ਮੋਗਾ ਗੋਲੀਕਾਂਡ: ਇਨਸਾਫ਼ ਮਿਲਣ ਤੱਕ ਸਸਕਾਰ ਕਰਨ ਤੋਂ ਪਰਿਵਾਰ ਦਾ ਇਨਕਾਰ, ਧੋਖੇ ਨਾਲ ਪੋਸਟਮਾਰਟਮ ਕਰਵਾਉਣ ਦੇ ਇਲਜ਼ਾਮ
ਐਤਵਾਰ ਸ਼ਾਮ ਅੰਗਦਪੁਰਾ ਮੁਹੱਲੇ 'ਚ ਕਾਲੇ ਰੰਗ ਦੀ ਸਕਾਰਪੀਓ ਗੱਡੀ 'ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਸਾਹਿਲ ਜਿੰਦਲ ਤੇ ਉਸ ਦੇ ਸਾਥੀਆਂ ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਸਾਹਿਲ ਜਿੰਦਲ ਤੇ ਗਗਨਦੀਪ ਦੀ ਮੌਤ ਹੋ ਗਈ, ਜਦਕਿ ਹੋਰ ਵਿਅਕਤੀ ਵੀ ਜ਼ਖ਼ਮੀ ਹੋਏ ਸਨ।
ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਐਤਵਾਰ ਸ਼ਾਮ ਹੋਏ ਗੋਲੀਕਾਂਡ ਤੋਂ ਬਾਅਦ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਘਟਨਾ ‘ਚ ਸਾਹਿਲ ਜਿੰਦਲ ਉਰਫ਼ ਲੰਡੀ ਤੇ ਉਸ ਦੇ ਚਾਚੇ ਦੇ ਪੁੱਤਰ ਗਗਨਦੀਪ ਦੀ ਮੌਤ ਹੋ ਗਈ ਸੀ। ਦੋਵਾਂ ਮ੍ਰਿਤਕਾਂ ਦੇ ਪਰਿਵਾਰਾਂ ਨੇ ਇਨਸਾਫ਼ ਮਿਲਣ ਤੱਕ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਨੇ ਪ੍ਰਸ਼ਾਸਨ ਤੇ ਕਥਿਤ ਤੌਰ ਤੇ ਧੋਖੇ ਨਾਲ ਰਾਤ 9 ਵਜੇ ਪੋਸਟਮਾਰਟਮ ਕਰਵਾਉਣ ਦੇ ਇਲਜ਼ਾਮ ਵੀ ਲਗਾਏ ਹਨ।
ਐਤਵਾਰ ਸ਼ਾਮ ਅੰਗਦਪੁਰਾ ਮੁਹੱਲੇ ‘ਚ ਕਾਲੇ ਰੰਗ ਦੀ ਸਕਾਰਪੀਓ ਗੱਡੀ ‘ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਸਾਹਿਲ ਜਿੰਦਲ ਤੇ ਉਸ ਦੇ ਸਾਥੀਆਂ ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਸਾਹਿਲ ਜਿੰਦਲ ਤੇ ਗਗਨਦੀਪ ਦੀ ਮੌਤ ਹੋ ਗਈ, ਜਦਕਿ ਹੋਰ ਵਿਅਕਤੀ ਵੀ ਜ਼ਖ਼ਮੀ ਹੋਏ ਸਨ।
ਇਨਸਾਫ਼ ਮਿਲਣ ਤੱਕ ਸਸਕਾਰ ਨਹੀਂ ਕਰਨਗੇ ਪਰਿਵਾਰਕ ਮੈਂਬਰ
ਮੰਗਲਵਾਰ ਸਵੇਰੇ ਦੋਵਾਂ ਨੌਜਵਾਨਾਂ ਦੇ ਸਸਕਾਰ ਦੀ ਚਰਚਾ ਚੱਲ ਰਹੀ ਸੀ, ਪਰ ਪਰਿਵਾਰ ਵੱਲੋਂ ਸਪੱਸ਼ਟ ਤੌਰ ਤੇ ਇਨਕਾਰ ਕੀਤੇ ਜਾਣ ਤੋਂ ਬਾਅਦ ਸਸਕਾਰ ਦੀਆਂ ਸੰਭਾਵਨਾਵਾਂ ਤੇ ਵਿਰਾਮ ਲੱਗ ਗਿਆ। ਪੀੜਤ ਪਰਿਵਾਰਾਂ ਦੇ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਤੇ ਕਥਿਤ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਉਹ ਮ੍ਰਿਤਕ ਦੇਹਾਂ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।
ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਨੌਜਵਾਨਾਂ ਦੀਆਂ ਜਾਨਾਂ ਚਲੀਆਂ ਗਈਆਂ ਹਨ ਤੇ ਉਹ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਚਾਹੁੰਦੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਮਾਮਲੇ ‘ਚ ਇਨਸਾਫ਼ ਯਕੀਨੀ ਬਣਾਇਆ ਜਾਵੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ।
ਰਾਤ 9 ਵਜੇ ਪੋਸਟਮਾਰਟਮ ਕਰਵਾਉਣ ਦੇ ਇਲਜ਼ਾਮ
ਪੀੜਤ ਪਰਿਵਾਰ ਨੇ ਇਲਜ਼ਾਮ ਲਗਾਇਆ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਭਰੋਸੇ ‘ਚ ਲਏ ਬਿਨਾਂ ਜਾਂ ਕਥਿਤ ਤੌਰ ਤੇ ਧੋਖੇ ਨਾਲ ਰਾਤ 9 ਵਜੇ ਦੋਵਾਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਗਿਆ। ਪਰਿਵਾਰ ਨੇ ਇਸ ਕਾਰਵਾਈ ਤੇ ਸਵਾਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਨਾਲ ਹੋਈ ਕਾਰਵਾਈ ਸਬੰਧੀ ਸਪੱਸ਼ਟਤਾ ਦਿੱਤੀ ਜਾਵੇ।
ਇਹ ਵੀ ਪੜ੍ਹੋ
ਵਿਧਾਇਕ ਅਤੇ ‘ਆਪ’ ਆਗੂ ਮ੍ਰਿਤਕਾਂ ਦੇ ਘਰ ਪਹੁੰਚੇ
ਘਟਨਾ ਤੋਂ ਬਾਅਦ ਮ੍ਰਿਤਕਾਂ ਦੇ ਘਰ ‘ਚ ਪਰਿਵਾਰਕ ਮੈਂਬਰਾਂ ਤੇ ਸਥਾਨਕ ਲੋਕਾਂ ਦੀ ਭੀੜ ਇਕੱਠੀ ਹੋਈ। ਇਸ ਮੌਕੇ ਹਲਕੇ ਦੇ ਵਿਧਾਇਕ ਸਮੇਤ ਕਈ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ। ਉੱਧਰ, ਪਰਿਵਾਰ ਦੇ ਸਮਰਥਨ ਨਚ ਇਕੱਠੇ ਹੋਏ ਸਥਾਨਕ ਲੋਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਉਠਾਈ। ਮਾਹੌਲ ਨੂੰ ਦੇਖਦਿਆਂ ਸਸਕਾਰ ਤੇ ਪਰਿਵਾਰ ਦੀਆਂ ਮੰਗਾਂ ਨੂੰ ਲੈ ਕੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
ਪੁਲਿਸ ਜਾਂਚ ਤੇ ਟਿਕੀਆਂ ਨਜ਼ਰਾਂ
ਮੋਗਾ ਗੋਲੀਕਾਂਡ ਵਿੱਚ ਦੋ ਨੌਜਵਾਨਾਂ ਦੀ ਮੌਤ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਵਾਰਦਾਤ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਖ਼ਦਸ਼ਾ ਜਤਾਇਆ ਗਿਆ ਸੀ, ਪਰ ਗੋਲੀਬਾਰੀ ਦੇ ਅਸਲ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ। ਫਿਲਹਾਲ ਪੀੜਤ ਪਰਿਵਾਰ ਇਨਸਾਫ਼ ਦੀ ਮੰਗ ਤੇ ਅੜਿਆ ਹੋਇਆ ਹੈ ਤੇ ਦੋਵਾਂ ਮ੍ਰਿਤਕਾਂ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਰਿਹਾ ਹੈ।
