Independence Day 2026: ਲੁਧਿਆਣਾ ‘ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, ਸਮਾਜ ਸੇਵੀਆਂ ਦਾ ਕੀਤਾ ਸਨਮਾਨ
IIndependence Day 2026: ਸੁਤੰਤਰਤਾ ਦਿਵਸ ਦੇ ਸ਼ੁਭ ਅਵਸਰ 'ਤੇ ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਮੁੱਖ ਸਮਾਗਮ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਦੇ ਐਥਲੈਟਿਕਸ ਗਰਾਊਂਡ ਵਿੱਚ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਆਯੋਜਿਤ ਕੀਤਾ ਗਿਆ। ਇਸ ਰਾਜ ਪੱਧਰੀ ਸਮਾਰੋਹ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਸੁਤੰਤਰਤਾ ਦਿਵਸ ਦੇ ਸ਼ੁਭ ਅਵਸਰ ‘ਤੇ ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਮੁੱਖ ਸਮਾਗਮ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਦੇ ਐਥਲੈਟਿਕਸ ਗਰਾਊਂਡ ਵਿੱਚ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਆਯੋਜਿਤ ਕੀਤਾ ਗਿਆ। ਇਸ ਰਾਜ ਪੱਧਰੀ ਸਮਾਰੋਹ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ (IAS) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਜ਼ਿਲ੍ਹਾ ਪੱਧਰੀ ਸਮਾਗਮ ਸਵੇਰੇ ਠੀਕ 9 ਵਜੇ ਸ਼ੁਰੂ ਹੋਇਆ। ਝੰਡਾ ਲਹਿਰਾਉਣ ਦੀ ਰਸਮ ਮੁਕੰਮਲ ਹੋਣ ਉਪਰੰਤ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਦੇਰੀ ਨਾਲ ਸਮਾਗਮ ਵਾਲੀ ਥਾਂ ‘ਤੇ ਪਹੁੰਚੇ।
ਸੱਭਿਆਚਾਰਕ ਪ੍ਰੋਗਰਾਮ, ਮਾਰਚ ਪਾਸਟ ਅਤੇ ਸ਼ਖ਼ਸੀਅਤਾਂ ਦਾ ਸਨਮਾਨ
ਸਮਾਰੋਹ ਦੌਰਾਨ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਦੇ ਨਾਲ ਹੀ ਪੰਜਾਬ ਪੁਲਿਸ ਅਤੇ ਐੱਨ.ਸੀ.ਸੀ. (NCC) ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੱਢਿਆ ਗਿਆ ਅਤੇ ਕੌਮੀ ਝੰਡੇ ਨੂੰ ਸਲਾਮੀ ਭੇਟ ਕੀਤੀ ਗਈ।
ਇਸ ਇਤਿਹਾਸਕ ਮੌਕੇ ‘ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜ ਸੇਵਾ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਸਵੈ-ਨਿਰਭਰ ਬਣਾਉਣ ਦੇ ਮਕਸਦ ਨਾਲ ਟਰਾਈਸਾਈਕਲਾਂ ਵੀ ਵੰਡੀਆਂ ਗਈਆਂ।
ਸ਼ਹਿਰ ‘ਚ ਚੱਪੇ-ਚੱਪੇ ‘ਤੇ ਪੁਲਿਸ ਦਾ ਪਹਿਰਾ
ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਲੁਧਿਆਣਾ ਸ਼ਹਿਰ ਵਿੱਚ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ‘ਤੇ ਰਿਹਾ। ਸ਼ਹਿਰ ਦੇ ਪ੍ਰਵੇਸ਼ ਦੁਆਰਾਂ ਅਤੇ ਅੰਦਰੂਨੀ ਇਲਾਕਿਆਂ ਵਿੱਚ ਥਾਂ-ਥਾਂ ‘ਤੇ ਵਿਸ਼ੇਸ਼ ਨਾਕੇਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।
ਡੀਸੀਪੀ (DCP) ਹਰਪਾਲ ਸਿੰਘ ਨੇ ਦੱਸਿਆ ਕਿ 15 ਅਗਸਤ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਲਗਾਤਾਰ ਗਸ਼ਤ ਕਰ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੇ ਸ਼ਹਿਰ ਵਿੱਚ ਚੱਪੇ-ਚੱਪੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਸੰਵੇਦਨਸ਼ੀਲ ਥਾਵਾਂ ਅਤੇ ਸ਼ੱਕੀ ਵਾਹਨਾਂ ਦੀ ਲਗਾਤਾਰ ਤਲਾਸ਼ੀ ਲਈ ਜਾ ਰਹੀ ਹੈ ਅਤੇ ਸਮੁੱਚੀ ਸੁਰੱਖਿਆ ਵਿਵਸਥਾ ‘ਤੇ ਉੱਚ ਅਧਿਕਾਰੀਆਂ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
