Cabinet Meeting: ਪੰਜਾਬ ਕੈਬਨਿਟ ਦੀ ਬੈਠਕ ਸ਼ੁਰੂ, ਪੰਜਾਬ ਦੇ ਕਈ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ
ਜਲੰਧਰ ਦੇ PAP ਕੈਂਪਸ ਵਿੱਚ ਪੰਜਾਬ ਕੈਬਨਿਟ ਦੀ ਬੈਠਕ ਸ਼ੁਰੂ ਹੋ ਗਈ ਹੈ। ਜਲੰਧਰ ਸਣੇ ਪੰਜਾਬ ਦੇ ਕਈ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ।
ਪੰਜਾਬ ਨਿਊਜ। ਪੰਜਾਬ ਸਰਕਾਰ ਨਿਤ ਨਵੇਂ ਉਹ ਕੰਮ ਕਰ ਰਹੀ ਹੈ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇ। ਇਸ ਦੇ ਤਹਿਤ ਮੁੱਖ ਮੰਤਰੀ (Chief Minister) ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਤਹਿਤ ਕੈਬਨਿਟ ਮੀਟਿੰਗ ਹਰ ਵਾਰ ਵੱਖ-ਵੱਖ ਜਿਲ੍ਹਿਆਂ ‘ਚ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਮੁਹਿੰਮ ਤਹਿਤ ਲੁਧਿਆਣਾ ‘ਚ ਪਹਿਲੀ ਬੈਠਕ ਤੋਂ ਬਾਅਦ ਹੁਣ ਦੂਜੀ ਬੈਠਕ ਜਲੰਧਰ ‘ਚ ਹੋਣ ਜਾ ਰਹੀ ਹੈ। ਹਾਲਾਕਿ, ਹੁਣ ਜਲੰਧਰ ਵਿੱਚ ਇਸ ਦੀ ਥਾਂ ਬਦਲ ਦਿੱਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਬੁੱਧਵਾਰ ਸਵੇਰੇ 11:30 ਵਜੇ ਸਥਾਨਕ ਪੀ.ਏ.ਪੀ. ਕੰਪਲੈਕਸ ਵਿਖੇ ਹੋਵੇਗੀ ਅਤੇ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਜਲੰਧਰ-ਫਗਵਾੜਾ ਰੋਡ ਤੇ ਸਥਿਤ ਕਬਾਨਾ ਰਿਸੋਰਟ ਵਿਖੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਜਨਤਕ ਮਿਲਣੀ ਕਰਨਗੇ।
ਸੀਐੱਮ ਨੇ ਟਵੀਟ ਕਰਕੇ ਦਿੱਤੀ ਸੀ ਜਾਣਕਾਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਸੀ ਕਿ ਇਹ ਬੁੱਧਵਾਰ ਸਵੇਰੇ 10:30 ਵਜੇ ਜਲੰਧਰ ਦੇ ਸਰਕਟ ਹਾਊਸ ਵਿੱਚ ਹੋਵੇਗੀ, ਪਰ ਮੰਗਲਵਾਰ ਨੂੰ ਇਸ ਦਾ ਸਥਾਨ ਬਦਲ ਕੇ ਪੀਏਪੀ ਕੈਂਪਸ ਕਰ ਦਿੱਤਾ ਗਿਆ ਹੈ। ਲੋਕ ਸਭਾ ਜਿਮਨੀ ਚੋਣ ਦੀ ਜਿੱਤ ਤੋਂ ਬਾਅਦ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਗਰ ਨਿਗਮ ਪੁੱਜੇ, ਜਿੱਥੇ ਉਨ੍ਹਾਂ ਨਾਲ ਨਵੇਂ ਚੁਣੇ ਸੰਸਦ ਮੈਂਬਰ ਸੁਸ਼ੀਲ ਰਿੰਕੂ, ਵਿਧਾਇਕ ਰਮਨ ਅਰੋੜਾ, ਸ਼ੀਤਲ ਅੰਗੁਰਾਲ, ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ। ਇਸ ਦੌਰਾਨ ਸਮਾਰਟ ਸਿਟੀ ਤੋਂ ਲੈ ਕੇ ਨਿਗਮ ਦੇ ਹੋਰ ਕੰਮਾਂ ਦਾ ਜਾਇਜ਼ਾ ਲਿਆ ਗਿਆ।
ਪੀਏਪੀ ਕੈਂਪਸ ਵਿੱਖੇ ਕੈਬਿਨੇਟ ਬੈਠਕ, ਡੀਸੀ ਨੇ ਲਿਆ ਜਾਇਜ਼ਾ
ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਪੀ.ਏ.ਪੀ. ਕੰਪਲੈਕਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਿਨੇਟ ਮੰਤਰੀ ਕਬਾਨਾ ਰਿਸੋਰਟ ਵਿਖੇ ਪਬਲਿਕ ਮਿਲਣੀ ਦੌਰਾਨ ਲੋਕ ਮਸਲਿਆਂ ਦੀ ਸੁਣਵਾਈ ਕਰਨਗੇ। ਉਨ੍ਹਾਂ ਦੱਸਿਆ ਕਿ ਕਬਾਨਾ ਰਿਸੋਰਟ ਵਿਖੇ ਕੈਬਨਿਟ ਮੰਤਰੀ ਆਪਣੇ ਵਿਭਾਗਾਂ ਨਾਲ ਸਬੰਧਿਤ ਮਸਲਿਆਂ ਦੀ ਸੁਣਵਾਈ ਕਰਕੇ ਮੌਕੇ ‘ਤੇ ਲੋੜੀਂਦੇ ਨਿਰਦੇਸ਼ ਦੇਣਗੇ।
ਇਹ ਵੀ ਪੜ੍ਹੋ
ਤੁਰੰਤ ਫੈਸਲੇ ਲਏ ਜਾਣਗੇ-ਸੀਐੱਮ
ਇਸ ਵਿੱਚ ਜਲੰਧਰ (Jalandhar) ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ। ਸੀਐੱਮ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਸੀ ਕਿ ਇਸ ਲੋਕ ਪੱਖੀ ਉਪਰਾਲੇ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ, ਕਿਉਂਕਿ ਉਨ੍ਹਾਂ ਨੂੰ ਸੇਵਾਵਾਂ ਲੈਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ।
ਧੂਰੀ ਤੋਂ ਕੀਤੀ ਸੀ ਪ੍ਰੋਗਰਾਮ ਦੀ ਸ਼ੁਰੂਆਤ
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਧੂਰੀ ਵਿਧਾਨ ਸਭਾ ਹਲਕੇ ਤੋਂ ਸਰਕਾਰ ਤੁਹਾਡੇ ਦੁਆਰ ਪਹਿਲਕਦਮੀ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਸੀ ਕਿ ਇਹ ਕਦਮ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਮੀਲ ਪੱਥਰ ਸਾਬਤ ਹੋਵੇਗਾ। ਧੂਰੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਇਹ ਇੱਕ ਬੇਮਿਸਾਲ ਪਹਿਲਕਦਮੀ ਹੈ ਜਿਸ ਦਾ ਉਦੇਸ਼ ਅਫਸਰਸ਼ਾਹੀ ਨੂੰ ਸਿੱਧੇ ਤੌਰ ‘ਤੇ ਲੋਕਾਂ ਪ੍ਰਤੀ ਜਵਾਬਦੇਹ ਬਣਾਉਣਾ ਹੈ, ਜਿਸ ਨਾਲ ਲੋਕਾਂ ਨੂੰ ਵਧੇਰੇ ਸ਼ਕਤੀਆਂ ਮਿਲਣਗੀਆਂ।”