ਪੰਜਾਬ ਦੇ DIG ਇੰਦਰਬੀਰ ਰਿਸ਼ਵਤ ਕਾਂਡ ‘ਚ ਫਸੇ, DSP ਨੇ ਪੁੱਛਗਿੱਛ ‘ਚ ਕੀਤਾ ਖੁਲਾਸਾ
Punjab Vigilance: ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿੱਚ DIG ਪੱਧਰ ਦੇ ਅਧਿਕਾਰੀ ਇੰਦਰਬੀਰ ਸਿੰਘ ਨੂੰ ਨਾਮਜ਼ਦ ਕੀਤਾ ਹੈ।ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਪੁਲਿਸ ਅਧਿਕਾਰੀਆਂ 'ਚ ਹੜਕੰਪ ਮਚਿਆ ਹੋਇਆ ਹੈ।
ਜਲੰਧਰ ਨਿਊਜ਼। ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਸੀਨੀਅਰ ਪੁਲਿਸ ਅਧਿਕਾਰੀ ‘ਤੇ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਹਨ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ (Vigilance Bureau) ਪੰਜਾਬ ਪੁਲਿਸ ਦੇ ਇੱਕ ਡੀਆਈਜੀ ਪੱਧਰ ਦੇ ਅਧਿਕਾਰੀ ਖ਼ਿਲਾਫ਼ ਕਾਰਵਾਈ ਕਰਨ ਜਾ ਰਿਹਾ ਹੈ।
ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ‘ਚ ਨਾਮਜ਼ਦ
ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿੱਚ DIG ਪੱਧਰ ਦੇ ਅਧਿਕਾਰੀ ਇੰਦਰਬੀਰ ਸਿੰਘ ਨੂੰ ਨਾਮਜ਼ਦ ਕੀਤਾ ਹੈ। ਇੰਦਰਬੀਰ ਸਿੰਘ ਇਸ ਸਮੇਂ ਪੰਜਾਬ ਆਰਮਡ ਪੁਲਿਸ ਜਲੰਧਰ ਵਿਖੇ ਤਾਇਨਾਤ ਹਨ। ਦਰਅਸਲ, ਜਦੋਂ ਇੰਦਰਬੀਰ ਸਿੰਘ ਫਿਰੋਜ਼ਪੁਰ ਦੇ DIG ਸਨ ਤਾਂ ਉਨ੍ਹਾਂ ‘ਤੇ ਇੱਕ ਨਸ਼ਾ ਤਸਕਰ (Drug Peddlers) ਨੂੰ ਛੁਡਾਉਣ ਲਈ 10 ਲੱਖ ਰੁਪਏ ਅਤੇ ਸਬ-ਇੰਸਪੈਕਟਰ ਨੂੰ 23 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ। ਹੁਣ ਉਸ ਨੂੰ ਦੋਵਾਂ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਗਿਆ ਹੈ।
DSP ਨੂੰ ਰਿਸ਼ਵਤ ਲੈਂਦਿਆਂ ਕੀਤਾ ਸੀ ਕਾਬੂ
ਪਿਛਲੇ ਸਾਲ ਜੁਲਾਈ ਵਿੱਚ ਵਿਜੀਲੈਂਸ ਨੇ ਫਰੀਦਕੋਟ ਦੇ DSP ਲਖਬੀਰ ਸਿੰਘ ਸੰਧੂ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਬੋਪਾਰਾਏ ਦੇ ਵਸਨੀਕ ਪਿਸ਼ੌਰਾ ਸਿੰਘ ਨਾਮਕ ਨਸ਼ਾ ਤਸਕਰ ਦੇ ਕੇਸ ਨੂੰ ਹੱਲ ਕਰਨ ਲਈ 10 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ।
ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ DIG ਰਾਹੁਲ ਕੁਮਾਰ, ਅੰਮ੍ਰਿਤਸਰ ਦੇ ਐਸਐਸਪੀ ਵਰਿੰਦਰ ਸਿੰਘ ਸੰਧੂ ਅਤੇ ਫਿਰੋਜ਼ਪੁਰ ਦੇ ਐਸਐਸਪੀ ਗੁਰਮੀਤ ਸਿੰਘ ਦੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਸੀ। ਜਦੋਂ ਵਿਜੀਲੈਂਸ ਨੇ ਪ੍ਰੋਡਕਸ਼ਨ ਵਾਰੰਟ ‘ਤੇ ਗੋਇੰਦਵਾਲ ਸਾਹਿਬ ਜੇਲ੍ਹ ਤੋਂ ਡੀਐਸਪੀ ਲਖਬੀਰ ਸੰਧੂ ਤੋਂ ਪੁੱਛਗਿੱਛ ਕੀਤੀ ਤਾਂ ਜਾਂਚ ਟੀਮ ਨੂੰ ਕੁਝ ਮੋਬਾਈਲ ਰਿਕਾਰਡਿੰਗ ਮਿਲੇ।
ਪੁਲਿਸ ਅਧਿਕਾਰੀਆਂ ‘ਚ ਮਚਿਆ ਹੜਕੰਪ
ਇਸ ਮਾਮਲੇ ਸਬੰਧੀ DIG ਇੰਦਰਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਉਨ੍ਹਾਂ ਦਾ ਨਾਂ ਆਇਆ ਹੈ। ਇਨ੍ਹਾਂ ਮਾਮਲਿਆਂ ਦੀ ਜਾਂਚ ਚੱਲ ਰਹੀ ਹੈ ਅਤੇ ਮਾਮਲਾ ਅਦਾਲਤ ਵਿੱਚ ਹੈ। ਵਿਜੀਲੈਂਸ ਸੂਤਰਾਂ ਦਾ ਕਹਿਣਾ ਹੈ ਕਿ ਤਿੰਨ ਆਈਪੀਐਸ ਪੱਧਰ ਦੇ ਅਧਿਕਾਰੀਆਂ ਸਮੇਤ ਅੱਧਾ ਦਰਜਨ ਦੇ ਕਰੀਬ ਪੁਲਿਸ ਅਧਿਕਾਰੀਆਂ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ
ਪੰਜਾਬ ਵਿਜੀਲੈਂਸ ਬਿਊਰੋ ਸਿੱਧੇ ਤੌਰ ‘ਤੇ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਤੋਂ ਗੁਰੇਜ਼ ਕਰਦਾ ਹੈ। ਪਰ ਵਿਜੀਲੈਂਸ ਨੇ ਇਸ ਮਿੱਥ ਨੂੰ ਤੋੜਦੇ ਹੋਏ ਸਿੱਧੇ ਤੌਰ ‘ਤੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੀ ਇਸ ਕਾਰਵਾਈ ਨਾਲ ਪੁਲਿਸ ਅਧਿਕਾਰੀਆਂ ਵਿੱਚ ਹੜਕੰਪ ਮਚ ਗਿਆ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ