹੈ। ਇਸ ਖ਼ੂਨੀ ਹਾਦਸੇ ਨੇ ਇੱਕ ਵਾਰ ਫਿਰ ਸੜਕ ਸੁਰੱਖਿਆ ਅਤੇ ਸੜਕਾਂ ‘ਤੇ ਖੜ੍ਹੇ ਕੀਤੇ ਅਣਅਧਿਕਾਰਤ ਵਾਹਨਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਜਾਂਚ ਅਧਿਕਾਰੀ ਦਾ ਬਿਆਨ
ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਸੜਕ ਕਿਨਾਰੇ ਖੜ੍ਹੇ ਟਿੱਪਰ ਵਿੱਚ ਇੱਕ ਸਵਿਫ਼ਟ ਕਾਰ ਪਿਛਲੇ ਪਾਸੇ ਤੋਂ ਆ ਕੇ ਸਿੱਧੀ ਟਕਰਾ ਗਈ। ਇਸ ਭਿਆਨਕ ਟੱਕਰ ਕਾਰਨ ਮੌਕੇ ‘ਤੇ ਹੀ ਤਿੰਨ ਲੋਕਾਂ ਦੀ ਜਾਨ ਚਲੀ ਗਈ। ਉਨ੍ਹਾਂ ਦੱਸਿਆ ਕਿ ਟਿੱਪਰ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ, ਪਰ ਟਿੱਪਰ ਦਾ ਨੰਬਰ ਟਰੇਸ ਕਰ ਲਿਆ ਗਿਆ ਹੈ ਅਤੇ ਉਸ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਲੰਮਾ ਪਿੰਡ ਖੇਤਰ ਨਾਲ ਸਬੰਧਤ ਸੀ ਕਾਰ
ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਕਾਰ ਦੇ ਰਜਿਸਟ੍ਰੇਸ਼ਨ ਨੰਬਰ ਤੋਂ ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਗੱਡੀ ਜਲੰਧਰ ਦੇ ਲੰਮਾ ਪਿੰਡ ਇਲਾਕੇ ਦੀ ਮਲਕੀਅਤ ਪਾਈ ਗਈ ਹੈ ਅਤੇ ਸਬੰਧਤ ਪਤੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ ਅਤੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।