Liquor Sale in Shops: ਠੇਕਿਆਂ ਤੋਂ ਇਲਾਵਾ ਹੁਣ ਦੁਕਾਨਾਂ 'ਤੇ ਵੀ ਵਿਕੇਗੀ ਸ਼ਰਾਬ, 1 ਅਪ੍ਰੈਲ ਤੋਂ ਲਾਗੂ ਹੋ ਸਕਦਾ ਹੈ ਨਿਯਮ।
ਪੰਜਾਬ ਸਰਕਾਰ (Punjab Government) ਵੱਲੋਂ ਠੇਕਿਆਂ ਤੋਂ ਇਲਾਵਾ ਸੂਬੇ ਦੇ ਸ਼ਹਿਰਾਂ ਵਿੱਚ ਵੀ
ਸ਼ਰਾਬ ਦੀਆਂ ਦੁਕਾਨਾਂ *(Liquor Shops) ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਕਈ ਲੋਕ ਠੇਕਿਆਂ ਤੇ ਜਾਣ ਤੋਂ ਝਿਝਕਦੇ ਹਨ, ਪਰ ਹੁਣ ਉਹ ਦੁਕਾਨਾਂ ਤੋਂ ਹੀ ਸ਼ਰਾਬ ਖਰੀਦ ਸਕਣਗੇ। ਸੂਤਰਾਂ ਦੀ ਮੰਨੀਏ ਤਾਂ ਇਨ੍ਹਾਂ ਸ਼ਰਾਬ ਦੀਆਂ ਦੁਕਾਨਾਂ ‘ਤੇ 1 ਅਪ੍ਰੈਲ ਤੋਂ ਸ਼ਰਾਬ ਅਤੇ ਬੀਅਰ ਦੀ ਵਿਕਰੀ ਸ਼ੁਰੂ ਹੋ ਜਾਵੇਗੀ।
ਪਹਿਲੇ ਪੜਾਅ ਵਿੱਚ 77 ਦੁਕਾਨਾਂ ਖੋਲ੍ਹੀਆਂ ਜਾਣਗੀਆਂ
ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪਹਿਲੇ ਪੜਾਅ ਵਿੱਚ ਪੰਜਾਬ ਦੇ ਸ਼ਹਿਰਾਂ ਵਿੱਚ 77 ਬੀਅਰ ਅਤੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ। ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ ਦੁਕਾਨਾਂ ਦੇ ਖੁੱਲ੍ਹਣ ਨਾਲ
ਸਰਕਾਰ ਦੀ ਆਮਦਨ ਵਿੱਚ ਵਾਧਾ ਹੋਵੇਗਾ, ਕਿਉਂਕਿ ਠੇਕੇ ਤੇ ਜਾਣ ਤੋਂ ਬਚਣ ਵਾਲੇ ਲੋਕ ਹੁਣ ਸ਼ਹਿਰ ਦੇ ਬਾਜ਼ਾਰਾਂ ਵਿੱਚ ਹੀ ਸ਼ਰਾਬ ਖਰੀਦ ਸਕਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੱਸ ਦਈਏ ਕਿ ਚੰਡੀਗੜ੍ਹ ‘ਚ ਠੇਕਿਆਂ ਤੋਂ ਇਲਾਵਾ ਅਜਿਹੀਆਂ ਸ਼ਰਾਬ ਦੀਆਂ ਦੁਕਾਨਾਂ ਪਹਿਲਾਂ ਵੀ ਖੁੱਲ੍ਹ ਚੁੱਕੀਆਂ ਹਨ। ਇਨ੍ਹਾਂ ਦੁਕਾਨਾਂ ‘ਤੇ ਨਾ ਸਿਰਫ਼ ਬੀਅਰ ਉਪਲਬਧ ਹੈ, ਸਗੋਂ ਵਿਦੇਸ਼ੀ ਸਕਾਚ ਵੀ ਗਾਹਕਾਂ ਨੂੰ ਉਪਲਬਧ ਕਰਵਾਈ ਜਾਂਦੀ ਹੈ। ਹੁਣ ਪੰਜਾਬ ਵਿੱਚ ਵੀ ਇਸ ਪ੍ਰਣਾਲੀ ਨੂੰ ਲਾਗੂ ਕਰਨ ਨਾਲ ਸ਼ਹਿਰਾਂ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਸ਼ਰਾਬ ਅਤੇ ਬੀਅਰ ਦੀਆਂ ਦੁਕਾਨਾਂ ਨੂੰ ਖੁੱਲ੍ਹ ਦਿੱਤੀ ਜਾਵੇਗੀ।
ਮੀਟਿੰਗ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਦਿੱਤੀ ਗਈ ਸੀ ਪ੍ਰਵਾਨਗੀ
ਦੱਸ ਦੇਈਏ ਕਿ ਬੀਤੇ ਸ਼ੁੱਕਰਵਾਰ ਨੂੰ ਹੋਈ
ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਸਾਲ 2023-24 ਲਈ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਸ ਮੀਟਿੰਗ ਵਿੱਚ ਸਾਲ 2023-24 ਵਿੱਚ 1004 ਕਰੋੜ ਰੁਪਏ ਦੇ ਵਾਧੇ ਨਾਲ 9754 ਕਰੋੜ ਰੁਪਏ ਜੁਟਾਉਣ ਦਾ ਟੀਚਾ ਰੱਖਿਆ ਗਿਆ। ਇਸੇ ਮੀਟਿੰਗ ਵਿੱਚ ਬੀਅਰ ਬਾਰਾਂ, ਹਾਰਡ ਬਾਰਾਂ ਤੋਂ ਇਲਾਵਾ ਹੋਰ ਥਾਵਾਂ ਤੇ ਵੇਚੀ ਜਾ ਰਹੀ ਸ਼ਰਾਬ ਤੇ ਵੈਟ ਸਰਚਾਰਜ ਘਟਾ ਕੇ 3 ਫੀਸਦੀ ਕਰਨ ਦਾ ਫੈਸਲਾ ਕੀਤਾ ਗਿਆ ਸੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ