Jalandhar Lok Sabha Bypoll : ਚੋਣਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਚ ਜੁਟੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ

Published: 

12 Apr 2023 18:17 PM

Chief Election Commission ਨੇ ਜਿਮਨੀ ਚੋਣ ਨੂੰ ਲੈ ਕੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਤਿਆਰੀਆਂ ਅਤੇ ਇੰਤਜ਼ਾਮਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਵੀਰਵਾਰ ਤੋਂ ਸ਼ੁਰੂ ਹੋ ਰਹੀ ਨਾਮਜ਼ਦਗੀ ਪ੍ਰਕਿਰਿਆ ਲਈ ਸਮੁੱਚੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ।

Jalandhar Lok Sabha Bypoll : ਚੋਣਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਚ ਜੁਟੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ
Follow Us On

ਜਲੰਧਰ ਨਿਊਜ: ਜਲੰਧਰ ਲੋਕ ਸਭਾ ਹਲਕੇ (Jalandhar Lok Sabha Seat)ਦੀ 10 ਮਈ 2023 ਨੂੰ ਹੋਣ ਵਾਲੀ ਜਿਮਨੀ ਚੋਣ ਲਈ ਕੱਲ ਵੀਰਵਾਰ 13 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਨਾਮਜ਼ਦਗੀ ਪ੍ਰਕਿਰਿਆ ਲਈ ਸਾਰੀਆਂ ਤਿਆਰੀਆਂ ਮੁਕੰਮਲ ਤੋਂ ਇਲਾਵਾ ਜਿਮਨੀ ਚੋਣਾਂ ਨੂੰ ਅਮਨ-ਅਮਾਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਮੁੱਚੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਸਿਬਿਨ ਸੀ ਵੱਲੋਂ ਬੁੱਧਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. ਜਲੰਧਰ (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਸਮੇਤ ਕਈ ਅਧਿਕਾਰੀ ਹਾਜਰ

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੁੱਲ 1972 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ ਅਤੇ ਸਾਰੇ ਪੋਲਿੰਗ ਸਟੇਸ਼ਨਾਂ ਤੇ ਵੋਟਰਾਂ ਦੀ ਸਹੂਲਤ ਲਈ ਘੱਟੋ-ਘੱਟ ਲੋੜੀਂਦੀਆਂ ਸਹੂਲਤਾਂ ਤਹਿਤ ਪੀਣ ਯੋਗ ਪਾਣੀ, ਬਿਜਲੀ, ਪਖਾਨੇ, ਪੱਖੇ ਕੁਰਸੀਆਂ ਆਦਿ ਸਹੂਲਤਾਂ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ 44 ਮਾਡਲ ਪੋਲਿੰਗ ਸਟੇਸ਼ਨ ਅਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਵੁਮੈਨ ਓਨਲੀ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣਗੇ ਤਾਂ ਜੋ ਜਿਮਨੀ ਚੋਣਾਂ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਸਿਰੇ ਚਾੜ੍ਹਨ ਲਈ 4839 ਬੈਲਟ ਯੂਨਿਟ, 2927 ਕੰਟਰੋਲ ਯੂਨਿਟ ਅਤੇ 2973 ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰੇਲਜ਼ ਉਪਲਬਧ ਹਨ, ਜਿਨ੍ਹਾਂ ਦੀ ਫਸਟ ਲੈਵਲ ਚੈਕਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ 1972 ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਵੀ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਬਲਿਕ ਅਤੇ ਨਿੱਜੀ ਜਾਇਦਾਦਾਂ ਤੋਂ ਸਿਆਸੀ ਪਾਰਟੀਆਂ ਦੇ 9273 ਪੋਸਟਰ, ਬੈਨਰ, ਹੋਰਡਿੰਗ, ਵਾਲ ਰਾਈਟਿੰਗਜ਼ ਨੂੰ ਹਟਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ 14 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 10 ਐਕਸਾਈਜ਼ ਐਕਟ ਅਤੇ 4 ਐਨ.ਡੀ.ਪੀ.ਐਸ. ਐਕਟ ਤਹਿਤ ਰਜਿਸਟਰ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੀ-ਵਿਜਿਲ ਦੇ ਨਾਲ-ਨਾਲ 24×7 ਕੰਟਰੋਲ ਰੂਮ ਤੇ ਕਾਲ ਸੈਂਟਰ ਸਥਾਪਤ ਕੀਤਾ ਗਿਆ ਹੈ।

ਜਿਮਨੀ ਚੋਣ ਲਈ ਹੋਵੇਗੀ ਰਿਹਰਸਲ

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੇ ਸੰਚਾਲਨ ਸਬੰਧੀ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ, ਸੈਕਟਰ ਅਫ਼ਸਰਾਂ ਅਤੇ ਵਿਧਾਨ ਸਭਾ ਹਲਕਾ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਜਾ ਚੁੱਕੀ ਹੈ ਅਤੇ ਚੋਣ ਅਮਲੇ ਨੂੰ ਟ੍ਰੇਨਿੰਗ ਦੇਣ ਲਈ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਤੀ ਵਿਧਾਨ ਸਭਾ ਹਲਕਾ 15 ਈਵੀਐਮ/ਵੀਵੀਪੈਟ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਜਿਮਨੀ ਚੋਣਾਂ ਦੌਰਾਨ ਤਾਇਨਾਤ ਕੀਤੀਆਂ ਜਾਣ ਵਾਲੀਆਂ ਪੋਲਿੰਗ ਪਾਰਟੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਜਾ ਚੁੱਕੀ ਹੈ, ਜਿਨ੍ਹਾਂ ਨੂੰ 16 ਅਪ੍ਰੈਲ ਨੂੰ ਪਹਿਲੀ ਰਿਹਰਸਲ ਦੌਰਾਨ ਚੋਣ ਡਿਊਟੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰਾਂ ਦੇ ਚੋਣ ਖਰਚੇ ਤੇ ਸਖ਼ਤ ਨਜ਼ਰ ਰੱਖਣ ਲਈ ਲੇਖਾ ਟੀਮਾਂ, ਸਹਾਇਕ ਖਰਚਾ ਨਿਗਰਾਨ, ਜ਼ਿਲ੍ਹਾ ਪੱਧਰੀ ਖਰਚਾ ਨਿਗਰਾਨ ਸੈੱਲ ਸਥਾਪਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਖਰਚੇ ਦੀ ਗਣਨਾ ਸਮੇਂ ਅਪਣਾਈ ਜਾਣ ਵਾਲੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦੇਣ ਲਈ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਖਰਚਾ ਟੀਮਾਂ ਦੀ ਮਦਦ ਲਈ ਫਲਾਇੰਗ ਸਕੁਐਡ ਟੀਮਾਂ, ਸਟੈਟਿਕ ਸਰਵੇਲੈਂਸ ਟੀਮਾਂ, ਵੀਡੀਓ ਸਰਵੇਸੈਂਸ ਟੀਮਾਂ ਅਤੇ ਵੀਡੀਓ ਵਿਊਇੰਗ ਟੀਮਾਂ ਦਾ ਗਠਨ ਕਰਕੇ ਟੀਮਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ ਜਾ ਚੁੱਕਾ ਹੈ।

ਪੁਲਿਸ ਨੇ ਦਿੱਤੀ ਸੁਰੱਖਿਆ ਪ੍ਰਬੰਧਾ ਦੀ ਜਾਣਕਾਰੀ

ਇਸ ਦੌਰਾਨ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸਐਸਪੀ (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਨੇ ਸੀਈਓ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਜਿਮਨੀ ਚੋਣ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 56 ਫੀਸਦੀ ਲਾਇਸੰਸੀ ਅਸਲਾ ਪੁਲਿਸ ਥਾਣਿਆਂ ਅਤੇ ਗਨ ਹਾਊਸਿਸ ਵਿਖੇ ਜਮ੍ਹਾ ਕਰਵਾਇਆ ਜਾ ਚੁੱਕਾ ਹੈ। ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਪੈਰੋਲ ਜੰਪ ਕਰਨ ਵਾਲੇ ਕੁੱਲ 33 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਅੰਤਰਰਾਜੀ ਨਾਕਿਆਂ ਤੇ ਚੌਕਸੀ ਵੀ ਵਧਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜਿਮਨੀ ਚੋਣ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਪੁਖ਼ਤਾ ਬੰਦੋਬਸਤ ਕਰਦੇ ਹੋਏ ਲੋੜੀਂਦੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

ਦੋ ਦਿਨਾਂ ਅੰਦਰ ਅਸਲਾ ਜਮ੍ਹਾ ਕਰਾਉਣ ਦੀ ਅਪੀਲ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਸਲਾ ਜਮ੍ਹਾ ਕਰਵਾਉਣ ਤੋਂ ਰਹਿੰਦੇ ਅਸਲਾ ਧਾਰਕਾਂ ਨੂੰ ਦੋ ਦਿਨਾਂ ਦੇ ਅੰਦਰ ਆਪਣਾ ਲਾਇਸੰਸੀ ਅਸਲਾ ਜਮ੍ਹਾ ਕਰਾਉਣ ਦੀ ਅਪੀਲ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਲਈ ਵਾਹਨਾਂ ਦੀ ਵਰਤੋਂ ਲਈ ਪ੍ਰਵਾਨਗੀ ਲੈਣਾ ਲਾਜ਼ਮੀ ਹੈ ਅਤੇ ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਲਈ ਜੇਕਰ ਵਾਹਨ ਵਰਤੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਐਸ.ਐਸ.ਟੀ. ਜਾਂ ਪੁਲਿਸ ਵੱਲੋਂ ਜ਼ਬਤ ਕਰ ਲਿਆ ਜਾਵੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ