Indian Student in Canda: 700 ਵਿਦਿਆਰਥੀਆਂ ਦੇ ਡਿਪੋਰਟ ਮਾਮਲੇ ਤੋਂ ਬਾਅਦ ਜਾਗਿਆ ਪ੍ਰਸ਼ਾਸਨ, ਫਰਜ਼ੀ ਟ੍ਰੈਵਲ ਏਜੰਟਾਂ ‘ਤੇ ਹੋਵੇਗਾ ਐਕਸ਼ਨ
ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਬਾਹਰ ਭੇਜਣ ਵਾਲੇ ਏਜੰਟਾਂ ਦੇ ਲਾਇਸੰਸਾਂ ਦੀ ਚੈਕਿੰਗ ਲਈ ਵਿਸ਼ੇਸ਼ ਟੀਮਾਂ ਦਾ ਕੀਤਾ ਗਠਨ। ਅਧਿਕਾਰੀਆਂ ਨੂੰ ਜਾਂਚ ਕਰਕੇ 10 ਜੁਲਾਈ ਤੱਕ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਡੀਸੀ ਨੇ ਕਿਹਾ ਕਿ ਫਰਾਡ ਕਰਨ ਵਾਲੇ ਏਜੰਟਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਜਲੰਧਰ ਨਿਊਜ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਲੰਧਰ (Jalandhar) ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੀਆਂ ਸਾਰੀਆਂ ਇਮੀਗ੍ਰੇਸ਼ਨ ਫਰਮਾਂ ਦੀ ਚੈਕਿੰਗ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ। ਆਪਣੇ ਹੁਕਮਾਂ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਉਪ ਮੰਡਲ ਮੈਜਿਸਟ੍ਰੇਟ, ਡਿਪਟੀ ਸੁਪਰਡੈਂਟ ਆਫ਼ ਪੁਲਿਸ, ਸਟੇਸ਼ਨ ਹਾਊਸ ਅਫ਼ਸਰਾਂ ਅਤੇ ਤਹਿਸੀਲਦਾਰਾਂ ਸਮੇਤ ਮੈਂਬਰ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਇਨ੍ਹਾਂ ਕਮੇਟੀਆਂ ਨੂੰ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਸਾਰੇ ਏਜੰਟਾਂ ਦੇ ਕਾਗਜ ਚੈੱਕ ਕਰਨ ਦੇ ਨਿਰਦੇਸ਼ ਹਨ ਤਾਂ ਜੋ ਏਜੰਟਾਂ ਦੀ ਧੋਖਾਧੜੀ ਰੋਕੀ ਜਾ ਸਕੇ।
ਇਸ ਸਬੰਧੀ ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ (Deputy Commissioner) ਨੇ ਕਿਹਾ ਕਿ ਸਾਰੀਆਂ ਫਰਮਾਂ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਇਮੀਗ੍ਰੇਸ਼ਨ ਫਰਮਾਂ ਵੱਲੋਂ ਕਿਸੇ ਕਿਸਮ ਦੀ ਧੋਖਾਧੜੀ ਦਾ ਸਾਹਮਣਾ ਨਾ ਕਰਨਾ ਪਵੇ।


