ਮੋਗਾ ‘ਚ ਅੰਨ੍ਹੇਵਾਹ ਫਾਇਰਿੰਗ, 2 ਦੀ ਮੌਤ-3 ਜ਼ਖ਼ਮੀ; ਬਿਨਾਂ ਨੰਬਰ ਵਾਲੀ ਸਕਾਰਪੀਓ ‘ਚ ਆਏ ਸਨ ਹਮਲਾਵਰ
ਮੋਗਾ ‘ਚ ਗੋਲੀਬਾਰੀ ਦੀ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਅੰਗਦਪੁਰਾ ਇਲਾਕੇ ‘ਚ ਸਕਾਰਪੀਓ ਗੱਡੀ ‘ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਅੰਨ੍ਹੇਵਾਹ ਲੋਕਾਂ ਦੇ ਇੱਕ ਗਰੁੱਪ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ‘ਚ 2 ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ 3 ਹੋਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।
ਮੁੱਢਲੀ ਜਾਣਕਾਰੀ ਅਨੁਸਾਰ, ਹਮਲਾਵਰ ‘ਕ ਕਾਲੀ ਸਕਾਰਪੀਓ ਗੱਡੀ ‘ਚ ਸਵਾਰ ਹੋ ਕੇ ਆਏ ਸਨ। ਦੱਸਿਆ ਜਾ ਰਿਹਾ ਹੈ ਕਿ ਗੱਡੀ ‘ਤੇ ਨੰਬਰ ਪਲੇਟ ਨਹੀਂ ਸੀ। ਹਮਲਾਵਰਾਂ ਨੇ ਦੁਕਾਨ ਦੇ ਬਾਹਰ ਬੈਠੇ ਲੋਕਾਂ ਨੂੰ ਨਿਸ਼ਾਨਾ ਬਣਾਉਂਦਿਆਂ ਫਾਇਰਿੰਗ ਕੀਤੀ ਤੇ ਮੌਕੇ ਤੋਂ ਫ਼ਰਾਰ ਹੋ ਗਏ।
ਮ੍ਰਿਤਕਾਂ ਦੀ ਪਛਾਣ ਸਾਹਿਲ ਤੇ ਗਗਨ ਵਜੋਂ ਹੋਈ
ਮਿਲੀ ਜਾਣਕਾਰੀ ਅਨੁਸਾਰ, ਗੋਲੀਬਾਰੀ ਵਿੱਚ ਜਾਨ ਗੁਆਉਣ ਵਾਲਿਆਂ ਦੀ ਪਛਾਣ 40 ਸਾਲਾ ਸਾਹਿਲ ਕੁਮਾਰ (ਉਰਫ਼ ਲੰਡੀ) ਤੇ 30 ਸਾਲਾ ਗਗਨ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਆਪਸ ‘ਚ ਰਿਸ਼ਤੇਦਾਰ (ਚਾਚਾ-ਭਤੀਜਾ) ਸਨ। ਇਸ ਘਟਨਾ ‘ਚ 3 ਹੋਰ ਵਿਅਕਤੀ ਜ਼ਖ਼ਮੀ ਹੋਏ ਹਨ। ਇਨ੍ਹਾਂ ‘ਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਬਿਹਤਰ ਇਲਾਜ ਲਈ ਲੁਧਿਆਣਾ ਰੈਫ਼ਰ ਕੀਤਾ ਗਿਆ ਹੈ।
ਹਾਲਾਂਕਿ, ਸ਼ੁਰੂਆਤੀ ਜਾਣਕਾਰੀ ‘ਚ ਮੌਤਾਂ ਦੀ ਖ਼ਬਰ ਸਾਹਮਣੇ ਆਈ ਹੈ, ਪਰ ਪੁਲਿਸ ਵੱਲੋਂ ਮੌਤਾਂ ਦੀ ਅਧਿਕਾਰਤ ਪੁਸ਼ਟੀ ਸਬੰਧੀ ਸਥਿਤੀ ਸਪੱਸ਼ਟ ਹੋਣੀ ਅਜੇ ਬਾਕੀ ਹੈ।
ਪੁਰਾਣੀ ਰੰਜਿਸ਼ ਕਾਰਨ ਫਾਇਰਿੰਗ ਹੋਣ ਦਾ ਖ਼ਦਸ਼ਾ
ਮੁੱਢਲੀ ਜਾਣਕਾਰੀ ਮੁਤਾਬਕ, ਇਸ ਵਾਰਦਾਤ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਗੋਲੀਬਾਰੀ ਦੇ ਅਸਲ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੋਗਾ ਦੇ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
