ਕੇਵਲ ਢਿੱਲੋਂ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ, ਮੁਲਾਕਾਤ ਦੀਆਂ ਸਾਂਝੀਆਂ ਕੀਤੀਆਂ ਤਸਵੀਰਾਂ
ਕੇਵਲ ਸਿੰਘ ਢਿੱਲੋਂ ਨੇ ਆਪਣੀ ਪੋਸਟ 'ਚ ਲਿਖਿਆ ਕਿ ਬਾਬਾ ਜੀ ਦੇ ਦਰਸ਼ਨ ਕਰਕੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਉਹ ਆਪਣੇ ਆਪ ਨੂੰ ਬੇਹੱਦ ਭਾਗਸ਼ਾਲੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀ ਦਾ ਆਸ਼ੀਰਵਾਦ ਸਾਡੇ ਲਈ ਸਭ ਤੋਂ ਵੱਡੀ ਬਖ਼ਸ਼ਿਸ਼ ਹੈ।
ਕੇਵਲ ਢਿੱਲੋਂ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ, ਸੂਬਾ ਪ੍ਰਧਾਨ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਨਿਵਾਸ ਸਥਾਨ ‘ਤੇ ਬੀਤੇ ਦਿਨ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਮੁਲਾਕਾਤ ਕੀਤੀ। ਕੇਵਲ ਸਿੰਘ ਢਿੱਲੋਂ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਬਾਬਾ ਜੀ ਦੇ ਦਰਸ਼ਨ ਤੇ ਆਸ਼ੀਰਵਾਦ ਪ੍ਰਾਪਤ ਕਰਨ ‘ਤੇ ਖੁਸ਼ੀ ਜ਼ਾਹਰ ਕੀਤੀ।
ਕੇਵਲ ਸਿੰਘ ਢਿੱਲੋਂ ਨੇ ਆਪਣੀ ਪੋਸਟ ‘ਚ ਲਿਖਿਆ ਕਿ ਬਾਬਾ ਜੀ ਦੇ ਦਰਸ਼ਨ ਕਰਕੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਉਹ ਆਪਣੇ ਆਪ ਨੂੰ ਬੇਹੱਦ ਭਾਗਸ਼ਾਲੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀ ਦਾ ਆਸ਼ੀਰਵਾਦ ਸਾਡੇ ਲਈ ਸਭ ਤੋਂ ਵੱਡੀ ਬਖ਼ਸ਼ਿਸ਼ ਹੈ।
2027 ਦੀਆਂ ਚੋਣਾਂ ਲਈ ਭਾਜਪਾ ਨੇ ਬਣਾਈਆਂ ਦੋ ਅਹਿਮ ਕਮੇਟੀਆਂ
ਦੂਜੇ ਪਾਸੇ, ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਅੱਗੇ ਵਧਾਉਂਦਿਆਂ ਕੇਵਲ ਸਿੰਘ ਢਿੱਲੋਂ ਵੱਲੋਂ ਦੋ ਅਹਿਮ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ। ਇਨ੍ਹਾਂ ‘ਚ ਸੂਬਾ ਮੈਨੀਫੈਸਟੋ ਕਮੇਟੀ ਤੇ ਸੂਬਾ ਚਾਰਜਸ਼ੀਟ ਕਮੇਟੀ ਸ਼ਾਮਲ ਹਨ। ਪਾਰਟੀ ਵੱਲੋਂ ਇਨ੍ਹਾਂ ਕਮੇਟੀਆਂ ‘ਚ ਕਈ ਸੀਨੀਅਰ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਇਹ ਵੀ ਪੜ੍ਹੋ
ਸੂਬਾ ਮੈਨੀਫੈਸਟੋ ਕਮੇਟੀ ਦੀ ਕਮਾਨ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਸੌਂਪੀ ਗਈ ਹੈ। ਇਸ 13 ਮੈਂਬਰੀ ਕਮੇਟੀ ‘ਚ ਮਨਪ੍ਰੀਤ ਸਿੰਘ ਬਾਦਲ, ਅਸ਼ਵਨੀ ਸ਼ਰਮਾ, ਮਨੋਰੰਜਨ ਕਾਲੀਆ, ਸੋਮ ਪ੍ਰਕਾਸ਼, ਰਾਣਾ ਗੁਰਮੀਤ ਸਿੰਘ ਸੋਢੀ, ਅਸ਼ਵਨੀ ਸੇਖੜੀ, ਸਤਨਾਮ ਸਿੰਘ ਸੰਧੂ, ਰਾਘਵ ਚੱਢਾ, ਰਾਜਿੰਦਰ ਗੁਪਤਾ, ਹਰਭਜਨ ਸਿੰਘ, ਪਰਮਪਾਲ ਕੌਰ ਤੇ ਐਡਵੋਕੇਟ ਐਚ.ਐਸ. ਫੂਲਕਾ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਪਾਰਟੀ ਦਾ ਚੋਣ ਮਨੋਰਥ ਪੱਤਰ ਤੇ ਵਿਜ਼ਨ ਡਾਕੂਮੈਂਟ ਤਿਆਰ ਕਰੇਗੀ।
ਸੁਨੀਲ ਜਾਖੜ ਨੂੰ ਮਿਲੀ ਚਾਰਜਸ਼ੀਟ ਕਮੇਟੀ ਦੀ ਜ਼ਿੰਮੇਵਾਰੀ
ਇਸ ਦੇ ਨਾਲ ਹੀ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਚਾਰਜਸ਼ੀਟ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ 14 ਮੈਂਬਰੀ ਕਮੇਟੀ ‘ਚ ਇਕਬਾਲ ਸਿੰਘ ਲਾਲਪੁਰਾ, ਵਿਜੇ ਸਾਂਪਲਾ, ਸ਼ਵੇਤ ਮਲਿਕ, ਪ੍ਰਨੀਤ ਕੌਰ, ਰਵਨੀਤ ਸਿੰਘ ਬਿੱਟੂ, ਦਿਨੇਸ਼ ਬੱਬੂ, ਸੁਸ਼ੀਲ ਰਿੰਕੂ, ਗੇਜਾ ਰਾਮ, ਵਿਕਰਮਜੀਤ ਸਿੰਘ ਸਾਹਨੀ, ਅਸ਼ੋਕ ਮਿੱਤਲ, ਸੰਦੀਪ ਪਾਠਕ, ਐਸ.ਐਸ. ਚੰਨੀ ਤੇ ਜਗਮੀਤ ਸਿੰਘ ਬਰਾੜ ਨੂੰ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਕੰਮਕਾਜ ਨਾਲ ਜੁੜੇ ਮੁੱਦਿਆਂ ਨੂੰ ਇਕੱਠਾ ਕਰਕੇ ਚਾਰਜਸ਼ੀਟ ਤਿਆਰ ਕੀਤੀ ਜਾਵੇਗੀ।
2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਕੀਤੇ ਜਾ ਰਹੇ ਇਹ ਸੰਗਠਨਾਤਮਕ ਐਲਾਨ ਸੂਬੇ ‘ਚ ਪਾਰਟੀ ਦੀਆਂ ਚੋਣ ਤਿਆਰੀਆਂ ਦਾ ਹਿੱਸਾ ਹਨ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ‘ਚ ਪਾਰਟੀ ਆਪਣੀ ਚੋਣ ਰਣਨੀਤੀ ਨੂੰ ਕਿਸ ਤਰ੍ਹਾਂ ਅੱਗੇ ਵਧਾਉਂਦੀ ਹੈ।
