ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਹੋਇਆ ਅੰਤਿਮ ਸਸਕਾਰ, ਪੋਤੇ ਨੇ ਦਿੱਤੀ ਅੰਤਿਮ ਵਿਦਾਈ
ਅੰਮ੍ਰਿਤਪਾਲ ਸਿੰਘ ਸ਼ਨੀਵਾਰ ਸਵੇਰੇ ਕਰੀਬ 8:30 ਵਜੇ ਪੁਲਿਸ ਸੁਰੱਖਿਆ ਹੇਠ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਸਨ। ਕੁਝ ਸਮਾਂ ਏਅਰਪੋਰਟ ਦੇ ਅੰਦਰ ਰੱਖਣ ਤੋਂ ਬਾਅਦ ਪੁਲਿਸ ਦੀ ਟੀਮ ਉਨ੍ਹਾਂ ਨੂੰ ਲੈ ਕੇ ਪਿੰਡ ਜੱਲੂਪੁਰ ਖੇੜਾ ਲਈ ਰਵਾਨਾ ਹੋਈ। ਪਿੰਡ ਪਹੁੰਚਣ 'ਤੇ ਉਹ ਆਪਣੇ ਰਿਸ਼ਤੇਦਾਰਾਂ ਨੂੰ ਮਿਲੇ। ਇਸ ਦੌਰਾਨ ਕਈ ਰਿਸ਼ਤੇਦਾਰ ਉਨ੍ਹਾਂ ਨੂੰ ਦੇਖ ਕੇ ਭਾਵੁਕ ਹੋ ਗਏ।
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਹੋਇਆ ਅੰਤਿਮ ਸਸਕਾਰ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ। ਅੰਮ੍ਰਿਤਪਾਲ ਸਿੰਘ ਕਰੀਬ ਸਾਢੇ ਤਿੰਨ ਸਾਲ ਬਾਅਦ ਪੰਜਾਬ ਪਹੁੰਚੇ ਤੇ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਏ।
ਅੰਮ੍ਰਿਤਪਾਲ ਸਿੰਘ ਸ਼ਨੀਵਾਰ ਸਵੇਰੇ ਕਰੀਬ 8:30 ਵਜੇ ਪੁਲਿਸ ਸੁਰੱਖਿਆ ਹੇਠ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਸਨ। ਕੁਝ ਸਮਾਂ ਏਅਰਪੋਰਟ ਦੇ ਅੰਦਰ ਰੱਖਣ ਤੋਂ ਬਾਅਦ ਪੁਲਿਸ ਦੀ ਟੀਮ ਉਨ੍ਹਾਂ ਨੂੰ ਲੈ ਕੇ ਪਿੰਡ ਜੱਲੂਪੁਰ ਖੇੜਾ ਲਈ ਰਵਾਨਾ ਹੋਈ। ਪਿੰਡ ਪਹੁੰਚਣ ‘ਤੇ ਉਹ ਆਪਣੇ ਰਿਸ਼ਤੇਦਾਰਾਂ ਨੂੰ ਮਿਲੇ। ਇਸ ਦੌਰਾਨ ਕਈ ਰਿਸ਼ਤੇਦਾਰ ਉਨ੍ਹਾਂ ਨੂੰ ਦੇਖ ਕੇ ਭਾਵੁਕ ਹੋ ਗਏ।
ਅੰਮ੍ਰਿਤਪਾਲ ਸਿੰਘ ਦੀ ਕਸਟਡੀ ਪੈਰੋਲ ਦੌਰਾਨ ਸੁਰੱਖਿਆ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੀਡੀਆ ਨਾਲ ਗੱਲਬਾਤ ਕਰਨ ਅਤੇ ਹੋਰ ਬਾਹਰੀ ਲੋਕਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।
ਜੱਦੀ ਖੇਤਾਂ ‘ਚ ਕੀਤਾ ਗਿਆ ਅੰਤਿਮ ਸਸਕਾਰ
ਪਰਿਵਾਰ ਵੱਲੋਂ ਘਰ ਤੋਂ ਮਾਤਾ ਚਰਨ ਕੌਰ ਦੀ ਅੰਤਿਮ ਯਾਤਰਾ ਕੱਢੀ ਗਈ। ਦਾਦੀ ਦੀ ਅੰਤਿਮ ਯਾਤਰਾ ਦੌਰਾਨ ਅੰਮ੍ਰਿਤਪਾਲ ਸਿੰਘ ਹੱਥ ਜੋੜ ਕੇ ਉੱਥੇ ਪਹੁੰਚੀ ਸੰਗਤ ਦਾ ਧੰਨਵਾਦ ਕਰਦੇ ਨਜ਼ਰ ਆਏ। ਅੰਮ੍ਰਿਤਪਾਲ ਦੀ ਦਾਦੀ ਚਰਨ ਕੌਰ ਦਾ ਅੰਤਿਮ ਸਸਕਾਰ ਪਰਿਵਾਰ ਦੇ ਜੱਦੀ ਖੇਤਾਂ ‘ਚ ਕੀਤਾ ਗਿਆ, ਜਿੱਥੇ ਪਰਿਵਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।
ਇਹ ਵੀ ਪੜ੍ਹੋ
ਦੁਪਹਿਰ 12 ਤੋਂ 3 ਵਜੇ ਤੱਕ ਕਸਟਡੀ ਪੈਰੋਲ
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ। ਇਸ ਤਹਿਤ ਉਨ੍ਹਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪਿੰਡ ‘ਚ ਰਹਿਣ ਦੀ ਇਜਾਜ਼ਤ ਦਿੱਤੀ ਗਈ। ਪੈਰੋਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਨੂੰ ਮੁੜ ਅੰਮ੍ਰਿਤਸਰ ਹਵਾਈ ਅੱਡੇ ਲਿਜਾਣ ਦਾ ਪ੍ਰੋਗਰਾਮ ਨਿਰਧਾਰਤ ਹੈ। ਜਾਣਕਾਰੀ ਮੁਤਾਬਕ, ਸ਼ਾਮ 6:35 ਵਜੇ ਅੰਮ੍ਰਿਤਸਰ ਤੋਂ ਦਿੱਲੀ ਲਈ ਉਡਾਣ ਰਵਾਨਾ ਹੋਣੀ ਸੀ, ਜੋ ਰਾਤ 7:50 ਵਜੇ ਦਿੱਲੀ ਪਹੁੰਚਣੀ ਸੀ।
ਸੁਰੱਖਿਆ ਲਈ 800 ਪੁਲਿਸ ਮੁਲਾਜ਼ਮ ਤਾਇਨਾਤ
ਅੰਮ੍ਰਿਤਪਾਲ ਸਿੰਘ ਦੀ ਆਮਦ ਤੇ ਉਨ੍ਹਾਂ ਦੀ ਦਾਦੀ ਦੇ ਅੰਤਿਮ ਸਸਕਾਰ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਪਿੰਡ ਜੱਲੂਪੁਰ ਖੇੜਾ ਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕਰੀਬ 800 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਪੂਰੇ ਇਲਾਕੇ ‘ਚ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਗਈ।
ਜ਼ਿਕਰਯੋਗ ਹੈ ਕਿ ਮਾਤਾ ਚਰਨ ਕੌਰ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਪਰਿਵਾਰ ਅਤੇ ਤਾਲਮੇਲ ਕਮੇਟੀ ਵੱਲੋਂ ਪਹਿਲਾਂ ਹੀ ਸੰਗਤ ਨੂੰ ਸ਼ਾਂਤੀ ਅਤੇ ਅਨੁਸ਼ਾਸਨ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਸੀ। ਇਸ ਦੇ ਨਾਲ ਹੀ ਸੰਗਤ ਨੂੰ ਹਥਿਆਰ ਨਾ ਲਿਆਉਣ ਅਤੇ ਕਿਸੇ ਵੀ ਤਰ੍ਹਾਂ ਦੀ ਨਾਅਰੇਬਾਜ਼ੀ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਸੀ।
