Khalistan Flags: ਬਠਿੰਡਾ ਦੀ ਲਹਿਰਾ ਮੁਹੱਬਤ ਰੇਲਵੇ ਲਾਈਨ ‘ਤੇ ਲੱਗੇ ਖਾਲਿਸਤਾਨ ਦੇ ਝੰਡੇ
Amritsar ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ ਬਾਹਰ ਬੀਤੇ ਦਿਨੀਂ ਖਾਲਿਸਤਾਨ ਜ਼ਿੰਦਾਬਾਦ ਦੇ ਬੈਨਰ ਅਤੇ ਪੋਸਟਰ ਲਗਾਏ ਗਏ ਸਨ। ਇਸ ਤੋਂ ਪਹਿਲਾਂ ਜਲੰਧਰ ਸ਼ਹਿਰ ਦੇ ਵਿੱਚ ਖਾਲਿਸਤਾਨ ਦੇ ਪੋਸਟਰ ਲਗਾਏ ਸਨ।
ਬਠਿੰਡਾ ਨਿਊਜ: ਖਾਲਿਸਤਾਨੀ ਅਤੇ ਵੱਖਰੇ ਦੇਸ਼ ਦੀ ਮੰਗ ਨੂੰ ਲੈਕੇ ਪੰਜਾਬ ਅੰਦਰ ਅਕਸਰ ਹੀ ਸਿੱਖ ਫਾਰ ਜਸਟਿਸ (Sikh for Justice) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਵੱਲੋਂ ਗਤੀਵਿਧੀਆਂ ਚਲਾਈਆਂ ਜਾਂਦੀਆਂ ਨੇ। ਜਿਸ ਤਹਿਤ ਪੰਜਾਬ ਵਿੱਚ ਖਾਲਿਸਤਾਨ ਦੇ ਪੋਸਟਰ ਜਾਂ ਫਲੈਗ ਲੱਗਣ ਦੀਆਂ ਘਟਨਾਵਾਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆਂ ਹਨ। ਹੁਣ ਬਠਿੰਡਾ ਦੇ ਲਹਿਰਾ ਮੁਹੱਬਤ ਦੇ ਥਰਮਲ ਪਲਾਂਟ ਨੂੰ ਜਾਂਦੀ ਰੇਲਵੇ ਲਾਈਨ ਉੱਤੇ ਖਾਲਿਸਤਾਨ ਦੇ ਝੰਡੇ ਲਗਾਏ ਹਨ। ਖਾਲਿਸਤਾਨ ਦੇ ਝੰਡੇ ਦੇਖਣ ਤੋਂ ਬਾਅਦ ਰੇਲਵੇ ਪੁਲਿਸ ਨੇ ਮੌਕੇ ਦਾ ਜਾਇਜ਼ਾ ਲਿਆ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਝੰਡੇ ਕਿਸ ਵਿਅਕਤੀ ਨੇ ਲਗਾਏ ਹਨ।ਟ
ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਦੀ ਖੁੱਲੀ ਪੋਲ
ਇਸ ਮਾਮਲੇ ਦੀ ਰੇਲਵੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ, ਪਰ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਪੰਜਾਬ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ, ਉੱਥੇ ਹੀ ਇਸ ਨੇ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਦੇ ਦਾਅਵਿਆਂ ਦੀ ਪੋਲ ਵੀ ਖੋਲ੍ਹ ਦਿੱਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਖਾਲਿਸਤਾਨ ਦੇ ਝੰਡੇ ਲਗਾਉਣ ਵਾਲਿਆਂ ਵੱਲੋਂ ਰੇਲਵੇ ਟਰੈਕ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ। ਪੰਜਾਬ ਵਿੱਚ ਅਜਿਹੀ ਘਟਨਾਵਾਂ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੰਦੀ ਹੈ। ਇਕ ਪਾਸੇ ਪੰਜਾਬ ਸਰਕਾਰ ਵੱਡੇ-ਵੱਡੇ ਦਾਅਵੇ ਕਰਦੀ ਹੈ ਦੂਜੇ ਪਾਸੇ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ।
ਪੰਜਾਬ ਦੀਆਂ ਰੇਲਵੇ ਲਾਈਨਾਂ ਨੂੰ ਬਣਾਇਆ ਜਾ ਰਿਹਾ ਹੈ ਨਿਸ਼ਾਨਾ
ਜਿਕਰਯੋਗ ਹੈ ਕਿ ਬੀਤੀ ਸੱਤ ਮਾਰਚ ਨੂੰ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ ਮੱਖੂ ਰੇਲਵੇ ਸਟੇਸ਼ਨ ਉੱਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਅਤੇ ਨਾਅਰਿਆਂ ਰਾਹੀਂ ਸਪੱਸ਼ਟ ਸੰਦੇਸ਼ ਖਾਲਿਸਤਾਨ ਦੇ ਹੱਕ ਵਿੱਚ ਦਿੱਤਾ ਗਿਆ। ਇਸ ਘਟਨਾ ਤੋਂ ਕੁਝ ਸਮੇਂ ਬਾਅਦ ਗੁਰਵੰਤ ਸਿੰਘ ਪੰਨੂੰ ਵੱਲੋਂ ਵੀਡੀਓ ਵਾਇਰਲ ਕੀਤੀ ਗਈ ਜਿਸ ਵਿਚ ਉਸਨੇ ਕਿਹਾ ਕਿ ਮੱਖੂ ਰੇਲਵੇ ਸਟੇਸ਼ਨ ਉੱਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਨਾਲ ਨਾਲ ਹੋਰ ਸ਼ਹਿਰਾਂ ਵਿੱਚ 15 ਅਤੇ 16 ਮਾਰਚ ਨੂੰ ਬਠਿੰਡਾ, ਅੰਮ੍ਰਿਤਸਰ ਅਤੇ ਲੁਧਿਆਣਾ ਜੰਕਸ਼ਨ ਦੀਆਂ ਸਾਰੀਆਂ ਟਰੇਨਾ ਬੰਦ ਰਹਿਣਗੀਆਂ । ੳਸ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਪੰਜਾਬੀ 15 ਅਤੇ 16 ਤਾਰੀਕ ਨੂੰ ਰੇਲਾਂ ਉੱਤੇ ਨਾ ਚੜ੍ਹੇ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ