ਮਾਨਸਾ ‘ਚ ਮਨਪ੍ਰੀਤ ਬਾਦਲ ਨੇ ਵਪਾਰੀਆਂ ਨਾਲ ਕੀਤੀ ਬੈਠਕ, 15 ਦਸੰਬਰ ਤੱਕ ਜਾਰੀ ਹੋਵੇਗਾ BJP ਦਾ ਘੋਸ਼ਣਾ ਪੱਤਰ

Published: 

26 Nov 2026 23:50 PM IST

ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਭਾਜਪਾ ਆਗੂ ਪਰਮਪਾਲ ਕੌਰ ਮਲੂਕਾ ਅੱਜ ਵੀਰਵਾਰ ਨੂੰ ਵਿਸ਼ੇਸ਼ ਤੌਰ 'ਤੇ ਮਾਨਸਾ ਪਹੁੰਚੇ। ਇੱਥੇ ਉਨ੍ਹਾਂ ਨੇ ਸ਼ਹਿਰ ਦੇ ਵਪਾਰੀਆਂ ਅਤੇ ਆਮ ਨਾਗਰਿਕਾਂ ਨਾਲ ਇੱਕ ਅਹਿਮ ਬੈਠਕ ਕੀਤੀ।

ਮਾਨਸਾ ਚ ਮਨਪ੍ਰੀਤ ਬਾਦਲ ਨੇ ਵਪਾਰੀਆਂ ਨਾਲ ਕੀਤੀ ਬੈਠਕ, 15 ਦਸੰਬਰ ਤੱਕ ਜਾਰੀ ਹੋਵੇਗਾ BJP ਦਾ ਘੋਸ਼ਣਾ ਪੱਤਰ

ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਭਾਜਪਾ ਆਗੂ ਪਰਮਪਾਲ ਕੌਰ ਮਲੂਕਾ ਅੱਜ ਵੀਰਵਾਰ ਨੂੰ ਵਿਸ਼ੇਸ਼ ਤੌਰ ‘ਤੇ ਮਾਨਸਾ ਪਹੁੰਚੇ। ਇੱਥੇ ਉਨ੍ਹਾਂ ਨੇ ਸ਼ਹਿਰ ਦੇ ਵਪਾਰੀਆਂ ਅਤੇ ਆਮ ਨਾਗਰਿਕਾਂ ਨਾਲ ਇੱਕ ਅਹਿਮ ਬੈਠਕ ਕੀਤੀ। ਇਸ ਮੀਟਿੰਗ ਦੌਰਾਨ ਆਗੂਆਂ ਨੇ ਪਾਰਟੀ ਦਾ ਚੋਣ ਘੋਸ਼ਣਾ ਪੱਤਰ ਤਿਆਰ ਕਰਨ ਲਈ ਲੋਕਾਂ ਕੋਲੋਂ ਉਨ੍ਹਾਂ ਦੇ ਕੀਮਤੀ ਸੁਝਾਅ ਮੰਗੇ।

ਪੱਤਰਕਾਰਾਂ ਅਤੇ ਇਕੱਠ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਵੱਲੋਂ ਪੂਰੇ ਸੂਬੇ ਵਿੱਚ ਵਪਾਰੀਆਂ ਅਤੇ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀ ਰਾਏ ਲਈ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਜਨਤਾ ਵੱਲੋਂ ਮਿਲਣ ਵਾਲੇ ਸੁਝਾਵਾਂ ਦੇ ਆਧਾਰ ‘ਤੇ ਹੀ ਪਾਰਟੀ ਦਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾਵੇਗਾ। ਇਸ ਮੌਕੇ ਬਾਦਲ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਭਾਜਪਾ ਸਾਲ 2029 ਤੱਕ ਪੰਜਾਬ ਦੀ ਧਰਤੀ ਤੋਂ ਨਸ਼ੇ ਦਾ ਪੂਰੀ ਤਰ੍ਹਾਂ ਖ਼ਾਤਮਾ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਜਦੋਂ ਭਾਜਪਾ ਦੇਸ਼ ਵਿੱਚੋਂ ਅੱਤਵਾਦ ਅਤੇ ਨਕਸਲਵਾਦ ਵਰਗੀਆਂ ਗੰਭੀਰ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੀ ਹੈ, ਤਾਂ ਨਸ਼ਿਆਂ ਦੇ ਕਾਰੋਬਾਰ ‘ਤੇ ਨਕੇਲ ਕੱਸਣਾ ਪਾਰਟੀ ਲਈ ਕੋਈ ਮੁਸ਼ਕਲ ਕੰਮ ਨਹੀਂ ਹੈ। ਉਨ੍ਹਾਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਭਾਜਪਾ 15 ਦਸੰਬਰ ਤੱਕ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦੇਵੇਗੀ।

ਅਕਾਲੀ-ਭਾਜਪਾ ਗਠਜੋੜ ਨੂੰ ਦੱਸਿਆ ਪੰਜਾਬ ਦੀ ਜਨਤਾ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਬਾਰੇ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਹ ਗਠਜੋੜ ਪੰਜਾਬ ਦੇ ਲੋਕਾਂ ਦੀ ਪੁਰਜ਼ੋਰ ਮੰਗ ‘ਤੇ ਹੀ ਹੋਇਆ ਹੈ। ਇਸ ਦੌਰਾਨ ਉਨ੍ਹਾਂ ਬੜੇ ਹੀ ਦਿਲਚਸਪ ਅੰਦਾਜ਼ ਵਿੱਚ ਟਿੱਪਣੀ ਕਰਦਿਆਂ ਕਿਹਾ, “ਤਾਜ਼ਾ ਖ਼ਬਰ ਆਈ ਹੈ ਕਿ ਸੁਖਬੀਰ ਸਾਡਾ ਭਰਾ ਹੈ।”

ਬਾਦਲ ਅਨੁਸਾਰ, ਪੰਜਾਬ ਦੇ ਲੋਕ ਦਿਲੋਂ ਚਾਹੁੰਦੇ ਸਨ ਕਿ ਇਹ ਦੋਵੇਂ ਪਾਰਟੀਆਂ ਇੱਕ ਮੰਚ ‘ਤੇ ਇਕੱਠੀਆਂ ਹੋ ਕੇ ਸੂਬੇ ਦੀ ਬਿਹਤਰੀ ਅਤੇ ਵਿਕਾਸ ਲਈ ਕੰਮ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਅਕਾਲੀ ਦਲ ਅਤੇ ਭਾਜਪਾ ਮਿਲ ਕੇ ਪੰਜਾਬ ਨੂੰ ਮੁੜ ਤੋਂ ਤਰੱਕੀ ਅਤੇ ਖ਼ੁਸ਼ਹਾਲੀ ਦੀ ਲੀਹ ‘ਤੇ ਲਿਆਉਣ ਲਈ ਸਿਰਤੋੜ ਯਤਨ ਕਰਨਗੀਆਂ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਸਾਂਝਾ ਉਦੇਸ਼ ਸੂਬੇ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਪੰਜਾਬ ਵਾਸੀਆਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਹੈ।

Loading...
Unable to load recommendations.
Follow Us