Punjab Weather: ਪੰਜਾਬ ‘ਚ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਤਿਆਰ-ਕੈਬਨਿਟ ਮੰਤਰੀ
ਕੈਬਨਿਟ ਮੰਤਰੀ ਬਲਕਾਰ ਸਿੰਘ ਤੇ ਤੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਵੱਲੋਂ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਕਾਰਜਾਂ ਦੀ ਸਮੀਖਿਆ ਕੀਤੀ ਗਈ। ਉਨਾਂ ਕਿਹਾ ਕਿ ਮਾਨਸੂਨ ਦੌਰਾਨ ਪੰਜਾਬ ਨੂੰ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਉਣ ਲਈ ਸਰਕਾਰ ਹਰ ਸੰਭਵ ਕੰਮ ਕਰ ਰਹੀ ਹੈ।
ਜਲੰਧਰ। ਕੈਬਨਿਟ ਮੰਤਰੀ ਬਲਕਾਰ ਸਿੰਘ (Balkar Singh) ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਐਤਵਾਰ ਨੂੰ ਗਿੱਦੜਪਿੰਡੀ ਵਿਖੇ ਹੜ੍ਹ ਸੰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ ਅਤੇ ਮੌਜੂਦਾ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਅਤੇ ਰਾਜ ਸਭਾ ਮੈਂਬਰ ਨੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਹੜ੍ਹ ਸੰਵੇਦਨਸ਼ੀਲ ਪਿੰਡਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਲਗਾਤਾਰ ਮੀਂਹ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਅਤੇ ਰਾਜ ਸਭਾ ਮੈਂਬਰ (Rajya Sabha Member) ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਹੜ੍ਹਾਂ ਤੋਂ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਹੜ੍ਹ ਕੰਟਰੋਲ ਰੂਮ ਕੀਤਾ ਗਿਆ ਸਥਾਪਿਤ-ਡੀਸੀ
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰ ਤੇ ਪਹਿਲਾਂ ਹੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਜਾ ਚੁੱਕਾ ਹੈ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਸਾਰੀ ਸਥਿਤੀ ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ (Sutlej River) ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਸਬੰਧਤ ਵਿਭਾਗਾਂ ਵੱਲੋਂ ਲੋੜੀਂਦੇ ਸੁਰੱਖਿਆ ਕਾਰਜ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਅਧਿਕਾਰੀਆਂ ਨੇ ਮੰਤਰੀ ਅਤੇ ਸੰਸਦ ਮੈਂਬਰ ਨੂੰ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਸ ਸਾਲ ਲਈ ਹੜ੍ਹ ਰੋਕੂ ਕਾਰਜ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਮਾਨਸੂਨ ਦੌਰਾਨ ਦਰਿਆ ਦੇ ਪਾਣੀ ਦੇ ਪੱਧਰ ‘ਤੇ ਅਧਿਕਾਰੀਆਂ ਵੱਲੋਂ ਪੂਰੀ ਨਜ਼ਰ ਰੱਖੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਤੋਂ ਬਚਿਆ ਜਾ ਸਕੇ।
ਹੜ੍ਹ ਸੰਭਾਵਿਤ ਪਿੰਡਾਂ ਨੂੰ ਖਾਲੀ ਕਰਵਾਉਣ ਲਈ ਕਿਹਾ
ਦੂਜੇ ਪਾਸੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਉਪ ਮੰਡਲ ਮੈਜਿਸਟ੍ਰੇਟ ਸ਼ਾਹਕੋਟ ਨੂੰ ਅਹਿਤਿਆਤ ਦੇ ਤੌਰ ਤੇ 50 ਨੀਵੇਂ ਅਤੇ ਹੜ੍ਹਾਂ ਸੰਭਾਵਿਤ ਪਿੰਡਾਂ ਨੂੰ ਖਾਲੀ ਕਰਵਾਉਣ ਲਈ ਕਿਹਾ ਹੈ ਤਾਂ ਜੋ ਜੇਕਰ ਹੜ੍ਹਾਂ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਇਨ੍ਹਾਂ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਐਤਵਾਰ ਨੂੰ ਸੰਵੇਦਨਸ਼ੀਲ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਦਰਿਆ ਦੇ ਪਾਣੀ ਦੇ ਪੱਧਰ ‘ਤੇ ਨੇੜਿਓਂ ਨਜ਼ਰ ਰੱਖਣ ਲਈ ਜ਼ਰੂਰੀ ਨਿਰਦੇਸ਼ ਵੀ ਜਾਰੀ ਕੀਤੇ ਤਾਂ ਜੋ ਲੋੜੀਂਦੇ ਪ੍ਰਬੰਧ ਸਮੇਂ ਸਿਰ ਕੀਤੇ ਜਾ ਸਕਣ।
ਲੋਕਾਂ ਦੀ ਸੁਰੱਖਿਆ ਨੂੰ ਬਣਾਇਆ ਜਾਵੇ ਯਕੀਨੀ-ਡੀਸੀ
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਮਿਆਂ ਦੌਰਾਨ ਹੜ੍ਹਾਂ ਦੀ ਮਾਰ ਹੇਠ ਆਉਣ ਵਾਲੇ ਪਿੰਡਾਂ ਵਿੱਚ ਰਹਿਣ ਵਾਲੀ ਆਬਾਦੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਹਿਤਿਆਤੀ ਤੌਰ ਤੇ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜਲੰਧਰ ਜ਼ਿਲ੍ਹਾ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀਆਂ ਨੂੰ ਸਬ ਡਵੀਜ਼ਨ ਵਿੱਚ ਇੰਚਾਰਜਾਂ ਵਜੋਂ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਸਕੇ।
ਇਹ ਵੀ ਪੜ੍ਹੋ
ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੂੰ ਸ਼ਾਹਕੋਟ ਬਲਾਕ ਦਾ ਇੰਚਾਰਜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਲੋਹੀਆਂ ਬਲਾਕ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੂੰ ਫਿਲੌਰ ਅਤੇ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਨੂੰ ਮਹਿਤਪੁਰ ਬਲਾਕ ਦਾ ਇੰਚਾਰਜ ਲਗਾਇਆ ਗਿਆ ਹੈ। ਇਨ੍ਹਾਂ ਅਧਿਕਾਰੀਆਂ ਨੂੰ ਸਮੁੱਚੀ ਸਥਿਤੀ ਦੀ 24X7 ਨਿਗਰਾਨੀ ਕਰਨ ਲਈ ਆਪੋ-ਆਪਣੇ ਬਲਾਕਾਂ ਵਿੱਚ ਤਾਇਨਾਤ ਰਹਿਣ ਲਈ ਕਿਹਾ ਗਿਆ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ