ਜਲੰਧਰ ਚ ਪ੍ਰਾਪਰਟੀ ਕਾਰੋਬਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਭਰਾ ਨੇ ਸ਼ਿਵ ਸੈਨਾ ਆਗੂ ਦੇ ਪੁੱਤਰ ਤੇ ਲਗਾਏ ਇਲਜ਼ਾਮ
ਮ੍ਰਿਤਕ ਦੇ ਭਰਾ ਮਨਮੋਹਨ ਨੇ ਸ਼ਿਵ ਸੈਨਾ ਆਗੂ ਦੇ ਪੁੱਤਰ 'ਤੇ ਆਪਣੇ ਸਾਥੀਆਂ ਨਾਲ ਮਿਲ ਕੇ ਲੱਕੀ ਠਾਕੁਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਇਲਜ਼ਾਮ ਲਗਾਏ ਹਨ। ਪੁਲਿਸ ਵੱਲੋਂ ਪਰਿਵਾਰ ਦੇ ਬਿਆਨ ਦਰਜ ਕਰਕੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਜਾਰੀ ਹੈ।
ਜਲੰਧਰ ਦੇ ਮਖਦੂਮਪੁਰਾ ਇਲਾਕੇ ‘ਚ ਮੰਗਲਵਾਰ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਪ੍ਰਾਪਰਟੀ ਤੇ ਫਾਈਨਾਂਸ ਕਾਰੋਬਾਰੀ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਲੱਕੀ ਠਾਕੁਰ ਵਾਸੀ ਮਖਦੂਮਪੁਰਾ ਵਜੋਂ ਹੋਈ ਹੈ।
ਮੌਕੇ ‘ਤੇ ਪਹੁੰਚੀ ਪੁਲਿਸ, ਹਸਪਤਾਲ ਪਹੁੰਚਣ ਤੇ ਡਾਕਟਰਾਂ ਨੇ ਐਲਾਨਿਆ ਮ੍ਰਿਤ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 4 ਦੀ ਪੁਲਿਸ ਮੌਕੇ ਤੇ ਪਹੁੰਚ ਗਈ। ਪੁਲਿਸ ਵੱਲੋਂ ਜ਼ਖ਼ਮੀ ਲੱਕੀ ਠਾਕੁਰ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮੌਕੇ ਤੇ ਪਹੁੰਚੇ ਏਸੀਪੀ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਸਮਾਂ ਪਹਿਲਾਂ ਮਖਦੂਮਪੁਰਾ ‘ਚ ਲੱਕੀ ਠਾਕੁਰ ਤੇ ਹਮਲਾ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਥਾਣਾ ਨੰਬਰ 4 ਦੀ ਪੁਲਿਸ ਟੀਮ ਨੂੰ ਤੁਰੰਤ ਮੌਕੇ ਤੇ ਭੇਜਿਆ ਗਿਆ।
ਏਸੀਪੀ ਨੇ ਦੱਸਿਆ ਕਿ ਪਰਿਵਾਰ ਨੂੰ ਹਮਲਾਵਰਾਂ ਬਾਰੇ ਜਾਣਕਾਰੀ ਹੈ ਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪਰਿਵਾਰ ਵੱਲੋਂ ਜਿਨ੍ਹਾਂ ਵਿਅਕਤੀਆਂ ਤੇ ਆਰੋਪ ਹਨ, ਉਨ੍ਹਾਂ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਜਾਵੇਗਾ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਮ੍ਰਿਤਕ ਦੇ ਭਰਾ ਨੇ ਸ਼ਿਵ ਸੈਨਾ ਆਗੂ ਦੇ ਪੁੱਤਰ ‘ਤੇ ਲਗਾਏ ਇਲਜ਼ਾਮ
ਉੱਧਰ, ਮ੍ਰਿਤਕ ਦੇ ਭਰਾ ਮਨਮੋਹਨ ਨੇ ਸ਼ਿਵ ਸੈਨਾ ਆਗੂ ਦੇ ਪੁੱਤਰ ‘ਤੇ ਆਪਣੇ ਸਾਥੀਆਂ ਨਾਲ ਮਿਲ ਕੇ ਲੱਕੀ ਠਾਕੁਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਇਲਜ਼ਾਮ ਲਗਾਏ ਹਨ। ਪੁਲਿਸ ਵੱਲੋਂ ਪਰਿਵਾਰ ਦੇ ਬਿਆਨ ਦਰਜ ਕਰਕੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਜਾਰੀ ਹੈ।


