ਲੁਧਿਆਣਾ ‘ਚ ਪਰਾਲੀ ਸਾੜਨ ਦੇ ਕੇਸ 100 ਤੋਂ ਪਾਰ, ਖੇਤੀਬਾੜੀ ਵਿਭਾਗ ਸਖ਼ਤ; ਦਿਵਾਲੀ ‘ਤੇ ਵੀ ਫੀਲਡ ‘ਚ ਰਹਿਣਗੇ ਮੁਲਾਜ਼ਮ
ਲੁਧਿਆਣਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪਿਛਲੇ ਦੋ ਦਿਨਾਂ ਦੌਰਾਨ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਉਛਾਲ ਆਇਆ ਹੈ, ਜਿਸ ਕਾਰਨ ਕੁੱਲ ਮਾਮਲਿਆਂ ਦੀ ਗਿਣਤੀ ਸੈਂਕੜਾ ਪਾਰ ਕਰਦਿਆਂ 106 ਤੱਕ ਪਹੁੰਚ ਚੁੱਕੀ ਹੈ।
ਲੁਧਿਆਣਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪਿਛਲੇ ਦੋ ਦਿਨਾਂ ਦੌਰਾਨ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਉਛਾਲ ਆਇਆ ਹੈ, ਜਿਸ ਕਾਰਨ ਕੁੱਲ ਮਾਮਲਿਆਂ ਦੀ ਗਿਣਤੀ ਸੈਂਕੜਾ ਪਾਰ ਕਰਦਿਆਂ 106 ਤੱਕ ਪਹੁੰਚ ਚੁੱਕੀ ਹੈ। ਹਾਲਾਂਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਇਹ ਅੰਕੜਾ 113 ਦਰਜ ਕੀਤਾ ਗਿਆ ਸੀ, ਪਰ ਇਸ ਵਾਰ ਵੀ ਤੇਜ਼ੀ ਨਾਲ ਵਧ ਰਹੇ ਕੇਸਾਂ ਨੂੰ ਦੇਖਦਿਆਂ ਖੇਤੀਬਾੜੀ ਵਿਭਾਗ ਨੇ ਪੂਰੀ ਤਰ੍ਹਾਂ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ।
ਫੀਲਡ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ
ਪਰਾਲੀ ਨੂੰ ਅੱਗ ਲਗਾਉਣ ਦੇ ਵੱਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਡਾਇਰੈਕਟਰ ਖੇਤੀਬਾੜੀ ਵਿਭਾਗ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ ਜਾਰੀ ਕੀਤੇ ਗਏ ਇੱਕ ਅਧਿਕਾਰਤ ਪੱਤਰ ਰਾਹੀਂ ਫੀਲਡ ਵਿੱਚ ਤਾਇਨਾਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਹੁਕਮਾਂ ਤਹਿਤ ਦਿਵਾਲੀ ਵਰਗੇ ਵੱਡੇ ਤਿਉਹਾਰ ਵਾਲੇ ਦਿਨ ਵੀ ਸਾਰੇ ਅਧਿਕਾਰੀ ਫੀਲਡ ਵਿੱਚ ਡਿਊਟੀ ‘ਤੇ ਹਾਜ਼ਰ ਰਹਿਣਗੇ ਤਾਂ ਜੋ ਜ਼ਮੀਨੀ ਪੱਧਰ ‘ਤੇ ਨਜ਼ਰਸਾਨੀ ਰੱਖੀ ਜਾ ਸਕੇ ਅਤੇ ਅੱਗ ਲਗਾਉਣ ਦੀ ਕਿਸੇ ਵੀ ਘਟਨਾ ‘ਤੇ ਫ਼ੌਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਕੀਤੀ ਵਿਸ਼ੇਸ਼ ਅਪੀਲ
ਇਸ ਮਾਮਲੇ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਭਾਵੇਂ ਮੌਜੂਦਾ ਅੰਕੜੇ ਪਿਛਲੇ ਸਾਲ ਦੇ ਮੁਕਾਬਲੇ ਕੁਝ ਘੱਟ ਹਨ, ਪਰ ਫਿਰ ਵੀ ਸਥਿਤੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਸਾਨਾਂ ਨੂੰ ਵਾਰ-ਵਾਰ ਜ਼ੋਰ ਦੇ ਕੇ ਅਪੀਲ ਕੀਤੀ ਹੈ ਕਿ ਉਹ ਵਾਤਾਵਰਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਇਸ ਮੁੱਦੇ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ ਅਤੇ ਵਿਭਾਗੀ ਟੀਮਾਂ ਦਿਵਾਲੀ ਵਾਲੇ ਦਿਨ ਵੀ ਲਗਾਤਾਰ ਪਿੰਡਾਂ ਵਿੱਚ ਗਸ਼ਤ ਕਰਨਗੀਆਂ। ਕਿਸਾਨਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਸਰਕਾਰ ਵੱਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਮਸ਼ੀਨਾਂ ਅਤੇ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਸਹਿਯੋਗ ਦੇਣ।


