ਨਿਹਾਲ ਸਿੰਘ ਵਾਲਾ ‘ਚ ਚੜ੍ਹਿਆ ਸਿਆਸੀ ਪਾਰਾ, MLA ਮਨਜੀਤ ਬਿਲਾਸਪੁਰ ਦੇ ਕੰਮਾਂ ਤੇ ਵਿਰੋਧੀਆਂ ਦੇ ਸਵਾਲ; 2027 ਲਈ ਘਮਾਸਾਨ ਤੇਜ਼

Updated On: 

29 Sep 2026 22:29 PM IST

ਮੋਗਾ ਦੇ ਅਹਿਮ ਵਿਧਾਨ ਸਭਾ ਹਲਕੇ ਨਿਹਾਲ ਸਿੰਘ ਵਾਲਾ ਅੰਦਰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਣਾ ਸ਼ੁਰੂ ਹੋ ਗਿਆ ਹੈ। ਖੇਤਰ ਵਿੱਚ ਵਿਕਾਸ ਕਾਰਜਾਂ ਦੇ ਦਾਅਵਿਆਂ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਕਾਰਗੁਜ਼ਾਰੀ ਤੇ ਤਿੱਖੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

ਨਿਹਾਲ ਸਿੰਘ ਵਾਲਾ ਚ ਚੜ੍ਹਿਆ ਸਿਆਸੀ ਪਾਰਾ, MLA ਮਨਜੀਤ ਬਿਲਾਸਪੁਰ ਦੇ ਕੰਮਾਂ ਤੇ ਵਿਰੋਧੀਆਂ ਦੇ ਸਵਾਲ; 2027 ਲਈ ਘਮਾਸਾਨ ਤੇਜ਼

Ai Genrated Image

ਮੋਗਾ ਦੇ ਅਹਿਮ ਵਿਧਾਨ ਸਭਾ ਹਲਕੇ ਨਿਹਾਲ ਸਿੰਘ ਵਾਲਾ ਅੰਦਰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਣਾ ਸ਼ੁਰੂ ਹੋ ਗਿਆ ਹੈ। ਖੇਤਰ ਵਿੱਚ ਵਿਕਾਸ ਕਾਰਜਾਂ ਦੇ ਦਾਅਵਿਆਂ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਕਾਰਗੁਜ਼ਾਰੀ ਤੇ ਤਿੱਖੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

ਪੇਂਡੂ ਪਿਛੋਕੜ ਵਾਲੇ ਇਸ ਹਲਕੇ ਵਿੱਚ ਖ਼ਸਤਾਹਾਲ ਸੜਕਾਂ, ਉੱਚ ਸਿੱਖਿਆ ਲਈ ਵੱਡੇ ਕਾਲਜ ਅਤੇ ਮਿਆਰੀ ਸਿਹਤ ਸਹੂਲਤਾਂ ਵਾਲੇ ਹਸਪਤਾਲ ਦੀ ਘਾਟ ਅਹਿਮ ਚੋਣ ਮੁੱਦੇ ਬਣਦੇ ਨਜ਼ਰ ਆ ਰਹੇ ਹਨ। ਇਲਾਕਾ ਵਾਸੀਆਂ ਦਾ ਇੱਕ ਵੱਡਾ ਵਰਗ ਅੱਜ ਵੀ ਮੁੱਢਲੀਆਂ ਸਹੂਲਤਾਂ ਲਈ ਜੱਦੋਜਹਿਦ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਮਨਜੀਤ ਸਿੰਘ ਬਿਲਾਸਪੁਰ ਇਸ ਹਲਕੇ ਤੋਂ ਲਗਾਤਾਰ ਦੋ ਵਾਰ ਵਿਧਾਇਕ ਚੁਣੇ ਜਾ ਚੁੱਕੇ ਹਨ।

ਉਨ੍ਹਾਂ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ 27,574 ਵੋਟਾਂ ਦੇ ਫ਼ਰਕ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਸੀ, ਜਦਕਿ 2022 ਵਿੱਚ ਉਨ੍ਹਾਂ ਨੇ ਇਸ ਬੜ੍ਹਤ ਨੂੰ ਹੋਰ ਵਧਾਉਂਦਿਆਂ 37,984 ਵੋਟਾਂ ਦੇ ਭਾਰੀ ਫ਼ਰਕ ਨਾਲ ਇਤਿਹਾਸਕ ਜਿੱਤ ਹਾਸਲ ਕੀਤੀ। ਹਾਲਾਂਕਿ, ਵਿਰੋਧੀ ਧਿਰਾਂ ਦਾ ਇਲਜ਼ਾਮ ਹੈ ਕਿ ਪਿਛਲੇ ਲਗਭਗ ਇੱਕ ਦਹਾਕੇ ਦੌਰਾਨ ਹਲਕੇ ਵਿੱਚ ਕੋਈ ਵੀ ਵੱਡਾ ਉਦਯੋਗ, ਮਲਟੀ-ਸਪੈਸ਼ਲਿਟੀ ਹਸਪਤਾਲ ਜਾਂ ਸਰਕਾਰੀ ਕਾਲਜ ਸਥਾਪਿਤ ਨਹੀਂ ਕੀਤਾ ਜਾ ਸਕਿਆ।

ਸਾਲ 2022 ਦਾ ਚੋਣ ਇਤਿਹਾਸ ਅਤੇ ਅੰਕੜੇ

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਅੰਕੜਿਆਂ ਤੇ ਝਾਤ ਮਾਰੀਏ ਤਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜੀਤ ਸਿੰਘ ਬਿਲਾਸਪੁਰ ਨੂੰ 65,156 ਵੋਟਾਂ ਮਿਲੀਆਂ ਸਨ। ਦੂਜੇ ਪਾਸੇ ਕਾਂਗਰਸ ਪਾਰਟੀ ਦੇ ਭੁਪਿੰਦਰ ਸਿੰਘ ਸਾਹੋਕੇ 27,172 ਵੋਟਾਂ ਲੈ ਕੇ ਦੂਜੇ ਸਥਾਨ ਤੇ ਰਹੇ ਸਨ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ 26,758 ਵੋਟਾਂ ਨਾਲ ਤੀਜੇ ਸਥਾਨ ਤੇ ਰਹੇ। ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਸਾਬਕਾ ਪੁਲਿਸ ਸੁਪਰਡੈਂਟ ਮੁਖ਼ਤਿਆਰ ਸਿੰਘ ਨੂੰ ਸਿਰਫ਼ 1,145 ਵੋਟਾਂ ਹੀ ਪ੍ਰਾਪਤ ਹੋ ਸਕੀਆਂ ਸਨ।

ਵਿਰੋਧੀ ਧਿਰਾਂ ਦੇ ਦੋਸ਼: ਜ਼ਮੀਨ ਤੇ ਜ਼ੀਰੋ, ਸਿਰਫ਼ ਕਾਗ਼ਜ਼ਾਂ ਚ ਵਿਕਾਸ

ਵਿਕਾਸ ਕਾਰਜਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਮੁਖ਼ਤਿਆਰ ਸਿੰਘ ਨੇ ਸੱਤਾਧਾਰੀ ਧਿਰ ਤੇ ਵਰ੍ਹਦਿਆਂ ਕਿਹਾ ਕਿ ਨਿਹਾਲ ਸਿੰਘ ਵਾਲਾ ਵਿੱਚ ਵਿਕਾਸ ਕਾਰਜ ਸਿਰਫ਼ ਨਾਮਮਾਤਰ ਹੀ ਹੋਏ ਹਨ। ਹਲਕੇ ਦੀਆਂ ਮੁੱਖ ਸੰਪਰਕ ਸੜਕਾਂ ਖ਼ਸਤਾਹਾਲ ਹਨ ਅਤੇ ਸੀਵਰੇਜ ਸਿਸਟਮ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕਾ ਹੈ। ਮੀਂਹ ਦੇ ਦਿਨਾਂ ਵਿੱਚ ਗਲੀਆਂ-ਮੁਹੱਲਿਆਂ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਜਨਤਾ ਦੀਆਂ ਅਸਲ ਲੋੜਾਂ ਨਾਲ ਜੁੜੇ ਵਿਕਾਸ ਕੰਮ ਜ਼ਮੀਨੀ ਪੱਧਰ ਤੇ ਬਿਲਕੁਲ ਸਿਫ਼ਰ ਹਨ।

ਇਸੇ ਤਰ੍ਹਾਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਡਿੰਪਲ ਨੇ ਦੋਸ਼ ਲਾਇਆ ਕਿ ਇਲਾਕੇ ਦੀਆਂ ਮੁੱਖ ਸੜਕਾਂ ਪਿਛਲੇ ਦਸ ਸਾਲਾਂ ਤੋਂ ਮੁਰੰਮਤ ਨੂੰ ਤਰਸ ਰਹੀਆਂ ਹਨ ਅਤੇ ਸਥਾਨਕ ਬੱਸ ਅੱਡੇ ਦੀ ਹਾਲਤ ਬੇਹੱਦ ਖ਼ਸਤਾ ਬਣੀ ਹੋਈ ਹੈ। ਡਿੰਪਲ ਅਨੁਸਾਰ ਸਰਕਾਰ ਦਾ ਵਿਕਾਸ ਸਿਰਫ਼ ਕਾਗ਼ਜ਼ੀ ਦਾਅਵਿਆਂ ਅਤੇ ਸੋਸ਼ਲ ਮੀਡੀਆ ਦੀਆਂ ਤਸਵੀਰਾਂ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ।

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਦੋਸ਼ਾਂ ਦਾ ਖੰਡਨ

ਦੂਜੇ ਪਾਸੇ ਵਿਰੋਧੀ ਪਾਰਟੀਆਂ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਆਪਣੇ ਕਾਰਜਕਾਲ ਦੇ ਕੰਮਾਂ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਪੱਕੀਆਂ ਸੜਕਾਂ, ਅੰਡਰਗਰਾਊਂਡ ਸੀਵਰੇਜ, ਇੰਟਰਲਾਕਿੰਗ ਟਾਈਲਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਲਗਭਗ 80 ਫ਼ੀਸਦੀ ਕੰਮ ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ।

ਵਿਧਾਇਕ ਬਿਲਾਸਪੁਰ ਨੇ ਦੱਸਿਆ ਕਿ ਪਿਛਲੇ ਕਰੀਬ ਚਾਲੀ ਸਾਲਾਂ ਤੋਂ ਹਲਕੇ ਦੇ ਕਿਸਾਨਾਂ ਨੂੰ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਵਿੱਚ ਭਾਰੀ ਦਿੱਕਤ ਆ ਰਹੀ ਸੀ, ਜਿਸ ਨੂੰ ਮੌਜੂਦਾ ਸਰਕਾਰ ਨੇ ਪਹਿਲ ਦੇ ਆਧਾਰ ਤੇ ਦੂਰ ਕਰਨ ਲਈ ਠੋਸ ਕਦਮ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਹਲਕੇ ਵਿੱਚ ਵੱਡੇ ਖੇਡ ਮੈਦਾਨ ਤਿਆਰ ਕਰਵਾਏ ਗਏ ਹਨ ਅਤੇ ਬਿਹਤਰ ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸਾਰੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਉਨ੍ਹਾਂ ਨੂੰ ਆਧੁਨਿਕ ਬਣਾਇਆ ਗਿਆ ਹੈ, ਨਵੇਂ ਆਂਗਣਵਾੜੀ ਕੇਂਦਰ ਉਸਾਰੇ ਗਏ ਹਨ ਅਤੇ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ ਹਨ।

ਮਨਜੀਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਹਾਲ ਸਿੰਘ ਵਾਲਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਫ਼ੰਡ ਜਾਰੀ ਕੀਤੇ ਗਏ ਹਨ ਅਤੇ ਬਾਕੀ ਰਹਿੰਦੇ ਸਾਰੇ ਪ੍ਰੋਜੈਕਟਾਂ ਨੂੰ ਵੀ ਬਹੁਤ ਜਲਦ ਮੁਕੰਮਲ ਕਰ ਲਿਆ ਜਾਵੇਗਾ।

Loading...
Unable to load recommendations.
Follow Us
Related Stories