LPU ਹੰਗਾਮੇ ਮਗਰੋਂ ਪ੍ਰੋ-ਚਾਂਸਲਰ ਦਾ ਆਇਆ ਬਿਆਨ, 10 ਦਿਨਾਂ ਲਈ ਯੂਨੀਵਰਸਿਟੀ ਬੰਦ; ਇੰਟਰਨੈੱਟ ਠੱਪ
ਫ਼ਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਏ ਭਾਰੀ ਬਵਾਲ ਅਤੇ ਹਿੰਸਕ ਪ੍ਰਦਰਸ਼ਨਾਂ ਦੇ ਤਕਰੀਬਨ 22 ਘੰਟਿਆਂ ਬਾਅਦ ਯੂਨੀਵਰਸਿਟੀ ਦੀ ਸੀਨੀਅਰ ਮੈਨੇਜਮੈਂਟ ਸਾਹਮਣੇ ਆਈ ਹੈ। ਯੂਨੀਵਰਸਿਟੀ ਦੀ ਪ੍ਰੋ-ਚਾਂਸਲਰ ਰਸ਼ਮੀ ਮਿੱਤਲ ਨੇ 7 ਮਿੰਟ ਦਾ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਸਮੁੱਚੇ ਘਟਨਾਕ੍ਰਮ ਤੇ ਡੂੰਘਾ ਦੁੱਖ ਅਤੇ ਅਫ਼ਸੋਸ ਪ੍ਰਗਟਾਇਆ ਹੈ।
ਫ਼ਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਏ ਭਾਰੀ ਬਵਾਲ ਅਤੇ ਹਿੰਸਕ ਪ੍ਰਦਰਸ਼ਨਾਂ ਦੇ ਤਕਰੀਬਨ 22 ਘੰਟਿਆਂ ਬਾਅਦ ਯੂਨੀਵਰਸਿਟੀ ਦੀ ਸੀਨੀਅਰ ਮੈਨੇਜਮੈਂਟ ਸਾਹਮਣੇ ਆਈ ਹੈ। ਯੂਨੀਵਰਸਿਟੀ ਦੀ ਪ੍ਰੋ-ਚਾਂਸਲਰ ਰਸ਼ਮੀ ਮਿੱਤਲ ਨੇ 7 ਮਿੰਟ ਦਾ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਸਮੁੱਚੇ ਘਟਨਾਕ੍ਰਮ ਤੇ ਡੂੰਘਾ ਦੁੱਖ ਅਤੇ ਅਫ਼ਸੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਅਜਿਹਾ ਕਦਮ ਚੁੱਕਣ ਤੋਂ ਪਹਿਲਾਂ ਪ੍ਰਬੰਧਕਾਂ ਕੋਲ ਪਹੁੰਚ ਨਾ ਕਰਨਾ ਬੇਹੱਦ ਮੰਦਭਾਗਾ ਹੈ।
ਦੂਜੇ ਪਾਸੇ, ਹਾਲਾਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸੋਮਵਾਰ ਸਵੇਰ ਤੋਂ ਅਗਲੇ ਹੁਕਮਾਂ ਤੱਕ ਇਲਾਕੇ ਵਿੱਚ ਇੰਟਰਨੈੱਟ ਸੇਵਾਵਾਂ ਪੂਰੀ ਤਰ੍ਹਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਸ ਮਾਮਲੇ ਦਾ ਸੂਓ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ (DC) ਅਤੇ ਐਸਐਸਪੀ (SSP) ਕੋਲੋਂ ਦਰਜ ਐਫਆਈਆਰ ਦੀ ਕਾਪੀ, ਗਠਿਤ ਵਿਸ਼ੇਸ਼ ਜਾਂਚ ਟੀਮ (SIT) ਦੇ ਵੇਰਵੇ ਅਤੇ ਹੁਣ ਤੱਕ ਦੀ ਸਮੁੱਚੀ ਜਾਂਚ ਰਿਪੋਰਟ ਤਲਬ ਕਰ ਲਈ ਹੈ। ਮਹਿਲਾ ਕਮਿਸ਼ਨ ਨੇ ਯੂਨੀਵਰਸਿਟੀ ਪ੍ਰਸ਼ਾਸਨ ਕੋਲੋਂ ਗਰਲਜ਼ ਹੋਸਟਲ ਦੀ ਸੁਰੱਖਿਆ ਸਬੰਧੀ ਕੀਤੇ ਗਏ ਪੁਖ਼ਤਾ ਇੰਤਜ਼ਾਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਮੰਗੀ ਹੈ।
ਮੁੱਖ ਮੰਤਰੀ ਦੇ ਨਿਰਦੇਸ਼ਾਂ ਮਗਰੋਂ ਡੀਜੀਪੀ ਨੇ ਲਿਆ ਹਾਲਾਤ ਦਾ ਜਾਇਜ਼ਾ
ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖ਼ੁਦ ਯੂਨੀਵਰਸਿਟੀ ਕੈਂਪਸ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਸਥਿਤੀ ਨੂੰ ਕਾਬੂ ਵਿੱਚ ਲਿਆਉਣ ਲਈ ਘੱਟ ਤੋਂ ਘੱਟ ਤਾਕਤ ਦੀ ਵਰਤੋਂ ਕੀਤੀ ਗਈ ਸੀ ਅਤੇ ਗੱਲਬਾਤ ਰਾਹੀਂ ਮਸਲੇ ਨੂੰ ਸ਼ਾਂਤ ਕਰਨ ਦੇ ਯਤਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਨਿਰਪੱਖ ਪੜਤਾਲ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕਰ ਦਿੱਤਾ ਗਿਆ ਹੈ।
10 ਦਿਨਾਂ ਲਈ ਯੂਨੀਵਰਸਿਟੀ ਬੰਦ
ਕੈਂਪਸ ਵਿੱਚ ਹੋਏ ਵੱਡੇ ਹੰਗਾਮੇ ਤੋਂ ਬਾਅਦ ਪ੍ਰਸ਼ਾਸਨ ਨੇ ਯੂਨੀਵਰਸਿਟੀ ਨੂੰ 10 ਦਿਨਾਂ ਲਈ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਮੈਨੇਜਮੈਂਟ ਨੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਨੂੰ ਬੁਲਾ ਕੇ ਘਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ, ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀ ਆਪਣੇ ਘਰਾਂ ਵੱਲ ਰਵਾਨਾ ਹੋ ਰਹੇ ਹਨ। ਇਸ ਦੇ ਨਾਲ ਹੀ ਚੱਲ ਰਹੀਆਂ ਮਿਡ-ਟਰਮ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ
ਦੱਸਣਯੋਗ ਹੈ ਕਿ ਐਤਵਾਰ ਸਵੇਰੇ 6 ਵਜੇ ਤੋਂ ਲਗਭਗ 18 ਘੰਟੇ ਤੱਕ ਜਾਮ ਰਿਹਾ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਐਤਵਾਰ ਅੱਧੀ ਰਾਤ 12 ਵਜੇ ਆਮ ਆਵਾਜਾਈ ਲਈ ਮੁੜ ਖੋਲ੍ਹ ਦਿੱਤਾ ਗਿਆ। ਪ੍ਰਦਰਸ਼ਨ ਦੌਰਾਨ ਕੈਂਪਸ ਸਥਿਤ ਮਾਲ ਵਿੱਚੋਂ ਸਮਾਨ ਲੁੱਟਣ ਅਤੇ ਅਣਪਛਾਤੇ ਲੜਕਿਆਂ ਵੱਲੋਂ ਗਰਲਜ਼ ਹੋਸਟਲ ਵਿੱਚ ਜ਼ਬਰਦਸਤੀ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਸਨ।
ਵਿਦਿਆਰਥੀ ਸਾਡੇ ਕੋਲ ਕਿਉਂ ਨਹੀਂ ਆਏ: ਰਸ਼ਮੀ ਮਿੱਤਲ
ਯੂਨੀਵਰਸਿਟੀ ਦੀ ਪ੍ਰੋ-ਚਾਂਸਲਰ ਰਸ਼ਮੀ ਮਿੱਤਲ ਨੇ ਆਪਣੇ ਸੰਦੇਸ਼ ਵਿੱਚ ਕਿਹਾ, “ਐਲਪੀਯੂ ਮੈਨੇਜਮੈਂਟ ਅਤੇ ਵਿਦਿਆਰਥੀਆਂ ਵਿਚਾਲੇ ਇੱਕ ਪਰਿਵਾਰ ਵਰਗਾ ਅਟੁੱਟ ਭਰੋਸਾ ਹੈ। ਜੋ ਕੁਝ ਵਾਪਰਿਆ, ਉਹ ਬੇਹੱਦ ਮੰਦਭਾਗਾ ਹੈ। ਅਸੀਂ ਕਦੇ ਸੁਫ਼ਨੇ ਵਿੱਚ ਵੀ ਅਜਿਹਾ ਨਹੀਂ ਸੋਚਿਆ ਸੀ। ਵਿਦਿਆਰਥੀਆਂ ਕੋਲ ਆਪਣੀ ਗੱਲ ਰੱਖਣ ਲਈ ਕਈ ਪਲੇਟਫ਼ਾਰਮ ਉਪਲਬਧ ਹਨ, ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਸੀ ਤਾਂ ਉਹ ਸਾਡੇ ਕੋਲ ਕਿਉਂ ਨਹੀਂ ਆਏ?”
ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੇ ਬਿਨਾਂ ਪੁਸ਼ਟੀ ਦੇ ਸਿਰਫ਼ ਅਫ਼ਵਾਹਾਂ ਤੇ ਵਿਸ਼ਵਾਸ ਕਰ ਲਿਆ। ਉਨ੍ਹਾਂ ਕਿਹਾ, “ਮੈਂ ਇਸ ਘਟਨਾ ਤੋਂ ਬਹੁਤ ਦੁਖੀ ਹਾਂ। ਇਸ ਹੰਗਾਮੇ ਦਰਮਿਆਨ ਕੁਝ ਬਾਹਰੀ ਅਨਸਰ ਅੰਦਰ ਦਾਖ਼ਲ ਹੋ ਗਏ ਅਤੇ ਉਨ੍ਹਾਂ ਨੇ ਕੈਂਪਸ ਦੀਆਂ ਦੁਕਾਨਾਂ ਵਿੱਚ ਲੁੱਟ-ਖੋਹ ਕੀਤੀ। ਸਾਨੂੰ ਸੋਸ਼ਲ ਮੀਡੀਆ ਦੀਆਂ ਅਫ਼ਵਾਹਾਂ ਤੇ ਅੰਨ੍ਹੇਵਾਹ ਯਕੀਨ ਨਹੀਂ ਕਰਨਾ ਚਾਹੀਦਾ।”
ਰਸ਼ਮੀ ਮਿੱਤਲ ਨੇ ਕਿਹਾ ਕਿ ਜਿਨ੍ਹਾਂ ਨੇ ਲੁੱਟ-ਖੋਹ ਤੇ ਚੋਰੀ ਕੀਤੀ ਹੈ, ਉਨ੍ਹਾਂ ਖ਼ਿਲਾਫ਼ ਪੁਲਿਸ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਡੀਆਂ ਕੰਪਨੀਆਂ ਪਲੇਸਮੈਂਟ ਲਈ ਆਉਣ ਵਾਲੀਆਂ ਸਨ, ਪਰ ਹੁਣ ਉਨ੍ਹਾਂ ਨੂੰ ਮੁਲਤਵੀ ਕਰਨਾ ਪਵੇਗਾ। ਇਹ ਸਭ ਕੁਝ ਨਹੀਂ ਹੋਣਾ ਚਾਹੀਦਾ ਸੀ ਅਤੇ ਅਸੀਂ ਮਿਲ ਕੇ ਹਕੀਕਤ ਦੀ ਜਾਂਚ ਕਰ ਸਕਦੇ ਸੀ।
ਇਸ ਦੌਰਾਨ ਕਾਕਰੋਚ ਜਨਤਾ ਪਾਰਟੀ (CJP) ਦੇ ਬਾਨੀ ਅਭਿਜੀਤ ਦੀਪਕੇ ਨੇ ਦੋਸ਼ ਲਾਇਆ ਕਿ ਬਾਹਰੀ ਸ਼ਰਾਰਤੀ ਅਨਸਰਾਂ ਨੇ ਯੂਨੀਵਰਸਿਟੀ ਵਿੱਚ ਵੜ ਕੇ ਹੰਗਾਮਾ ਮਚਾਇਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਪੁਲਿਸ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰੇ ਅਤੇ ਸਪੱਸ਼ਟ ਕਰੇ ਕਿ ਇਹ ਵੱਡੀ ਕੁਤਾਹੀ ਕਿਵੇਂ ਹੋਈ।
ਕਿਵੇਂ ਸ਼ੁਰੂ ਹੋਇਆ ਵਿਵਾਦ ਤੇ ਮੌਜੂਦਾ ਸਥਿਤੀ
ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥਣ ਨਾਲ ਜਬਰ-ਜਨਾਹ ਹੋਣ ਦਾ ਸੁਨੇਹਾ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇਹ ਬਵਾਲ ਸ਼ੁਰੂ ਹੋਇਆ ਸੀ, ਜੋ ਐਤਵਾਰ ਅੱਧੀ ਰਾਤ ਤੱਕ ਜਾਰੀ ਰਿਹਾ। ਇਸ ਦੌਰਾਨ ਕੈਂਪਸ ਵਿੱਚ ਭਾਰੀ ਭੰਨਤੋੜ ਕੀਤੀ ਗਈ। ਸਥਿਤੀ ਤੇ ਕਾਬੂ ਪਾਉਣ ਲਈ ਪੁਲਿਸ ਨੇ ਵਿਦਿਆਰਥੀਆਂ ਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ। ਜਦਕਿ ਗੁੱਸੇ ਵਿੱਚ ਆਏ ਵਿਦਿਆਰਥੀਆਂ ਵੱਲੋਂ ਪੁਲਿਸ ਦੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ ਅਤੇ ਜ਼ਬਰਦਸਤ ਪੱਥਰਬਾਜ਼ੀ ਕੀਤੀ ਗਈ।
ਫ਼ਿਲਹਾਲ ਯੂਨੀਵਰਸਿਟੀ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਹੈ ਅਤੇ ਹਾਲਾਤ ਪੂਰੀ ਤਰ੍ਹਾਂ ਕੰਟਰੋਲ ਵਿੱਚ ਹਨ। ਪੁਲਿਸ ਨੇ ਵਿਦਿਆਰਥੀਆਂ ਦੀ ਮੰਗ ਤੇ ਵਿਦਿਆਰਥਣ ਨਾਲ ਰੇਪ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਮਾਮਲੇ ਦੀ ਪੜਤਾਲ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਵਿੱਚ 5 ਵਿਦਿਆਰਥੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਡੀਆਈਜੀ ਨਵੀਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਮਾਮਲੇ ਦੀ ਪੂਰੀ ਨਿਰਪੱਖਤਾ ਨਾਲ ਤਫ਼ਤੀਸ਼ ਕੀਤੀ ਜਾਵੇਗੀ।


