ਜਲੰਧਰ: ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਭਾਰੀ ਗਿਰਾਵਟ, ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਪੀਲ
Jalandhar Stubble Burn: ਜਲੰਧਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਭਾਰੀ ਕਮੀ ਆਈ ਹੈ। 2021 ਦੇ 275 ਮਾਮਲਿਆਂ ਦੇ ਮੁਕਾਬਲੇ ਇਸ ਸਾਲ ਸਿਰਫ 13 ਮਾਮਲੇ ਦਰਜ ਹੋਏ ਹਨ। ਇਹ ਕਮੀ ਜਾਗਰੂਕਤਾ ਮੁਹਿੰਮਾਂ ਸਖ਼ਤ ਕਾਰਵਾਈ ਅਤੇ ਫਸਲੀ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ ਲਈ ਅਪਣਾਈ ਬਹੁ-ਪੱਖੀ ਰਣਨੀਤੀ ਦਾ ਨਤੀਜਾ ਹੈ।
ਜਲੰਧਰ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕੀਤੇ ਗਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਜਿਸ ਕਾਰਨ ਇਸ ਸਾਲ ਜਲੰਧਰ ਜ਼ਿਲ੍ਹੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ ਕਾਫ਼ੀ ਕਮੀ ਆਈ ਹੈ।
ਇਸ ਸਾਲ 15 ਸਤੰਬਰ ਤੋਂ 26 ਅਕਤੂਬਰ ਤੱਕ ਪਰਾਲੀ ਸਾੜਨ ਦੇ 13 ਮਾਮਲੇ ਸਾਹਮਣੇ ਆਏ, ਜਦੋਂ ਕਿ 2021 ਵਿੱਚ ਅਜਿਹੇ 275 ਮਾਮਲੇ ਸਾਹਮਣੇ ਆਏ ਸਨ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ, ਪਿਛਲੇ ਕੁਝ ਸਾਲਾਂ ਵਿੱਚ ਸਕਾਰਾਤਮਕ ਨਤੀਜੇ ਪ੍ਰਾਪਤ ਹੋਏ ਹਨ। 2023 ਵਿੱਚ ਸਿਰਫ਼ 77 ਮਾਮਲੇ, 2024 ਵਿੱਚ 22 ਅਤੇ 15 ਸਤੰਬਰ ਤੋਂ 26 ਅਕਤੂਬਰ, 2025 ਵਿਚਕਾਰ 13 ਮਾਮਲੇ ਸਾਹਮਣੇ ਆਏ ਹਨ। ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਕਟੌਤੀ ਹੁੰਦੀ ਨਜ਼ਰ ਆ ਰਹੀ ਹੈ।
ਪਰਾਲੀ ਸਾੜਨ ਨੂੰ ਰੋਕਣ ਲਈ ਬਣਾਈ ਰਣਨੀਤੀ
ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਇੱਕ ਬਹੁ-ਪੱਖੀ ਰਣਨੀਤੀ ਅਪਣਾਈ ਹੈ। ਜਿਸ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਨਿਗਰਾਨੀ ਲਈ ਕਲੱਸਟਰ ਅਧਿਕਾਰੀਆਂ ਦੀ ਤਾਇਨਾਤੀ, ਵਾਤਾਵਰਣ ਮੁਆਵਜ਼ਾ ਲਾਗੂ ਕਰਨਾ, ਜਾਗਰੂਕਤਾ ਗਤੀਵਿਧੀਆਂ ਕਰਵਾਉਣਾ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ ਲਈ ਸਹਾਇਤਾ ਪ੍ਰਦਾਨ ਕਰਨਾ ਸ਼ਾਮਲ ਸੀ।
ਇਸੇ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਈ ਉਪਾਅ ਕੀਤੇ ਗਏ। ਜਿਸ ਵਿੱਚ ਇਸ ਸਾਲ ਐਕਸ-ਸੀਟੂ ਮੈਨੇਜਮੈਂਟ ਤਕਨਾਲੋਜੀ ਦੀ ਵਰਤੋਂ ਕਰਕੇ ਬਾਇਲਰਾਂ ਵਿੱਚ 1.60 ਲੱਖ ਟਨ ਤੋਂ ਵੱਧ ਪਰਾਲੀ ਦਾ ਪ੍ਰਬੰਧਨ ਸ਼ਾਮਲ ਹੈ।
ਉਲੰਘਣ ਕਰਨ ਵਾਲਿਆਂ ‘ਤੇ ਕਾਰਵਾਈ
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ 1,171,500 ਹੈਕਟੇਅਰ ਰਕਬੇ ਵਿੱਚ ਚੌਲਾਂ ਦੀ ਕਾਸ਼ਤ ਕੀਤੀ ਗਈ ਸੀ। ਅਧਿਕਾਰੀਆਂ ਨੇ ਹੁਣ ਤੱਕ ਲਗਭਗ ਅੱਠ ਚਲਾਨ ਜਾਰੀ ਕੀਤੇ ਹਨ। ਉਲੰਘਣਾ ਕਰਨ ਵਾਲਿਆਂ ‘ਤੇ 40,000 ਰੁਪਏ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਹੈ ਅਤੇ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਕੀਤੀਆਂ ਹਨ।
ਇਹ ਵੀ ਪੜ੍ਹੋ
ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ
ਕਿਸਾਨਾਂ ਨੂੰ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਉਪਕਰਣਾਂ ਤੱਕ ਪਹੁੰਚ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ 7,000 ਅਜਿਹੇ ਅਤਿ-ਆਧੁਨਿਕ ਖੇਤੀਬਾੜੀ ਉਪਕਰਣ ਸਬਸਿਡੀ ਵਾਲੀਆਂ ਦਰਾਂ ‘ਤੇ ਪ੍ਰਦਾਨ ਕੀਤੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮਾਂ ਦੀ ਇੱਕ ਲੜੀ ਸ਼ੁਰੂ ਕੀਤੀ ਗਈ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 113 ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ।
ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਸਾਨਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਹੋਰ ਘਟਾਉਣ ਲਈ ਜ਼ਿਲ੍ਹੇ ਭਰ ਵਿੱਚ ਹੋਰ ਯਤਨ ਕੀਤੇ ਜਾਣਗੇ। ਡਾ. ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਤੋਂ ਨਿਕਲਣ ਵਾਲਾ ਧੂੰਆਂ ਦਮੇ ਦੇ ਮਰੀਜ਼ਾਂ ਲਈ ਸਮੱਸਿਆਵਾਂ ਵਧਾ ਸਕਦਾ ਹੈ।
