ਮੋਗਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਪ੍ਰਵਾਸੀਆਂ ‘ਤੇ ਗੋਲੀਆਂ ਚਲਾਉਣ ਵਾਲੇ 2 ਕਾਬੂ; ਇੱਕ ਦੇ ਲੱਗੀ ਗੋਲੀ
Moga Police Encounter: ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਮੋਗਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਬੀਤੀ 10 ਫਰਵਰੀ ਨੂੰ ਦੋ ਪ੍ਰਵਾਸੀ ਮਜ਼ਦੂਰਾਂ 'ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ।
Image Credit: @MogaPolice
ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਮੋਗਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਬੀਤੀ 10 ਫਰਵਰੀ ਨੂੰ ਦੋ ਪ੍ਰਵਾਸੀ ਮਜ਼ਦੂਰਾਂ ‘ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੁੱਠਭੇੜ ਦੌਰਾਨ ਇੱਕ ਮੁਲਜ਼ਮ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਦੀ ਇਸ ਸਾਂਝੀ ਕਾਰਵਾਈ ਵਿੱਚ ਸੀ.ਆਈ.ਏ. ਸਟਾਫ਼ ਨੇ ਅਹਿਮ ਭੂਮਿਕਾ ਨਿਭਾਈ।
ਕੀ ਸੀ ਪੂਰਾ ਮਾਮਲਾ?
ਦੱਸਣਯੋਗ ਹੈ ਕਿ 10 ਫਰਵਰੀ ਨੂੰ ਮੋਗਾ ਜ਼ਿਲ੍ਹੇ ਵਿੱਚ ਦੋ ਪ੍ਰਵਾਸੀ ਮਜ਼ਦੂਰਾਂ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਬਿਹਾਰ ਦੇ ਰਹਿਣ ਵਾਲੇ ਇਹ ਮਜ਼ਦੂਰ ਮੋਗਾ ਦੀ ਇੱਕ ਫੈਕਟਰੀ ਵਿੱਚ ਕੰਮ ਕਰਦੇ ਹਨ। ਇਸ ਹਮਲੇ ਵਿੱਚ ਦੋਵੇਂ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਕੇਸ ਦਰਜ ਕਰਕੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਸੀ ਅਤੇ ਹਮਲਾਵਰਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਸੀ।
🚨 ਗੈਂਗਸਟਰਾਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਮੋਗਾ ਪੁਲਿਸ ਦਾ ਕਰੜਾ ਵਾਰ 🚨 ਗੈਂਗਸਟਰਾਂ ਤੇ ਵਾਰ ਮੁਹਿੰਮ ਤਹਿਤ ਮੋਗਾ ਪੁਲਿਸ ਵੱਲੋਂ ਗੁਪਤ ਸੁਚਨਾ ਦੇ ਆਧਾਰ ਤੇ ਕੀਤੀ ਗਈ ਵਿਸ਼ੇਸ਼ ਕਾਰਵਾਈ ਦੌਰਾਨ ਪੁਲਿਸ ਅਤੇ ਦੋਸ਼ੀਆਂ ਵਿਚਕਾਰ ਮੁਠਭੇੜ ਹੋਈ। ਮੁਕਾਬਲੇ ਸਮੇਂ ਦੋਸ਼ੀਆਂ ਵੱਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਪਰ ਪੁਲਿਸ ਦੀ ਤੁਰੰਤ pic.twitter.com/b0MLO7wzCj
— MOGA Police (@MogaPolice) February 15, 2026
ਖੁਫ਼ੀਆ ਸੂਚਨਾ ਦੇ ਆਧਾਰ ‘ਤੇ ਘੇਰਾਬੰਦੀ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਘੱਲ ਕਲਾਂ ਇਲਾਕੇ ਵਿੱਚ ਲੁਕੇ ਹੋਏ ਹਨ। ਜਦੋਂ ਪੁਲਿਸ ਟੀਮਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਉਨ੍ਹਾਂ ਨੂੰ ਆਤਮ-ਸਮਰਪਣ ਕਰਨ ਲਈ ਕਿਹਾ, ਤਾਂ ਮੁਲਜ਼ਮਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਇੱਕ ਮੁਲਜ਼ਮ, ਜਿਸ ਦੀ ਪਛਾਣ ਜੋਬਨਪ੍ਰੀਤ ਵਜੋਂ ਹੋਈ ਹੈ, ਦੀ ਲੱਤ ਵਿੱਚ ਗੋਲੀ ਲੱਗੀ। ਦੂਜੇ ਮੁਲਜ਼ਮ ਆਕਾਸ਼ਦੀਪ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਮੁਸਤੈਦ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਵੀ ਦਬੋਚ ਲਿਆ।
ਵਿਦੇਸ਼ੀ ਹੈਂਡਲਰਾਂ ਨਾਲ ਸਬੰਧ ਅਤੇ ਸਾਜ਼ਿਸ਼ ਦਾ ਪਰਦਾਫਾਸ਼
ਮੁੱਢਲੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ ਕਿ ਇਹ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਪੁਲਿਸ ਅਨੁਸਾਰ ਇਨ੍ਹਾਂ ਦਾ ਮਕਸਦ ਪੰਜਾਬ ਵਿੱਚ ਪ੍ਰਵਾਸੀਆਂ ਨੂੰ ਨਿਸ਼ਾਨਾ ਬਣਾ ਕੇ ਮਾਹੌਲ ਖ਼ਰਾਬ ਕਰਨਾ ਅਤੇ ਦਹਿਸ਼ਤ ਫੈਲਾਉਣਾ ਸੀ। ਪੁਲਿਸ ਨੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਤੇ ਹਥਿਆਰ ਵੀ ਬਰਾਮਦ ਕਰ ਲਏ ਹਨ। ਜ਼ਖ਼ਮੀ ਮੁਲਜ਼ਮ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਦਕਿ ਦੂਜੇ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਸਾਜ਼ਿਸ਼ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ ਅਤੇ ਇਨ੍ਹਾਂ ਨੂੰ ਵਿਦੇਸ਼ਾਂ ਤੋਂ ਕਿਵੇਂ ਫੰਡਿੰਗ ਜਾਂ ਹਦਾਇਤਾਂ ਮਿਲ ਰਹੀਆਂ ਸਨ।
