ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਆਰੰਭ, ਅਸਾਮ ਤੋਂ ਹੁੰਦਾ ਹੋਇਆ ਪਹੁੰਚੇਗਾ ਸ੍ਰੀ ਅਨੰਦਪੁਰ ਸਾਹਿਬ
Sri Guru Teg Bahadur Nagar Kirtan: ਇਹ ਨਗਰ ਕੀਰਤਨ ਗੁਰਦੁਆਰਾ ਧੋਬੜੀ ਸਾਹਿਬ ਤੋਂ ਸ਼ੁਰੂ ਹੋ ਕੇ ਕਈ ਰਾਜਾਂ ਰਾਹੀਂ ਗੁਜ਼ਰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਤੱਕ ਪਹੁੰਚੇਗਾ। ਇਸ ਮੌਕੇ ਗੁਰਦੁਆਰਾ ਧੋਬੜੀ ਸਾਹਿਬ ਵਿਖੇ 20 ਅਗਸਤ ਦੀ ਰਾਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਅਤੇ ਹੋਰ ਸਿੱਖ ਸ਼ਖਸੀਅਤਾਂ ਸ਼ਾਮਿਲ ਹੋਈਆਂ।
Pic Credit/Source: Youtube/SGPC, Sri Amritsar
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਯਾਨੀ 21 ਅਗਸਤ ਨੂੰ ਗੁਰਦੁਆਰਾ ਧੋਬੜੀ ਸਾਹਿਬ, ਅਸਾਮ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦੀ ਆਰੰਭਤਾ ਹੋਈ। ਇਸ ਨਗਰ ਕੀਰਤਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਹ ਨਗਰ ਕੀਰਤਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਹਾੜੇ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਹੈ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਮੌਕੇ ਉਨ੍ਹਾਂ ਦੀ ਚਰਨ ਛੋਹ ਵਾਲੇ ਪਵਿੱਤਰ ਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਧੋਬੜੀ ਸਾਹਿਬ (ਅਸਾਮ) ਤੋਂ ਇਤਿਹਾਸਕ ਸ਼ਹੀਦੀ ਨਗਰ ਕੀਰਤਨ ਦੀ ਸ਼ੁਰੂਆਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਪਦਮ ਸ਼੍ਰੀ ਬਾਬਾ ਸੇਵਾ ਸਿੰਘ (ਖਡੂਰ ਸਾਹਿਬ), ਬਾਬਾ ਕਸ਼ਮੀਰ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ (ਭੂਰੀ ਵਾਲੇ) ਤੇ ਹੋਰ ਧਾਰਮਿਕ ਆਗੂ ਅਸਾਮ ਪਹੁੰਚੇ।
ਇਹ ਨਗਰ ਕੀਰਤਨ ਗੁਰਦੁਆਰਾ ਧੋਬੜੀ ਸਾਹਿਬ ਤੋਂ ਸ਼ੁਰੂ ਹੋ ਕੇ ਕਈ ਰਾਜਾਂ ਰਾਹੀਂ ਗੁਜ਼ਰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਤੱਕ ਪਹੁੰਚੇਗਾ। ਇਸ ਮੌਕੇ ਗੁਰਦੁਆਰਾ ਧੋਬੜੀ ਸਾਹਿਬ ਵਿਖੇ 20 ਅਗਸਤ ਦੀ ਰਾਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਅਤੇ ਹੋਰ ਸਿੱਖ ਸ਼ਖਸੀਅਤਾਂ ਸ਼ਾਮਿਲ ਹੋਈਆਂ।
ਇਹ ਮੌਕੇ ਗੁਰਦੁਆਰਾ ਧੋਬੜੀ ਸਾਹਿਬ ਵਿਖੇ ਹੋ ਰਹੇ ਸਮਾਗਮਾਂ ‘ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਅਜੈਬ ਸਿੰਘ ਅਭਿਆਸੀ, ਸ. ਜਗਸੀਰ ਸਿੰਘ ਮਾਂਗੇਆਣਾ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਸਿੱਖ ਆਗੂ ਮੌਜੂਦ ਸਨ। ਸਥਾਨਕ ਸੰਗਤ ਨੇ ਸਾਰੇ ਵਫ਼ਦ ਦਾ ਭਰਵਾਂ ਸਵਾਗਤ ਕੀਤਾ।
ਇਤਿਹਾਸਕ ਨਗਰ ਕੀਰਤਨ 21 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸ਼ੁਰੂ ਹੋਇਆ, ਜੋ ਦੇਸ਼ ਦੇ ਕਈ ਸੂਬਿਆਂ ਰਾਹੀਂ ਨਵੰਬਰ ਮਹੀਨੇ ਗੁਰਦੁਆਰਾ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਸ ਮੌਕੇ ਧਾਰਮਿਕ ਦੀਵਾਨ ਵੀ ਹੋਣਗੇ, ਜਿੱਥੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਪੰਥਕ ਆਗੂ ਸੰਗਤਾਂ ਨੂੰ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ
ਇਸ ਦੇ ਨਾਲ ਹੀ, ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ‘ਚ ਗੁਰਮਤਿ ਸਮਾਗਮ ਵੀ ਕਰਵਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਇਤਿਹਾਸਿਕ ਸਾਂਝ ਸਾਂਝੀ ਕਰਦਿਆਂ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਤੋਂ ਗੁਰਮਤਿ ਅਨੁਸਾਰ ਜੀਵਨ ਜੀਊਣ ਦੀ ਅਪੀਲ ਕੀਤੀ। ਢਾਡੀ ਜਥਿਆਂ ਅਤੇ ਪ੍ਰਚਾਰਕਾਂ ਨੇ ਵੀ ਹਾਜ਼ਰੀ ਭਰੀ।
ਅਸਾਮ ਸਰਕਾਰ ਵੱਲੋਂ ਸਰਕਾਰੀ ਸਵਾਗਤ
ਸਥਾਨਕ ਪ੍ਰਸ਼ਾਸਨ ਵੱਲੋਂ ਵੀ ਇਸ ਇਤਿਹਾਸਕ ਸਮਾਗਮ ਦਾ ਆਦਰ ਸਹਿਤ ਸਵਾਗਤ ਕੀਤਾ ਗਿਆ। ਜਿਲ੍ਹਾ ਧੋਬੜੀ ਦੇ ਡਿਪਟੀ ਕਮਿਸ਼ਨਰ ਦੀਵਾਕਰ ਨਾਥ ਨੇ ਅਸਾਮ ਦੇ ਮੁੱਖ ਮੰਤਰੀ ਸ੍ਰੀ ਹੇਮੰਤ ਬਿਸਵਾ ਸ਼ਰਮਾ ਵੱਲੋਂ ਸਿੱਖ ਆਗੂਆਂ ਦਾ ਸਨਮਾਨ ਕੀਤਾ। ਉਨ੍ਹਾਂ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਮਨੁੱਖਤਾ ਲਈ ਦੀ ਵੱਡੀ ਕੁਰਬਾਨੀ ਕਰਾਰ ਦਿੰਦਿਆਂ ਕਿਹਾ ਕਿ ਇਹ ਸਮਾਗਮ ਉਨ੍ਹਾਂ ਲਈ ਇੱਕ ਅਦੁੱਤੀ ਮੌਕਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਸਮਾਗਮਾਂ ਰਾਹੀਂ ਧਾਰਮਿਕ ਅਜ਼ਾਦੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਹੋਰ ਮਜਬੂਤੀ ਮਿਲੇਗੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ‘ਚ ਭਰਪੂਰ ਭਾਗ ਲੈਣ।
