ਖੰਨਾ ਪੁਲਿਸ ਵੱਲੋਂ ਲੁਟੇਰਾ ਗੈਂਗ ਦਾ ਪਰਦਾਫਾਸ਼, 4 ਮੁਲਜ਼ਮ ਗ੍ਰਿਫ਼ਤਾਰ; ਇੱਕ ਫਰਾਰ
ਪੁਲਿਸ ਦਾ ਦਾਅਵਾ ਹੈ ਕਿ ਇਹ ਗੈਂਗ ਖੰਨਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਲਾਂਕਿ, ਇਸ ਮਾਮਲੇ ਵਿੱਚ ਇੱਕ ਮੁਲਜ਼ਮ ਫਰਾਰ ਹੈ।
ਖੰਨਾ ਪੁਲਿਸ ਨੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੱਕ ਸ਼ਾਤਰ ਲੁਟੇਰਾ ਗੈਂਗ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹ ਗੈਂਗ ਖੰਨਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।
4 ਮੁਲਜ਼ਮ ਗ੍ਰਿਫ਼ਤਾਰ, ਇੱਕ ਫਰਾਰ
ਐਸਪੀ (ਜਾਂਚ) ਪਵਨਜੀਤ ਨੇ ਦੱਸਿਆ ਕਿ ਸਿਟੀ ਥਾਣਾ-2 ਦੇ ਐਸਐਚਓ ਤਰਵਿੰਦਰ ਕੁਮਾਰ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਦੇ ਆਧਾਰ ‘ਤੇ ਨਾਕਾਬੰਦੀ ਦੌਰਾਨ ਰਾਜਧਾਨੀ ਇਨਕਲੇਵ ਨੇੜੇ ਮਲੇਰਕੋਟਲਾ ਰੋਡ ਤੋਂ ਯਾਦਵਿੰਦਰ ਸਿੰਘ ਉਰਫ ਜਿੰਮੀ, ਅਸਲਮ ਮੁਹੰਮਦ ਉਰਫ ਆਸ਼ੂ, ਸੁਖਦੀਪ ਸਿੰਘ ਉਰਫ ਪੋਪੋ ਅਤੇ ਦਵਿੰਦਰ ਕੌਰ ਨੂੰ ਕਾਬੂ ਕੀਤਾ ਗਿਆ। ਸਾਰੇ ਮੁਲਜ਼ਮ ਮਲੇਰਕੋਟਲਾ ਦੇ ਪਿੰਡ ਬਾਗੜੀਆਂ ਦੇ ਰਹਿਣ ਵਾਲੇ ਹਨ। ਇੱਕ ਹੋਰ ਮੁਲਜ਼ਮ ਗੁਰਮੀਤ ਕੌਰ ਹਾਲੇ ਫਰਾਰ ਹੈ।
ਪੁਲਿਸ ਅਨੁਸਾਰ ਮੁਲਜ਼ਮ ਰਾਹਗੀਰਾਂ, ਬਜ਼ੁਰਗਾਂ, ਔਰਤਾਂ ਅਤੇ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਇਹ ਮੋਬਾਈਲ ਫੋਨ, ਨਕਦੀ, ਸੋਨੇ ਦੀਆਂ ਚੇਨਾਂ, ਵਾਲੀਆਂ ਅਤੇ ਹੋਰ ਕੀਮਤੀ ਸਾਮਾਨ ਖੋਹ ਲੈਂਦੇ ਸਨ। ਇਸ ਤੋਂ ਇਲਾਵਾ ਸਕੂਟਰ ਅਤੇ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਵੀ ਕਰਦੇ ਸਨ।
ਮੁਲਜ਼ਮਾਂ ਤੋਂ ਹੋਈ ਵੱਡੀ ਬਰਾਮਦਗੀ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੈਂਗ ਨੇ ਖੰਨਾ, ਸਮਰਾਲਾ, ਫਤਹਿਗੜ੍ਹ ਸਾਹਿਬ, ਮਾਲੇਰਕੋਟਲਾ, ਪਟਿਆਲਾ, ਲੁਧਿਆਣਾ ਦਿਹਾਤੀ ਅਤੇ ਬਰਨਾਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ 12 ਤੋਂ 13 ਵਾਰਦਾਤਾਂ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚਾਰ ਸੋਨੇ ਦੀਆਂ ਚੇਨਾਂ, ਚਾਰ ਜੋੜੇ ਸੋਨੇ ਦੀਆਂ ਵਾਲੀਆਂ, ਇੱਕ ਬਿਨਾਂ ਨੰਬਰੀ ਪਲਸਰ ਮੋਟਰਸਾਈਕਲ ਅਤੇ ਇੱਕ ਲੋਹੇ ਦਾ ਦਾਹ ਵੀ ਬਰਾਮਦ ਕੀਤਾ ਹੈ।
ਜਾਂਚ ਦੌਰਾਨ ਹੋਣਗੇ ਵੱਡੇ ਖੁਲਾਸੇ
ਪੁਲਿਸ ਨੇ ਦੱਸਿਆ ਕਿ ਗੈਂਗ ਤੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਕਈ ਵਾਰਦਾਤਾਂ ਦੇ ਖੁਲਾਸੇ ਦੀ ਸੰਭਾਵਨਾ ਹੈ। ਫਰਾਰ ਮੁਲਜ਼ਮ ਨੂੰ ਜਲਦੀ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਖੰਨਾ ਪੁਲਿਸ ਨੇ ਕਿਹਾ ਕਿ ਸੰਗਠਿਤ ਅਪਰਾਧ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ।


