ਮੋਗਾ ‘ਚ ਵਿਆਹੁਤਾ ਦੀ ਮੌਤ ਦਾ ਮਾਮਲਾ ਗਰਮਾਇਆ, ਸਹੁਰਿਆਂ ਖ਼ਿਲਾਫ਼ ਕਾਰਵਾਈ ਲਈ ਕਿਸਾਨ ਜਥੇਬੰਦੀਆਂ ਦਾ ਥਾਣੇ ਅੱਗੇ ਧਰਨਾ
ਮੋਗਾ ਦੇ ਪਿੰਡ ਸਿੰਘਾਵਾਲਾ ਨਾਲ ਸਬੰਧਤ ਅਤੇ ਸ਼ਹਿਰ ਦੇ ਬੇਰੀਆਂ ਵਾਲਾ ਮੁਹੱਲਾ ਵਿਖੇ ਵਿਆਹੀ ਇੱਕ ਮਹਿਲਾ ਵੱਲੋਂ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਵੱਲੋਂ ਥਾਣਾ ਸਿਟੀ ਸਾਊਥ ਦੇ ਬਾਹਰ ਜ਼ੋਰਦਾਰ ਰੋਸ ਧਰਨਾ ਦਿੱਤਾ ਗਿਆ।
ਮੋਗਾ ਦੇ ਪਿੰਡ ਸਿੰਘਾਵਾਲਾ ਨਾਲ ਸਬੰਧਤ ਅਤੇ ਸ਼ਹਿਰ ਦੇ ਬੇਰੀਆਂ ਵਾਲਾ ਮੁਹੱਲਾ ਵਿਖੇ ਵਿਆਹੀ ਇੱਕ ਮਹਿਲਾ ਵੱਲੋਂ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਵੱਲੋਂ ਥਾਣਾ ਸਿਟੀ ਸਾਊਥ ਦੇ ਬਾਹਰ ਜ਼ੋਰਦਾਰ ਰੋਸ ਧਰਨਾ ਦਿੱਤਾ ਗਿਆ। ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ਤੇ ਇਸ ਸੰਘਰਸ਼ ਵਿੱਚ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਮ੍ਰਿਤਕਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਸਹੁਰਾ ਪਰਿਵਾਰ ਦੇ ਬਾਕੀ ਮੈਂਬਰਾਂ ਖ਼ਿਲਾਫ਼ ਵੀ ਤੁਰੰਤ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪਤੀ ਗ੍ਰਿਫ਼ਤਾਰ, ਬਾਕੀਆਂ ਤੇ ਵੀ ਪਰਚਾ ਦਰਜ ਕਰਨ ਦੀ ਮੰਗ
ਪ੍ਰੈੱਸ ਨਾਲ ਗੱਲਬਾਤ ਕਰਦਿਆਂ ਮ੍ਰਿਤਕਾ ਦੀ ਮਾਤਾ ਜਸਵੀਰ ਕੌਰ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਬਲਾਕ 2 ਦੇ ਪ੍ਰਧਾਨ ਇਕਬਾਲ ਸਿੰਘ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਨੇ ਦੱਸਿਆ ਕਿ ਪਿੰਡ ਸਿੰਘਾਵਾਲਾ ਦੀ ਰਹਿਣ ਵਾਲੀ ਹਰਪ੍ਰੀਤ ਕੌਰ ਦਾ ਵਿਆਹ ਮੋਗਾ ਦੇ ਬੇਰੀਆਂ ਵਾਲਾ ਮੁਹੱਲਾ ਵਿਖੇ ਹੋਇਆ ਸੀ। ਬੀਤੇ 22 ਸਤੰਬਰ ਨੂੰ ਉਸ ਨੇ ਸਹੁਰੇ ਪਰਿਵਾਰ ਦੀ ਕਥਿਤ ਪ੍ਰੇਸ਼ਾਨੀ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ।
ਘਟਨਾ ਤੋਂ ਬਾਅਦ ਪੁਲਿਸ ਨੇ ਮ੍ਰਿਤਕਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਹਾਲਾਂਕਿ, ਪ੍ਰਦਰਸ਼ਨਕਾਰੀਆਂ ਦਾ ਸਪੱਸ਼ਟ ਕਹਿਣਾ ਹੈ ਕਿ ਹਰਪ੍ਰੀਤ ਕੌਰ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਿੱਚ ਉਸ ਦੇ ਸਹੁਰਾ ਪਰਿਵਾਰ ਦੇ ਹੋਰ ਮੈਂਬਰ ਵੀ ਬਰਾਬਰ ਦੇ ਜ਼ਿੰਮੇਵਾਰ ਹਨ। ਇਸ ਲਈ ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਜਾਂਚ ਦਾ ਦਾਇਰਾ ਵਧਾ ਕੇ ਬਾਕੀ ਦੋਸ਼ੀਆਂ ਖ਼ਿਲਾਫ਼ ਵੀ ਤੁਰੰਤ ਮਾਮਲਾ ਦਰਜ ਕਰੇ।
DSP ਦੀ ਮੌਜੂਦਗੀ ‘ਚ ਹੋਇਆ ਸੀ ਸਮਝੌਤਾ
ਇਸ ਦੌਰਾਨ ਆਗੂਆਂ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਮ੍ਰਿਤਕਾ ਦਾ ਇੱਕ 4 ਸਾਲ ਦਾ ਮਾਸੂਮ ਬੱਚਾ ਹੈ। ਉਸ ਦੇ ਪਾਲਣ-ਪੋਸ਼ਣ ਅਤੇ ਪਰਵਰਿਸ਼ ਲਈ ਡੀ.ਐੱਸ.ਪੀ. ਸਿਟੀ ਦੀ ਮੌਜੂਦਗੀ ਵਿੱਚ ਦੋਵਾਂ ਧਿਰਾਂ ਵਿਚਕਾਰ ਇੱਕ ਸਮਝੌਤਾ ਹੋਇਆ ਸੀ, ਜਿਸ ਤਹਿਤ ਸਹੁਰਾ ਧਿਰ ਵੱਲੋਂ ਬੱਚੇ ਦੇ ਨਾਂ ਤੇ 4 ਲੱਖ ਰੁਪਏ ਦੀ ਰਾਸ਼ੀ ਮ੍ਰਿਤਕਾ ਦੇ ਪਰਿਵਾਰ ਨੂੰ ਦੇਣੀ ਤੈਅ ਹੋਈ ਸੀ। ਪਰ ਹੁਣ ਸਹੁਰਾ ਪਰਿਵਾਰ ਆਪਣੇ ਕੀਤੇ ਵਾਅਦੇ ਅਤੇ ਫ਼ੈਸਲੇ ਤੋਂ ਪਿੱਛੇ ਹਟ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਪੁਲਿਸ ਪ੍ਰਸ਼ਾਸਨ ਸਹੁਰਾ ਪਰਿਵਾਰ ਦੇ ਬਾਕੀ ਮੈਂਬਰਾਂ ਵਿਰੁੱਧ ਕਾਰਵਾਈ ਨਹੀਂ ਕਰਦਾ ਅਤੇ ਮਾਸੂਮ ਬੱਚੇ ਦੇ ਹੱਕਾਂ ਦੀ ਰਾਖੀ ਯਕੀਨੀ ਨਹੀਂ ਬਣਾਉਂਦਾ, ਉਦੋਂ ਤੱਕ ਉਨ੍ਹਾਂ ਦਾ ਇਹ ਸੰਘਰਸ਼ ਜਾਰੀ ਰਹੇਗਾ।