ਸਜਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਸੜਕਾਂ ‘ਤੇ ਉਤਰੇ ਕਿਸਾਨ
ਪੰਜਾਬ ਦੇ 19 ਜ਼ਿਲ੍ਹਿਆਂ ਅਤੇ 20 ਥਾਵਾਂ 'ਤੇ ਕਿਸਾਨ ਯੁਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਡੀਸੀ ਦਫ਼ਤਰ ਦੇ ਮੂਹਰੇ ਧਰਨੇ ਦਿੱਤੇ ਗਏ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਹਰ ਧਰਮ ਦੇ ਕੈਦੀ ਰਿਹਾ ਹੋਣੇ ਚਾਹੀਦੇ ਹਨ।
ਬਠਿੰਡਾ। ਸਜਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੋਮਵਾਰ ਨੂੰ ਜੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨਕਾਰੀਆਂ ਦੀ ਮੰਗ ਸੀ ਕਿ ਹਰ ਉਹ ਕੈਦੀ ਰਿਹਾ ਹੋਣਾ ਚਾਹੀਦਾ ਹੈ, ਜੋ ਆਪਣੀ ਸਜਾ ਪੂਰੀ ਕਰ ਚੁੱਕਿਆ ਹੈ, ਫਿਰ ਭਾਵੇਂ ਉਹ ਕਿਸੇ ਵੀ ਧਰਮ ਦਾ ਕਿਉਂ ਨਾ ਹੋਵੇ।
ਡੀਸੀ ਦਫ਼ਤਰ ਦੇ ਬਾਹਰ ਧਰਨੇ
ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਅੱਜ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਡੀਸੀ ਦਫ਼ਤਰ ਦੇ ਬਾਹਰ ਧਰਨੇ ਲਾਏ ਗਏ ਹਨ। ਉਨ੍ਹਾਂ ਦੀ ਮੰਗ ਹੈ ਕਿ ਜੇਲ੍ਹਾਂ ਦੇ ਵਿਚ ਜੋ ਵੀ ਕੈਦੀ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਉਨ੍ਹਾਂ ਨੂੰ ਜਲਦ ਰਿਹਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਸਿਰਫ ਸਿੱਖ ਕੈਦੀਆਂ ਲਈ ਹੀ ਨਹੀਂ, ਸਗੋਂ ਸਜਾ ਪੂਰੀ ਕਰ ਚੁੱਕੇ ਹਰ ਧਰਮ ਦੇ ਕੈਦੀ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਛੇਤੀ ਹੀ ਉਨ੍ਹਾਂ ਦੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੂੰ ਸੌੰਪਿਆ ਮੰਗ ਪੱਤਰ
ਦੂਜੇ ਪਾਸੇ ਧਰਨੇ ਵਿੱਚ ਸ਼ਾਮਲ ਹੋਈਆਂ ਮਹਿਲਾ ਕਿਸਾਨਾਂ ਦਾ ਆਖਣਾ ਹੈ ਕਿ ਸਰਕਾਰ ਜਾਣਬੁੱਝ ਕੇ ਸਜਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾ ਕਰਨ ਚ ਦੇਰ ਕਰ ਰਹੀ ਹੈ। ਇਸ ਲਈ ਸਰਕਾਰ ਤੱਕ ਆਪਣੀ ਆਵਾਜ ਪਹੁੰਚਾਉਣ ਲਈ ਉਨ੍ਹਾਂ ਵੱਲੋਂ ਪੰਜਾਬ ਵਿਚ 19 ਜ਼ਿਲ੍ਹਿਆਂ ਅਤੇ 20 ਥਾਵਾਂ ਉੱਤੇ ਧਰਨ ਲਾਏ ਗਏ ਹਨ ਅਤੇ ਆਪਣਾ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ ਹੈ ਤਾਂ ਜੋ ਸਾਡੀ ਆਵਾਜ ਛੇਤੀ ਤੋਂ ਛੇਤੀ ਸਰਕਾਰ ਤੱਕ ਪਹੁੰਚ ਸਕੇ।