ਕਾਂਗਰਸ ਪਾਰਟੀ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜ੍ਹੀ, ਰਾਜਾ ਵੜਿੰਗ ਵੱਲੋਂ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਐਲਾਨ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਹੀਦ ਕੁਲਵੰਤ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਵੜਿੰਗ ਪੰਜਾਬ ਸਰਕਾਰ ਤੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਨੌਕਰੀ ਦੇਣ ਦੀ ਮੰਗ ਕੀਤੀ। ਰਾਜਾ ਵੜਿੰਗ ਪੁੰਛ ਵਿਖੇ ਹੋਏ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਮਹੀਨੇ ਦੀ ਤਨਖ਼ਾਹ ਦਾਨ ਕਰਨਗੇ।
ਜਲੰਧਰ ਨਿਊਜ਼। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਜਲੰਧਰ ਵਿਖੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਵਿਖੇ ਅੱਤਵਾਦੀਆਂ ਦੇ ਹਮਲੇ ਦੌਰਾਨ ਸ਼ਹੀਦ ਹੋਏ ਲਾਂਸ ਨਾਇਕ ਕੁਲਵੰਤ ਸਿੰਘ ਦੀ ਬੇਵਕਤੀ ਮੌਤ ‘ਤੇ ਦੁੱਖ ਪ੍ਰਗਟ ਕਰਨ ਲਈ ਮੋਗਾ ਦੇ ਪਿੰਡ ਚੜਿੱਕ ਦਾ ਦੌਰਾ ਕੀਤਾ ਅਤੇ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾਨ ਕਰਨ ਦਾ ਐਲਾਨ ਕੀਤਾ।
ਲਾਂਸ ਨਾਇਕ ਕੁਲਵੰਤ ਸਿੰਘ ਉਨ੍ਹਾਂ ਪੰਜ ਜਵਾਨਾਂ ਵਿੱਚ ਸ਼ਾਮਲ ਸਨ ਜੋ ਪੁੰਛ ਵਿਖੇ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਨ।
ਸਾਡੇ ਜਵਾਨਾਂ ਨੇ ਹਮੇਸ਼ਾ ਕੁਰਬਾਨੀ ਦਿੱਤੀ-ਵੜਿੰਗ
ਵੜਿੰਗ ਨੇ ਕਿਹਾ ਸਾਡੇ ਜਵਾਨਾਂ ਨੇ ਆਪਣੀ ਮਾਤ ਭੂਮੀ ਦੀ ਸੇਵਾ ਕਰਦਿਆਂ ਹਮੇਸ਼ਾ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਸ਼ਹੀਦ ਕੁਲਵੰਤ ਸਿੰਘ (Shaheed Kulwant Singh) ਦੇ ਪਿਤਾ ਨੇ ਵੀ ਕਾਰਗਿਲ ਯੁੱਧ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਇਹ ਕੁਲਵੰਤ ਸਿੰਘ ਦੀ ਦੇਸ਼ ਪ੍ਰਤੀ ਸਮਰਪਣ ਅਤੇ ਵਚਨਬੱਧਤਾ ਸੀ ਕਿ ਉਨ੍ਹਾਂ ਨੇ ਆਪਣੇ ਪਿਤਾ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ ਦੇਸ਼ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ। ਕਾਂਗਰਸ ਸੂਬਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦਾ ਘਾਟਾ ਤਾਂ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ, ਪਰ ਇਹ ਸਮਾਂ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਹੋਣ ਦਾ ਹੈ।
‘ਸ਼ਹੀਦਾਂ ਨਾਲ ਹਮੇਸ਼ਾ ਖੜ੍ਹੀ ਹੈ ਕਾਂਗਰਸ ਪਾਰਟੀ’
ਸੂਬਾ ਕਾਂਗਰਸ (Congress) ਪ੍ਰਧਾਨ ਨੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਉਨ੍ਹਾਂ ਬਹਾਦਰਾਂ ਨੂੰ ਸ਼ਰਧਾਂਜਲੀ ਦੇਣ ਦਾ ਇੱਕ ਸੰਕੇਤ ਹੈ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕੀਤੀਆਂ। ਕਾਂਗਰਸ ਪਾਰਟੀ ਦੁਖੀ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਲੋੜ ਪੈਣ ਤੇ ਪੂਰਾ ਸਹਿਯੋਗ ਕਰੇਗੀ।
‘ਸ਼ਹੀਦ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਜਲਦੀ ਦੇਵੇ ਨੌਕਰੀ’
ਸ਼ਹੀਦ ਕੁਲਵੰਤ ਸਿੰਘ ਹੀ ਪਰਿਵਾਰ ਦਾ ਇਕਲੌਤਾ ਰੋਟੀ ਕਮਾਉਣ ਵਾਲਾ ਸੀ, ਇਸ ਲਈ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਸ਼ਹੀਦ ਫੌਜੀ ਦੀ ਵਿਧਵਾ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾਵੇ ਅਤੇ ਪਰਿਵਾਰ ਦੇ ਵਾਰਸਾਂ ਨੂੰ ਤੁਰੰਤ ਨੌਕਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ ਪਰ ਕਾਂਗਰਸ ਪਾਰਟੀ ਮੁੱਖ ਮੰਤਰੀ ਵੱਲੋਂ ਵਿਧਵਾਵਾਂ ਨਾਲ ਕੀਤੇ ਵਾਅਦੇ ਨੂੰ ਜਲਦੀ ਪੂਰਾ ਕਰਨ ਨੂੰ ਯਕੀਨੀ ਬਣਾਏਗੀ।