ਨਵਜੋਤ ਸਿੱਧੂ ਨਾਲ ਕਰੋੜਾਂ ਦੀ ਧੋਖਾਧੜੀ ਦਾ ਮਾਮਲਾ, ਹਾਈਕੋਰਟ ਨੇ ਦਿੱਤੇ ਹੁਕਮ
ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵਿਰੁੱਧ 10.5 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਸੋਮਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਮਾਮਲੇ ਦੇ ਮੁਲਜ਼ਮ ਗਗਨਦੀਪ ਸਿੰਘ ਨੇ ਵਿਦੇਸ਼ ਤੋਂ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ।
ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੇ 10.5 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ਵਿੱਚ ਸੋਮਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਹ ਸੁਣਵਾਈ ਮਾਮਲੇ ਵਿੱਚ ਮੁਲਜ਼ਮ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੀ, ਪਰ ਅਦਾਲਤ ਨੇ ਮੁਲਜ਼ਮ ਨੂੰ ਉਸ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਪਹਿਲਾਂ ਦੇਸ਼ ਵਿੱਚ ਹੋਣ ਦਾ ਹੁਕਮ ਦਿੱਤਾ ਹੈ।
ਡਾ. ਨਵਜੋਤ ਕੌਰ ਸਿੱਧੂ ਨਾਲ ਨਿਵੇਸ਼ ਦੇ ਬਹਾਨੇ 10.5 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਮੁਲਜ਼ਮ ਗਗਨਦੀਪ ਸਿੰਘ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਗਗਨਦੀਪ ਸਿੰਘ ਇਸ ਸਮੇਂ ਦੁਬਈ ਵਿੱਚ ਹਨ। ਹਾਈ ਕੋਰਟ ਨੇ ਗਗਨਦੀਪ ਸਿੰਘ ਨੂੰ ਅਗਲੇ ਮੰਗਲਵਾਰ ਤੋਂ ਪਹਿਲਾਂ ਦੇਸ਼ ਵਾਪਸ ਆਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਨ ਦਾ ਹੁਕਮ ਦਿੱਤਾ ਹੈ, ਜਿਸ ਤੋਂ ਬਾਅਦ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਲਈ ਵਿਚਾਰ ਕੀਤਾ ਜਾ ਸਕਦਾ ਹੈ।
2019 ਵਿੱਚ ਜ਼ਿਆਦਾ ਮੁਨਾਫ਼ੇ ਦਾ ਲਾਲਚ ਦੇ ਕੇ ਕੀਤੀ ਠੱਗੀ
2019 ਵਿੱਚ, ਗਗਨਦੀਪ ਸਿੰਘ ਨੇ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ, ਜੋ ਕਿ ਖੁਦ ਇੱਕ ਸਾਬਕਾ ਮੰਤਰੀ ਹਨ। ਉਨ੍ਹਾਂ ਨੂੰ ਜ਼ਿਆਦਾ ਮੁਨਾਫ਼ੇ ਦਾ ਲਾਲਚ ਦੇ ਕੇ 10 ਕਰੋੜ 50 ਲੱਖ ਰੁਪਏ ਦੀ ਜਾਇਦਾਦ ਵਿੱਚ ਨਿਵੇਸ਼ ਕਰਵਾਇਆ ਸੀ। ਨਵਜੋਤ ਕੌਰ ਸਿੱਧੂ ਉਸ ਬਾਰੇ ਸ਼ਿਕਾਇਤਾਂ ਕਰਦੇ ਰਹੇ ਅਤੇ ਪੈਸੇ ਵਾਪਸ ਮੰਗਦੇ ਰਹੇ।
ਗਗਨਦੀਪ ਸਿੰਘ ਵਿਰੁੱਧ ਦਾਇਰ ਕਰਵਾਇਆ ਕੇਸ
ਆਖ਼ਿਰਕਾਰ, ਨਵਜੋਤ ਕੌਰ ਸਿੱਧੂ ਨੇ ਪਿਛਲੇ ਸਾਲ ਅੰਮ੍ਰਿਤਸਰ ਵਿੱਚ ਗਗਨਦੀਪ ਸਿੰਘ ਵਿਰੁੱਧ ਕੇਸ ਦਾਇਰ ਕੀਤਾ ਸੀ। ਇਸ ਤੋਂ ਬਾਅਦ ਦੋਸ਼ੀ ਵਿਦੇਸ਼ ਚਲਾ ਗਿਆ। ਮੌਜੂਦਾ ਪਟੀਸ਼ਨ ਵੀ ਦੁਬਈ ਤੋਂ ਦਾਇਰ ਕੀਤੀ ਗਈ ਹੈ ਅਤੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ ਕਿਹਾ ਕਿ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਗਈ ਅਜਿਹੀ ਪਟੀਸ਼ਨ ‘ਤੇ ਸੁਣਵਾਈ ਨਹੀਂ ਹੋ ਸਕਦੀ। ਇਹ ਇੱਕ ਗੰਭੀਰ ਮਾਮਲਾ ਹੈ ਅਤੇ ਪਟੀਸ਼ਨਕਰਤਾ ਨੂੰ ਪਹਿਲਾਂ ਦੇਸ਼ ਵਾਪਸ ਆਉਣਾ ਪਵੇਗਾ। ਇਸ ਤੋਂ ਬਾਅਦ, ਹਾਈ ਕੋਰਟ ਨੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ, ਮੁਲਜ਼ਮ ਗਗਨਦੀਪ ਸਿੰਘ ਨੂੰ ਅਗਲੇ ਮੰਗਲਵਾਰ ਤੱਕ ਆਪਣਾ ਪਾਸਪੋਰਟ ਅਦਾਲਤ ਵਿੱਚ ਜਮ੍ਹਾਂ ਕਰਾਉਣ ਦਾ ਹੁਕਮ ਦਿੱਤਾ ਹੈ।
