ਸ਼ਹੀਦ ਪਰਵਿੰਦਰ ਸਿੰਘ ਦਾ ਜੱਦੀ ਪਿੰਡ ‘ਚ ਕੀਤਾ ਗਿਆ ਅੰਤਿਮ ਸੰਸਕਾਰ, ਹਜ਼ਾਰਾਂ ਲੋਕਾਂ ਨੇ ਭਰੀਆਂ ਅੱਖਾਂ ਨਾਲ ਦਿੱਤੀ ਵਿਦਾਈ
ੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਮਿੰਦਰ ਸਿੰਘ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾ ਕੇ ਪੇਸ਼ੇਵਰ ਸਮਰਪਨ ਦਾ ਸਬੂਤ ਦਿੱਤਾ। ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣਾ ਫਰਜ਼ ਨਿਭਾਉਣ ਦੀ ਪ੍ਰੇਰਨਾ ਦੇਵੇਗੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਆਰਥਿਕ ਸਹਾਇਤਾ ਦਿੱਤੀ ਜਾਵੇਗੀ।
Photo Credit: twitter @BhagwantMann
ਸ਼ਹੀਦ ਜਵਾਨ ਪਰਵਿੰਦਰ ਸਿੰਘ ਦਾ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ‘ਚ ਫੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸੰਗਰੂਰ ਜਿਲ੍ਹੇ ਦੇ ਤਹਿਸੀਲ ਸੁਨਾਮ ਦੇ ਪਿੰਡ ਛਾਜਲੀ ਦੇ ਰਹਿਣ ਵਾਲੇ ਪਰਵਿੰਦਰ ਨੇ ਕਾਰਗਿਲ ‘ਚ ਟਰੇਨਿੰਗ ਦੌਰਾਨ ਇੱਕ ਹਾਦਸੇ ‘ਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਪਰਵਿੰਦਰ ਸਿੰਘ ਦਾ ਪਿਛਲੇ ਹੀ ਸਾਲ ਵਿਆਹ ਹੋਇਆ ਸੀ।
ਸ਼ਹੀਦ ਜਵਾਨ ਦੇ ਅੰਤਿਮ ਸੰਸਕਾਰ ਦੇ ਮੌਕੇ ‘ਤੇ ਹਜ਼ਾਰਾਂ ਲੋਕਾਂ ਦੀਆਂ ਅੱਖਾਂ ਭਰ ਆਈਆਂ। ਪਰਵਿੰਦਰ ਸਿੰਘ ਦੇ ਅੰਤਿਮ ਸੰਸਕਾਰ ਦੇ ਮੌਕੇ ‘ਤੇ ਜਵਾਨਾਂ ਦੀ ਟੁਕੜੀ ਨੇ ਉਹਨਾਂ ਦੀ ਸ਼ਹਾਦਤ ਨੂੰ ਸਲਾਮੀ ਦਿੱਤੀ। ਇਸ ਮੌਕੇ ਤੇ ਐਸਪੀ ਰਾਕੇਸ਼ ਕੁਮਾਰ, ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਤੇ ਮੌਜੂਦ ਡੀਸੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਦੇ ਦੇਹਾਂਤ ਨਾਲ ਪਰਿਵਾਰ ਨੂੰ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ, ਪਰ ਸੀਐਮ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ।
ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਮਨਜ਼ੂਰ ਕਰ ਦਿੱਤੀ ਹੈ ਅਤੇ ਜਲਦੀ ਹੀ ਪਰਿਵਾਰ ਨੂੰ ਚੈੱਕ ਸੌਂਪ ਦਿੱਤਾ ਜਾਵੇਗਾ। ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਪ੍ਰੀਤ ਸਿੰਘ ਪੀਟੂ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ, ਐਸਡੀਐਮ ਰਾਜੇਸ਼ ਸ਼ਰਮਾ, ਡੀਐਸਪੀ ਪ੍ਰਿਥਵੀ ਸਿੰਘ ਚਾਹਲ, ਸੂਬੇਦਾਰ ਬੂਟਾ ਸਿੰਘ ਅਤੇ ਸਾਬਕਾ ਸੈਨਿਕਾਂ ਨੇ ਪਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।
