WTO ਕਵਿਟ ਡੇਅ ਤਹਿਤ SKM ਦੀ ਪ੍ਰਧਾਨਗੀ ਹੇਠ ਕਿਸਾਨਾਂ ਦਾ ਟਰੈਕਟਰ ਮਾਰਚ, ਬਾਰਡਰਾਂ ਤੇ ਸਾੜੇ ਜਾ ਰਹੇ ਪੁਤਲੇ Punjabi news - TV9 Punjabi

Kisan Protest: ‘WTO ਕਵਿਟ ਡੇਅ’ ਤਹਿਤ SKM ਦੀ ਪ੍ਰਧਾਨਗੀ ਹੇਠ ਕਿਸਾਨਾਂ ਦਾ ਟਰੈਕਟਰ ਮਾਰਚ, ਬਾਰਡਰਾਂ ਤੇ ਸਾੜੇ ਜਾ ਰਹੇ ਪੁਤਲੇ

Updated On: 

26 Feb 2024 14:45 PM

Farmer's Tractor March: ਪੰਜਾਬ ਤੋਂ ਦਿੱਲੀ ਲਈ ਰਵਾਨਾ ਹੋਏ ਕਿਸਾਨ ਅੰਦੋਲਨ ਦਾ ਅੱਜ 14ਵਾਂ ਦਿਨ ਹੈ। ਫਿਲਹਾਲ ਕਿਸਾਨ ਆਗੂਆਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਕਿਸਾਨਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਬੈਠੇ ਹੋਏ ਹਨ। ਪਿਛਲੀ ਦਿਨੀਂ ਕਿਸਾਨਾਂ ਨੇ ਡਬਲਿਓਟੀਓ ਦੇ ਖਿਲਾਫ਼ ਕਾਨਵੈਨਸ਼ਨਾਂ ਕਰਵਾਈਆਂ ਸਨ। ਜਿਸ ਤੋਂ ਬਾਅਦ ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚਾ (SKM) ਨੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਣ ਦਾ ਫੈਸਲਾ ਲਿਆ।

Kisan Protest: WTO ਕਵਿਟ ਡੇਅ ਤਹਿਤ SKM ਦੀ ਪ੍ਰਧਾਨਗੀ ਹੇਠ ਕਿਸਾਨਾਂ ਦਾ ਟਰੈਕਟਰ ਮਾਰਚ, ਬਾਰਡਰਾਂ ਤੇ ਸਾੜੇ ਜਾ ਰਹੇ ਪੁਤਲੇ

SKM ਦਾ ਟਰੈਕਟਰ ਮਾਰਚ

Follow Us On

ਅੱਜ ਸੰਯੁਕਤ ਕਿਸਾਨ ਮੋਰਚਾ (SKM) ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਨਾਲ ਹੀ ਐਸਕੇਐਮ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੀ ਤਰਫੋਂ ਪੰਜਾਬ ਵਿੱਚ ਵਿਸ਼ਵ ਵਪਾਰ ਸੰਸਥਾ (ਡਬਲਿਊਟੀਓ) ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾ ਰਹੇ ਹਨ। ਕਿਸਾਨ ਅੰਦੋਲਨ ਵਿੱਚ 21 ਫਰਵਰੀ ਨੂੰ ਵਾਪਰੀ ਘਟਨਾ ਤੋਂ ਬਾਅਦ ਹੀ ਐਸਕੇਐਮ ਨੇ ਇੱਕ ਮੀਟਿੰਗ ਵਿੱਚ ਇਸ ਟਰੈਕਟਰ ਮਾਰਚ ਦਾ ਐਲਾਨ ਕੀਤਾ ਸੀ।

ਸਾਰੀਆਂ ਕਿਸਾਨ ਜਥੇਬੰਦੀਆਂ ਕਿਸਾਨੀ ਨੂੰ WTO ਤੋਂ ਬਾਹਰ ਰੱਖਣ ਦੀ ਮੰਗ ਕਰ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ 26 ਤੋਂ 29 ਫਰਵਰੀ ਨੂੰ ਆਬੂ ਧਾਬੀ ਵਿੱਚ ਹੋਣ ਵਾਲੀ ਵਿਸ਼ਵ ਵਪਾਰ ਸੰਸਥਾ (ਡਬਲਯੂਟੀਓ) ਦੀ 13ਵੀਂ ਮੰਤਰੀ ਪੱਧਰੀ ਕਾਨਫਰੰਸ ਵਿੱਚ ਖੇਤੀ ਨੂੰ ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਰੱਖਣ ਲਈ ਵਿਕਸਤ ਦੇਸ਼ਾਂ ‘ਤੇ ਦਬਾਅ ਬਣਾਇਆ ਜਾਵੇ। ਭਾਰਤ ਦੀ ਖੁਰਾਕ ਸੁਰੱਖਿਆ ਅਤੇ ਕੀਮਤ ਸਮਰਥਨ ਪ੍ਰੋਗਰਾਮ ਵਿਸ਼ਵ ਵਪਾਰ ਸੰਗਠਨ ਵਿੱਚ ਵਾਰ-ਵਾਰ ਵਿਵਾਦਾਂ ਦਾ ਵਿਸ਼ਾ ਰਹੇ ਹਨ।

WTO ਕਵਿੱਟ ਡੇਅ ਮਨਾ ਰਹੇ ਕਿਸਾਨ

ਅਸਲ ਵਿੱਚ, ਪ੍ਰਮੁੱਖ ਖੇਤੀਬਾੜੀ ਨਿਰਯਾਤ ਕਰਨ ਵਾਲੇ ਦੇਸ਼ਾਂ ਨੇ 2034 ਦੇ ਅੰਤ ਤੱਕ ਖੇਤੀ ਨੂੰ ਸਮਰਥਨ ਦੇਣ ਲਈ ਵਿਸ਼ਵ ਵਪਾਰ ਸੰਗਠਨ ਦੇ ਮੈਂਬਰਾਂ ਦੇ ਅਧਿਕਾਰਾਂ ਵਿੱਚ ਵਿਸ਼ਵ ਪੱਧਰ ‘ਤੇ 50% ਦੀ ਕਟੌਤੀ ਦਾ ਪ੍ਰਸਤਾਵ ਕੀਤਾ ਹੈ। ਇਸੇ ਵਿਰੋਧ ਤਹਿਤ ਐਸਕੇਐੱਮ ਦੇ ਸੱਦੇ ‘ਤੇ ਦੇਸ਼ ਭਰ ਦੇ ਕਿਸਾਨ ਅੱਜ ‘ਡਬਲਯੂਟੀਓ ਕਵਿੱਟ ਡੇਅ’ ਮਣਾਇਆ ਜਾ ਰਿਹਾ ਹੈ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਆਵਾਜਾਈ ਵਿੱਚ ਵਿਘਨ ਪਾਏ ਬਿਨਾਂ ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਟਰੈਕਟਰ ਖੜ੍ਹੇ ਕਰ ਰਹੇ ਹਨ।

ਇਸ ਤੋਂ ਪਹਿਲਾਂ ਐਤਵਾਰ ਨੂੰ ਕਿਸਾਨਾਂ ਨੇ ਕੇਂਦਰ ਨਾਲ ਗੱਲਬਾਤ ਦਾ ਸੰਕੇਤ ਦਿੱਤਾ ਸੀ। ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਦੇ ਕੋਆਰਡੀਨੇਟਰ ਸਰਵਨ ਪੰਧੇਰ ਨੇ ਸ਼ੰਭੂ ਸਰਹੱਦ ‘ਤੇ ਕਿਹਾ, ‘ਸਰਕਾਰ ਸਰਹੱਦ ਅਤੇ ਇੰਟਰਨੈੱਟ ਖੋਲ੍ਹਣ ਲਈ ਕੰਮ ਕਰ ਰਹੀ ਹੈ। ਹੁਣ ਇਸ ਮਾਹੌਲ ਵਿੱਚ ਸਹੀ ਗੱਲਬਾਤ ਹੋ ਸਕਦੀ ਹੈ।

ਉੱਧਰ, ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਪ੍ਰਧਾਨ ਜਗਜੀਤ ਡੱਲੇਵਾਲ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਗੋਲੀ ਮਾਰਨ ਵਾਲਿਆਂ ਖ਼ਿਲਾਫ਼ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਪੰਜਾਬ ਵਿੱਚ ਦਾਖਲ ਹੋ ਕੇ ਕਿਸਾਨਾਂ ਨੂੰ ਚੁੱਕਣ, ਕੁੱਟਮਾਰ ਕਰਨ ਅਤੇ ਟਰੈਕਟਰ ਤੋੜਨ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ। ਤੁਹਾਨੂੰ ਦਸ ਦਈਏ ਕਿ ਖ਼ਬਰ ਲਿਖੇ ਜਾਣ ਤੱਕ ਬਾਰਡਰ ਨੇੜੇ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਵਿੱਚ ਪੰਜਾਬ ਤੋਂ ਆਏ 4 ਕਿਸਾਨ ਅਤੇ ਇਸ ਤੋਂ ਇਲਾਵਾ ਡਿਊਟੀ ਨਿਭਾਅ ਰਹੇ 3 ਪੰਜਾਬ ਅਤੇ ਹਰਿਆਣਾ ਪੁਲਿਸ ਦੇ ਮੁਲਾਜ਼ਮ ਵੀ ਸ਼ਾਮਿਲ ਹਨ।

Exit mobile version