Politics on Campaign: ਰਾਸ਼ਟਰੀ ਸੋਗ ਮੌਕੇ ਸੀਐੱਮ ਦਾ ਰੋਡ ਸ਼ੋਅ, ਅਕਾਲੀ ਦੱਲ ਨੇ ਜਤਾਈ ਨਰਾਜਗੀ, ਭਖੀ ਸਿਆਸਤ
ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਨੂੰ ਜਦੋਂ ਚੋਣ ਪ੍ਰਚਾਰ ਬਾਰੇ ਸਵਾਲ ਪੁੱਛੇ ਗਏ ਤਾਂ ਉਹ ਗੱਲ ਨੂੰ ਮੋੜਦੀ ਨਜ਼ਰ ਆਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਵੀਡੀਓ ਦੇ ਤਿੰਨ-ਚਾਰ ਦਿਨ ਪੁਰਾਣਾ ਕਹਿਣ ਦਾ ਦਾਅਵਾ ਕੀਤਾ।
ਜਲੰਧਰ ਨਿਊਜ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਇੱਕ ਪਾਸੇ ਜਿੱਥੇ 26 ਅਤੇ 27 ਅਪ੍ਰੈਲ ਨੂੰ ਕੇਂਦਰ ਵੱਲੋਂ ਰਾਸ਼ਟਰੀ ਸੋਗ ਦੀ ਐਲਾਨ ਕੀਤਾ ਗਿਆ ਸੀ, ਤਾਂ ਉੱਥੇ ਹੀ ਪੰਜਾਬ ‘ਚ ਵੀ 27 ਅਪ੍ਰੈਲ ਨੂੰ ਸੂਬਾਈ ਸੋਗ ਦੇ ਨਾਲ-ਨਾਲ , ਸਰਕਾਰੀ ਛੁੱਟੀ ਦਾ ਵੀ ਐਲਾਨ ਕੀਤਾ ਗਿਆ ਸੀ। ਇਸ ਮੌਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ ਸਿਆਸੀ ਅਤੇ ਸੱਭਿਆਚਾਰਕ ਪ੍ਰੋਗਰਾਮ ਰੱਦ ਕਰ ਦਿੱਤੇ ਸਨ। ਪਰ ਇਸ ਦੌਰਾਨ 10 ਮਈ ਨੂੰ ਜਲੰਧਰ ਵਿੱਚ ਹੋਣ ਵਾਲੀ ਲੋਕ ਸਭਾ ਉਪ ਚੋਣ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਆਗੂਆਂ ਨੇ ਚੋਣ ਪ੍ਰਚਾਰ ਜਾਰੀ ਰੱਖਿਆ। 27 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਸਭ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ ਪਰ ਉਸ ਤੋਂ ਬਾਅਦ ਉਹ ਸ਼ਾਮ ਤੱਕ ਜਲੰਧਰ ਪਹੁੰਚ ਗਏ ਅਤੇ ਉੱਥੇ ਰੋਡ ਸ਼ੋਅ ਕਰਕੇ ਵੱਡੀ ਸੜਕ ਤੇ ਜਾਮ ਲਗਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਨੇ ਇਸ ਪੂਰੇ ਮਾਮਲੇ ‘ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਜਿਹੀ ਉਮੀਦ ਨਹੀਂ ਸੀ।
ਦੂਜੇ ਪਾਸੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਪ੍ਰਚਾਰ ਦੌਰਾਨ 26 ਅਪ੍ਰੈਲ ਨੂੰ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਦਿੱਲੀ ਤੋਂ ਚੰਡੀਗੜ੍ਹ ਪਹੁੰਚੇ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ, ਉਸੇ ਸਮੇਂ ਪੰਜਾਬ ਦੇ ਇਕ ਹੋਰ ਕੈਬਨਿਟ ਮੰਤਰੀ ਅਮਨ ਅਰੋੜਾ, ਢੋਲ ਨਾਲ ਜਲੰਧਰ ‘ਚ ਚੋਣ ਪ੍ਰਚਾਰ ਕਰ ਰਹੇ ਸਨ, ਹਾਲਾਂਕਿ ਜਦੋਂ ਉਨ੍ਹਾਂ ਨੂੰ ਇਸ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਢੋਲ ਵਜਾਉਣ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਉਹ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕਰਦੇ ਹਨ। ਉੱਧਰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਤੋਂ ਜਦੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਲੰਮੇ ਸਮੇਂ ਤੋਂ ਰਾਜਨੀਤੀ ਵਿਚ ਸਨ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ, ਉਹ ਉਨ੍ਹਾਂ ਦਾ ਬਹੁਤ ਸਤਿਕਾਰ ਕਰਦੇ ਹਨ। ਆਮ ਆਦਮੀ ਪਾਰਟੀ ਨੇ ਬਾਦਲ ਸਾਬ੍ਹ ਦੇ ਜਾਣ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਹੈ। ਮੁੱਖ ਮੰਤਰੀ ਦੇ ਰੋਡ ਸ਼ੋਅ ਨੂੰ ਲੈ ਕੇ ਅਕਾਲੀ ਦਲ ਵੱਲੋ ਸਵਾਲ ਚੁੱਕਣ ਤੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪੱਲੇ ਕੁਝ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਸਵਾਲ ਚੁੱਕਣ ਤੋਂ ਇਲਾਵਾ ਕੁਝ ਨਹੀਂ ਆਉਂਦਾ।
ਦੂਜੇ ਪਾਸੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇਸ ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਦਾ ਦੇਹਾਂਤ ਤੇ ਸੱਤਾਧਾਰੀ ਪਾਰਟੀ ਨੂੰ ਢੋਲ ਵਜਾ ਕੇ ਪ੍ਰਚਾਰ ਨਹੀਂ ਕਰਨਾ ਚਾਹੀਦਾ ਸੀ। ਹਾਲਾਂਕਿ, ਇਸ ਮਾਮਲੇ ਵਿੱਚ ਕਾਂਗਰਸ ਪਾਰਟੀ ਵੀ ਪਿੱਛੇ ਨਹੀਂ ਸੀ। ਕਾਂਗਰਸ ਨੇ 26 ਅਤੇ 27 ਅਪ੍ਰੈਲ ਨੂੰ ਲਗਾਤਾਰ ਚੋਣ ਪ੍ਰਚਾਰ ਪ੍ਰੋਗਰਾਮਾਂ ਦੌਰਾਨ ਢੋਲ ਦੀ ਥਾਪ ਤੇ ਚੋਣ ਪ੍ਰਚਾਰ ਕੀਤਾ। ਦੂਜੇ ਪਾਸੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਬਿੱਟੂ ਨੇ ਪ੍ਰਕਾਸ਼ ਸਿੰਘ ਬਾਦਲ ਬਾਰੇ ਕਿਹਾ ਕਿ ਉਨ੍ਹਾਂ ਦੀ ਮੌਤ ‘ਤੇ ਸਾਰਿਆਂ ਦੀਆਂ ਅੱਖਾਂ ਨਮ ਹਨ ਅਤੇ ਇਸ ‘ਤੇ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ। ਹਾਲਾਂਕਿ ਕਾਂਗਰਸ ਵੱਲੋਂ ਚੋਣ ਪ੍ਰਚਾਰ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਕੁਝ ਨਹੀਂ ਕਹਿਣਾ ਚਾਹੁੰਦੇ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ