ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੁਲਿਸ ਹਿਰਾਸਤ ‘ਚ ਏਅਰਪੋਰਟ ਲਈ ਰਵਾਨਾ; ਕੱਲ੍ਹ ਦਾਦੀ ਦੇ ਅੰਤਿਮ ਸਸਕਾਰ ‘ਚ ਹੋਣਗੇ ਸ਼ਾਮਲ

Updated On: 

20 Nov 2026 14:21 PM IST

ਅੰਮ੍ਰਿਤਸਰ ਦੀ ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ। ਅਦਾਲਤੀ ਹੁਕਮਾਂ ਅਨੁਸਾਰ ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣਗੇ।

ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੁਲਿਸ ਹਿਰਾਸਤ ਚ ਏਅਰਪੋਰਟ ਲਈ ਰਵਾਨਾ; ਕੱਲ੍ਹ ਦਾਦੀ ਦੇ ਅੰਤਿਮ ਸਸਕਾਰ ਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਸਿੰਘ (ਫਾਈਲ ਫੋਟੋ)

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ। ਉਹ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਪੰਜਾਬ ਆ ਰਹੇ ਹਨ। ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜੇਲ੍ਹ ਤੋਂ ਲੈ ਕੇ ਏਅਰਪੋਰਟ ਲਈ ਰਵਾਨਾ ਹੋ ਗਈ ਹੈ। ਜਾਣਕਾਰੀ ਮੁਤਾਬਕ ਪੁਲਿਸ ਟੀਮ ਪਹਿਲਾਂ ਉਨ੍ਹਾਂ ਨੂੰ ਦਿੱਲੀ ਲੈ ਕੇ ਪਹੁੰਚੇਗੀ ਤੇ ਉੱਥੋਂ ਫਲਾਈਟ ਰਾਹੀਂ ਪੰਜਾਬ ਲਿਆਂਦਾ ਜਾਵੇਗਾ।

ਅੰਮ੍ਰਿਤਸਰ ਦੀ ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ। ਅਦਾਲਤੀ ਹੁਕਮਾਂ ਅਨੁਸਾਰ ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋ ਸਕਣਗੇ।

ਦਾਦੀ ਦੇ ਅੰਤਿਮ ਸਸਕਾਰ ਲਈ ਪਿੰਡ ‘ਚ ਤਿਆਰੀਆਂ

ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ 8 ਨਵੰਬਰ ਨੂੰ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਪਰਿਵਾਰ ਦੇ ਖੇਤਾਂ ‘ਚ ਕੀਤਾ ਜਾਵੇਗਾ। ਇਸ ਸਬੰਧੀ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਤੋਂ ਪੰਜਾਬ ਲਿਆਉਣ ਤੇ ਵਾਪਸ ਡਿਬਰੂਗੜ੍ਹ ਜੇਲ੍ਹ ਲਿਜਾਣ ਲਈ ਪਰਿਵਾਰ ਵੱਲੋਂ ਪੁਲਿਸ ਦੇ ਸਰਕਾਰੀ ਖਾਤੇ ‘ਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ। ਜਾਣਕਾਰੀ ਅਨੁਸਾਰ ਇਸ ‘ਚੋਂ 7.84 ਲੱਖ ਰੁਪਏ ਹਵਾਈ ਟਿਕਟਾਂ ‘ਤੇ ਖਰਚ ਹੋਣਗੇ। ਇਨ੍ਹਾਂ ‘ਚ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਨਾਲ ਜਾਣ ਵਾਲੇ ਪੰਜ ਪੁਲਿਸ ਮੁਲਾਜ਼ਮਾਂ ਦੀਆਂ ਆਉਣ-ਜਾਣ ਦੀਆਂ ਟਿਕਟਾਂ ਸ਼ਾਮਲ ਹਨ।

ਮਾਹੌਲ ਖ਼ਰਾਬ ਹੋਣ ‘ਤੇ ਤੁਰੰਤ ਵਾਪਸ ਲਿਜਾਣ ਦੀ ਛੋਟ

ਅਦਾਲਤ ਨੇ ਕਸਟਡੀ ਪੈਰੋਲ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਤੇ ਸਰਕਾਰ ਨੂੰ ਵਿਸ਼ੇਸ਼ ਅਧਿਕਾਰ ਦਿੱਤੇ ਹਨ। ਅਦਾਲਤੀ ਹੁਕਮਾਂ ਮੁਤਾਬਕ ਜੇਕਰ ਅੰਤਿਮ ਸੰਸਕਾਰ ਦੌਰਾਨ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਦਸ਼ਾ ਪੈਦਾ ਹੁੰਦਾ ਹੈ ਤਾਂ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਉੱਥੋਂ ਲਿਜਾ ਸਕਦੀ ਹੈ। ਲੋੜ ਪੈਣ ‘ਤੇ ਉਨ੍ਹਾਂ ਨੂੰ ਪੰਜਾਬ ਤੋਂ ਵੀ ਤੁਰੰਤ ਬਾਹਰ ਲਿਜਾਇਆ ਜਾ ਸਕਦਾ ਹੈ।

ਕਸਟਡੀ ਪੈਰੋਲ ਦੌਰਾਨ ਲਗਾਈਆਂ ਗਈਆਂ ਸਖ਼ਤ ਸ਼ਰਤਾਂ

ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਕਸਟਡੀ ਪੈਰੋਲ ਲਈ ਕਈ ਸ਼ਰਤਾਂ ਲਗਾਈਆਂ ਗਈਆਂ ਹਨ। ਉਹ ਆਪਣੇ ਜੱਦੀ ਘਰ ਤੋਂ ਇਲਾਵਾ ਕਿਸੇ ਹੋਰ ਥਾਂ ਨਹੀਂ ਜਾ ਸਕਣਗੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਮੀਡੀਆ ਨਾਲ ਗੱਲਬਾਤ ਕਰਨ, ਕਿਸੇ ਜਨਤਕ ਇਕੱਠ ਨੂੰ ਸੰਬੋਧਨ ਕਰਨ ਤੇ ਆਪਣੇ ਮਾਮਲਿਆਂ ਨਾਲ ਸਬੰਧਤ ਗਵਾਹਾਂ ਨਾਲ ਸੰਪਰਕ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਅਦਾਲਤ ਨੇ 22 ਨਵੰਬਰ ਨੂੰ ਹੋਣ ਵਾਲੀ ਅਸਥੀਆਂ ਇਕੱਠੀਆਂ ਕਰਨ ਦੀ ਰਸਮ ਤੇ 23 ਨਵੰਬਰ ਨੂੰ ਹੋਣ ਵਾਲੇ ਭੋਗ ਸਮਾਗਮ ‘ਚ ਵੀ ਅੰਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ।

Loading...
Unable to load recommendations.
Follow Us