ਅੱਜ ਮੁੰਬਈ ਦੇ ਕਾਰੋਬਾਰੀਆਂ ਨੂੰ ਮਿਲਣਗੇ ਸੀਐੱਮ ਭਗਵੰਤ ਮਾਨ, ਪੰਜਾਬ ‘ਚ ਨਿਵੇਸ਼ ਕਰਨ ਲਈ ਦੇਣਗੇ ਸੱਦਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਮੁੰਬਈ ਵਿੱਚ ਉਦਯੋਗਪਤੀਆਂ ਦੇ ਸਾਹਮਣੇ ਪੰਜਾਬ ਨੂੰ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਦਿਖਾਉਂਣਗੇ।

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਉੱਘੇ ਉੱਦਮੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਲਈ ਅੱਜ ਮੁੰਬਈ ਪਹੁੰਚਣਗੇ।
ਇਹਨਾਂ ਦੋ ਦਿਨੀਂ ਦੌਰੇ ਦੌਰਾਨ ਮੁੱਖ ਮੰਤਰੀ ਨਿਵੇਸ਼ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕਰਨਗੇ। ਉਹ ਪ੍ਰਮੁੱਖ ਖੇਤਰਾਂ ਵਿੱਚ ਰਣਨੀਤਕ ਤਾਲਮੇਲ ਲਈ ਪ੍ਰਮੁੱਖ ਕਾਰੋਬਾਰੀਆਂ ਨਾਲ ਮੀਟਿੰਗਾਂ ਕਰਨਗੇ। ਸੀਐੱਮ ਮਾਨ ਅਗਲੇ ਮਹੀਨੇ ਆਪਣੇ ਦੌਰੇ ਦੌਰਾਨ ਮੋਹਾਲੀ ਵਿਖੇ ਹੋਣ ਵਾਲੇ ਇਨਵੈਸਟ ਪੰਜਾਬ ਸਮਿਟ ਵਿੱਚ ਸ਼ਾਮਲ ਹੋਣ ਲਈ ਉਦਯੋਗਪਤੀਆਂ ਨੂੰ ਪੰਜਾਬ ਆਉਣ ਦਾ ਸੱਦਾ ਵੀ ਦੇਣਗੇ।
ਅੱਜ ਕਾਰੋਬਾਰੀਆਂ ਨੂੰ ਮਿਲਣਗੇ ਸੀਐੱਮ ਭਗਵੰਤ ਮਾਨ
ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਵਿਕਸਤ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਮੁਬੰਈ ਪੁੱਜਣ ਤੇ ਮੁੱਖ ਮੰਤਰੀ ਦੁਹਰਾਉਂਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਵੱਡੇ ਕਾਰਜ ਲਈ ਕੋਈ ਕਸਰ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚੇ ਪੱਧਰ ਤੇ ਲਿਜਾਣ ਲਈ ਸਾਰਥਕ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਫ਼ਿਲਮ ਸਿਟੀ ਸਥਾਪਕ ਕਰਨ ਬਾਰੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫਿਲਮ ਇੰਡਸਟਰੀ ਦੇ ਉਨ੍ਹਾਂ ਦੇ ਜ਼ਿਆਦਾਤਰ ਦੋਸਤ ਮੁੰਬਈ ਵਿੱਚ ਰਹਿੰਦੇ ਹਨ। ਇਸ ਲਈ ਉਹ ਉਨ੍ਹਾਂ ਨੂੰ ਅਪੀਲ ਕਰਨਗੇ ਕਿ ਉਹ ਪੰਜਾਬ ਵਿੱਚ ਆਪਣਾ ਕਾਰੋਬਾਰ ਖੋਲ੍ਹਣ। ਪੰਜਾਬੀ ਇੰਡਸਟਰੀ ਪਹਿਲਾਂ ਹੀ ਵਿਸ਼ਾਲ ਹੈ ਅਤੇ ਇਹ ਪ੍ਰਸਤਾਵਿਤ ਫ਼ਿਲਮ ਸਿਟੀ ਇਸ ਨੂੰ ਵਿਆਪਕ ਪੱਧਰ ਤੇ ਫੈਲਣ ਦਾ ਮੌਕਾ ਦੇਵੇਗੀ।
ਪੰਜਾਬ ਵਿੱਚ ਨਿਵੇਸ਼ ਕਰਨ ਦਾ ਦੇਣਗੇ ਸੱਦਾ
ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਸ ਦੌਰੇ ਨਾਲ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਮੁੰਬਈ ਵਿੱਚ ਉਦਯੋਗਪਤੀਆਂ ਦੇ ਸਾਹਮਣੇ ਪੰਜਾਬ ਨੂੰ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਦਿਖਾਉਂਣਗੇ। ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ ਅਤੇ ਸੂਬੇ ਵਿੱਚ ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਦੌਰਾਨ ਮੁੰਬਈ ਦੌਰੇ ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।