LPU ‘ਚ ਹਾਲਾਤ ਬੇਕਾਬੂ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ; ਲਾਠੀਚਾਰਜ ਮਗਰੋਂ ਫੂਕੀਆਂ 2 ਗੱਡੀਆਂ

Updated On: 

27 Sep 2026 20:46 PM IST

ਪੰਜਾਬ ਦੇ ਫਗਵਾੜਾ ਸਥਿਤ ਪ੍ਰਸਿੱਧ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਕੈਂਪਸ ਵਿੱਚ ਐਤਵਾਰ ਸ਼ਾਮ ਨੂੰ ਸਥਿਤੀ ਉਸ ਵੇਲੇ ਬੇਹੱਦ ਤਣਾਅਪੂਰਨ ਹੋ ਗਈ ਜਦੋਂ ਪੁਲਿਸ ਪ੍ਰਸ਼ਾਸਨ ਅਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿਚਾਲੇ ਹਿੰਸਕ ਟਕਰਾਅ ਪੈਦਾ ਹੋ ਗਿਆ। ਦੋਵਾਂ ਧਿਰਾਂ ਦਰਮਿਆਨ ਚੱਲ ਰਹੀ ਆਪਸੀ ਗੱਲਬਾਤ ਦੌਰਾਨ ਅਚਾਨਕ ਪੁਲਿਸ ਮੁਲਾਜ਼ਮਾਂ ਉੱਤੇ ਪਲਾਸਟਿਕ ਅਤੇ ਕੱਚ ਦੀਆਂ ਬੋਤਲਾਂ ਸੁੱਟੀਆਂ ਗਈਆਂ।

LPU ਚ ਹਾਲਾਤ ਬੇਕਾਬੂ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ; ਲਾਠੀਚਾਰਜ ਮਗਰੋਂ ਫੂਕੀਆਂ 2 ਗੱਡੀਆਂ

ਪੰਜਾਬ ਦੇ ਫਗਵਾੜਾ ਸਥਿਤ ਪ੍ਰਸਿੱਧ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਕੈਂਪਸ ਵਿੱਚ ਐਤਵਾਰ ਸ਼ਾਮ ਨੂੰ ਸਥਿਤੀ ਉਸ ਵੇਲੇ ਬੇਹੱਦ ਤਣਾਅਪੂਰਨ ਹੋ ਗਈ ਜਦੋਂ ਪੁਲਿਸ ਪ੍ਰਸ਼ਾਸਨ ਅਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿਚਾਲੇ ਹਿੰਸਕ ਟਕਰਾਅ ਪੈਦਾ ਹੋ ਗਿਆ। ਦੋਵਾਂ ਧਿਰਾਂ ਦਰਮਿਆਨ ਚੱਲ ਰਹੀ ਆਪਸੀ ਗੱਲਬਾਤ ਦੌਰਾਨ ਅਚਾਨਕ ਪੁਲਿਸ ਮੁਲਾਜ਼ਮਾਂ ਉੱਤੇ ਪਲਾਸਟਿਕ ਅਤੇ ਕੱਚ ਦੀਆਂ ਬੋਤਲਾਂ ਸੁੱਟੀਆਂ ਗਈਆਂ। ਭੀੜ ਨੂੰ ਖਿੰਡਾਉਣ ਲਈ ਪੁਲਿਸ ਵੱਲੋਂ ਤੁਰੰਤ ਲਾਠੀਚਾਰਜ ਕੀਤਾ ਗਿਆ, ਜਿਸ ਦੇ ਜਵਾਬ ਵਿੱਚ ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਪੁਲਿਸ ਫੋਰਸ ਤੇ ਭਾਰੀ ਪਥਰਾਅ ਸ਼ੁਰੂ ਕਰ ਦਿੱਤਾ। ਹਿੰਸਾ ਇਸ ਕਦਰ ਵਧੀ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ਦੀਆਂ ਦੋ ਸਰਕਾਰੀ ਗੱਡੀਆਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ।

ਇਹ ਪੂਰਾ ਹੰਗਾਮਾ ਸ਼ਨੀਵਾਰ ਦੇਰ ਰਾਤ ਤੋਂ ਸ਼ੁਰੂ ਹੋਇਆ ਸੀ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਦੋਸ਼ ਹੈ ਕਿ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਨਾਲ ਬਲਾਤਕਾਰ ਦੀ ਮੰਦਭਾਗੀ ਘਟਨਾ ਵਾਪਰੀ, ਜਿਸ ਤੋਂ ਦੁਖੀ ਹੋ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ। ਸ਼ਨੀਵਾਰ ਰਾਤ ਜਿਵੇਂ ਹੀ ਇਹ ਸੁਨੇਹਾ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਤੇਜ਼ੀ ਨਾਲ ਵਾਇਰਲ ਹੋਇਆ, ਤਾਂ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ ਸੜਕਾਂ ਤੇ ਉਤਰ ਆਏ ਅਤੇ ਕੈਂਪਸ ਦੇ ਬਾਹਰ ਇਕੱਠੇ ਹੋ ਗਏ।

ਕੈਂਪਸ ਚ ਭੰਨਤੋੜ ਅਤੇ ਨੈਸ਼ਨਲ ਹਾਈਵੇਅ ਤੇ ਚੱਕਾ ਜਾਮ

ਗੁੱਸੇ ਨਾਲ ਭਰੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ਦੇ ਅੰਦਰ ਭਾਰੀ ਭੰਨਤੋੜ ਕੀਤੀ ਅਤੇ ਕੈਂਪਸ ਦੇ ਇੱਕ ਹਿੱਸੇ ਵਿੱਚ ਅੱਗ ਵੀ ਲਗਾ ਦਿੱਤੀ। ਇਸ ਉਪਰੰਤ ਐਤਵਾਰ ਸਵੇਰੇ 7 ਵਜੇ ਦੇ ਕਰੀਬ ਵਿਦਿਆਰਥੀਆਂ ਨੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਤੇ ਧਰਨਾ ਲਗਾ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ, ਜਿਸ ਕਾਰਨ ਲੰਮਾ ਟਰੈਫਿਕ ਜਾਮ ਲੱਗ ਗਿਆ। ਸ਼ੁਰੂਆਤ ਵਿੱਚ ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਸੀ ਕਿ ਮੁੱਢਲੀ ਜਾਂਚ ਦੌਰਾਨ ਬਲਾਤਕਾਰ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ, ਪਰ ਹਾਲਾਤ ਵਿਗੜਦੇ ਦੇਖ ਕੇ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਐੱਫ.ਆਈ.ਆਰ. (FIR) ਦਰਜ ਕਰ ਲਈ ਗਈ।

ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ SIT ਦਾ ਗਠਨ

ਘਟਨਾ ਸਥਾਨ ਤੇ ਮੌਜੂਦ ਡੀ.ਆਈ.ਜੀ. (DIG) ਨਵੀਨ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਐੱਫ.ਆਈ.ਆਰ. ਦਰਜ ਕਰਨ ਦੇ ਨਾਲ-ਨਾਲ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਪੜਤਾਲ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਜਾਂਚ ਪ੍ਰਕਿਰਿਆ ਤੇ ਭਰੋਸਾ ਬਣਾਈ ਰੱਖਣ ਲਈ ਇਸ ਐੱਸ.ਆਈ.ਟੀ. ਵਿੱਚ 5 ਵਿਦਿਆਰਥੀਆਂ ਨੂੰ ਵੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਕਦਮ ਦੇ ਬਾਵਜੂਦ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਰੱਖਿਆ ਗਿਆ।

ਇਸੇ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਨੇ ਕੈਂਪਸ ਦੇ ਸਾਰੇ ਐਂਟਰੀ ਗੇਟ ਪੂਰੀ ਤਰ੍ਹਾਂ ਬੰਦ ਕਰ ਦਿੱਤੇ, ਜਿਸ ਨਾਲ ਬਾਹਰ ਮੌਜੂਦ ਵਿਦਿਆਰਥੀ ਹੋਰ ਭੜਕ ਗਏ। ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਐਂਟਰੀ ਗੇਟ ਤੋੜ ਦਿੱਤੇ। ਉਹ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਨੂੰ ਨਿੱਜੀ ਤੌਰ ਤੇ ਮੌਕੇ ਤੇ ਬੁਲਾਉਣ ਦੀ ਜ਼ਿੱਦ ਤੇ ਅੜੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਪ੍ਰਸ਼ਾਸਨ ਸਾਹਮਣੇ ਆਪਣੀਆਂ 5 ਮੁੱਖ ਮੰਗਾਂ ਰੱਖੀਆਂ ਗਈਆਂ ਹਨ।

ਯੂਨੀਵਰਸਿਟੀ ਪ੍ਰਸ਼ਾਸਨ ਨੇ ਦੋਸ਼ਾਂ ਨੂੰ ਨਕਾਰਿਆ

ਦੂਜੇ ਪਾਸੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਆਪਣੇ ਬਿਆਨ ਵਿੱਚ ਬਲਾਤਕਾਰ ਦੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਇਨ੍ਹਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਮਨਘੜਤ ਕਰਾਰ ਦਿੱਤਾ ਹੈ। ਪ੍ਰਸ਼ਾਸਨ ਨੇ ਸਮੂਹ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਗ਼ੈਰ-ਪ੍ਰਮਾਣਿਤ ਅਫ਼ਵਾਹਾਂ ਤੇ ਯਕੀਨ ਨਾ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਵਿੱਚ ਸਹਿਯੋਗ ਦੇਣ। ਜ਼ਿਕਰਯੋਗ ਹੈ ਕਿ ਇਹ ਯੂਨੀਵਰਸਿਟੀ ਭਾਰਤੀ ਜਨਤਾ ਪਾਰਟੀ (BJP) ਦੇ ਰਾਜਸਭਾ ਮੈਂਬਰ ਅਸ਼ੋਕ ਮਿੱਤਲ ਦੀ ਮਲਕੀਅਤ ਵਾਲੀ ਹੈ। ਫ਼ਿਲਹਾਲ ਇਲਾਕੇ ਵਿੱਚ ਸਥਿਤੀ ਬੇਹੱਦ ਤਣਾਅਪੂਰਨ ਬਣੀ ਹੋਈ ਹੈ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਹਨ।

Loading...
Unable to load recommendations.
Follow Us