ਹੁਣ NDA ਪੂਰਾ ਹੋ ਗਿਆ… ਅਕਾਲੀ ਦਲ ਦੀ ਵਾਪਸੀ ‘ਤੇ ਬੋਲੇ ਅਮਿਤ ਸ਼ਾਹ, ਦੱਸਿਆ PM ਮੋਦੀ ਦਾ ਰਿਐਕਸ਼ਨ

Updated On: 

24 Nov 2026 13:41 PM IST

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਭਾਜਪਾ ਤੇ ਅਕਾਲੀ ਦਲ ਦੇ ਆਗੂਆਂ ਵਿਚਕਾਰ ਹੋਈ ਮੀਟਿੰਗ 'ਚ ਫੈਸਲਾ ਕੀਤਾ ਗਿਆ ਹੈ ਕਿ ਦੋਵੇਂ ਪਾਰਟੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨਗੀਆਂ।

ਹੁਣ NDA ਪੂਰਾ ਹੋ ਗਿਆ... ਅਕਾਲੀ ਦਲ ਦੀ ਵਾਪਸੀ ਤੇ ਬੋਲੇ ਅਮਿਤ ਸ਼ਾਹ, ਦੱਸਿਆ PM ਮੋਦੀ ਦਾ ਰਿਐਕਸ਼ਨ

ਅਕਾਲੀ ਦਲ ਦੀ ਵਾਪਸੀ 'ਤੇ ਬੋਲੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਕਰੀਬ 6 ਸਾਲਾਂ ਤੋਂ ਵੱਖ ਹੋਏ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਨੇ ਮੁੜ ਹੱਥ ਮਿਲਾ ਲਿਆ ਹੈ। ਦੋਵਾਂ ਪਾਰਟੀਆਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦਾ ਫੈਸਲਾ ਕੀਤਾ ਹੈ। ਨਵੀਂ ਦਿੱਲੀ ‘ਚ ਹੋਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਗਠਜੋੜ ਦਾ ਅਧਿਕਾਰਤ ਐਲਾਨ ਕੀਤਾ।

ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮੌਜੂਦ ਸਨ। ਇਹ ਪ੍ਰੈੱਸ ਕਾਨਫਰੰਸ ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਹੋਈ।

ਅਕਾਲੀ ਦਲ ਮੁੜ NDA ਦਾ ਹਿੱਸਾ ਬਣਿਆ: ਅਮਿਤ ਸ਼ਾਹ

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਭਾਜਪਾ ਤੇ ਅਕਾਲੀ ਦਲ ਦੇ ਆਗੂਆਂ ਵਿਚਕਾਰ ਹੋਈ ਮੀਟਿੰਗ ‘ਚ ਫੈਸਲਾ ਕੀਤਾ ਗਿਆ ਹੈ ਕਿ ਦੋਵੇਂ ਪਾਰਟੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨਗੀਆਂ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅੱਜ ਤੋਂ ਸ਼੍ਰੋਮਣੀ ਅਕਾਲੀ ਦਲ ਮੁੜ NDA (National Democratic Alliance) ਦੇ ਸਹਿਯੋਗੀ ਵਜੋਂ ਕੰਮ ਕਰੇਗਾ।

ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਐਨਡੀਏ ਦੇ ਸਭ ਤੋਂ ਪੁਰਾਣੇ ਸਹਿਯੋਗੀਆਂ ‘ਚੋਂ ਇੱਕ ਰਿਹਾ ਹੈ। ਅੱਜ ਪਾਰਟੀ ਦੇ ਮੁੜ ਐਨਡੀਏ ‘ਚ ਸ਼ਾਮਲ ਹੋਣ ਨਾਲ ਗਠਜੋੜ ਦੇ ਸਾਰੇ ਸਾਥੀਆਂ ‘ਚ ਖ਼ੁਸ਼ੀ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਦਲ ਦੇ ਹੋਰ ਆਗੂਆਂ ਦਾ ਸਵਾਗਤ ਵੀ ਕੀਤਾ।

PM ਮੋਦੀ ਨੇ ਵੀ ਫ਼ੋਨ ਕਰਕੇ ਜਤਾਈ ਖ਼ੁਸ਼ੀ

ਅਮਿਤ ਸ਼ਾਹ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਐਨਡੀਏ ਦੇ ਵਿਸਥਾਰ ਬਾਰੇ ਗੱਲ ਕੀਤੀ ਤਾਂ ਪ੍ਰਧਾਨ ਮੰਤਰੀ ਨੇ ਖ਼ੁਸ਼ੀ ਜ਼ਾਹਰ ਕੀਤੀ। ਉਨ੍ਹਾਂ ਸੁਖਬੀਰ ਸਿੰਘ ਬਾਦਲ ਤੇ ਭਾਜਪਾ ਦੇ ਕੌਮੀ ਪ੍ਰਧਾਨ ਨੂੰ ਫ਼ੋਨ ਕਰਕੇ ਆਪਣੀਆਂ ਭਾਵਨਾਵਾਂ ਵੀ ਸਾਂਝੀਆਂ ਕਰਦੇ ਹੋਏ ਕਿਹਾ ਹੁਣ ਐਨਡੀਏ ਕੰਪਲੀਟ (ਪੂਰਾ) ਹੋ ਗਿਆ ਹੈ, ਬਾਦਲ ਸਾਹਬ ਦੇ ਨਾਲ ਹੀ ਐਨਡੀਏ ਕੰਪਲੀਟ ਹੁੰਦਾ ਹੈ।

ਸ਼ਾਹ ਨੇ ਕਿਹਾ ਕਿ ਬਾਦਲ ਸਾਹਿਬ ਦੇ ਪਰਿਵਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਅਟਲ ਬਿਹਾਰੀ ਵਾਜਪਾਈ ਤੇ ਲਾਲ ਕ੍ਰਿਸ਼ਨ ਅਡਵਾਨੀ ਵਿਚਕਾਰ ਵੀ ਪੁਰਾਣੇ ਅਤੇ ਡੂੰਘੇ ਸਬੰਧ ਰਹੇ ਹਨ। ਉਨ੍ਹਾਂ ਮੁਤਾਬਕ ਦੋਵਾਂ ਪਾਰਟੀਆਂ ਦਾ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਸਗੋਂ ਲੰਬੇ ਸਮੇਂ ਦੀ ਸਾਂਝ ‘ਤੇ ਆਧਾਰਿਤ ਰਿਹਾ ਹੈ।

ਹਿੰਦੂ-ਸਿੱਖ ਭਾਈਚਾਰੇ ਦੀ ਸਾਂਝ ਦਾ ਪ੍ਰਤੀਕ ਹੋਵੇਗਾ ਗਠਜੋੜ: ਅਮਿਤ ਸ਼ਾਹ

ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਇਹ ਗਠਜੋੜ ਪੰਜਾਬ ਹੀ ਨਹੀਂ, ਸਗੋਂ ਦੇਸ਼ ਤੇ ਦੁਨੀਆ ਵਿੱਚ ਹਿੰਦੂ-ਸਿੱਖ ਭਾਈਚਾਰੇ ਦੀ ਸਾਂਝ ਦਾ ਪ੍ਰਤੀਕ ਬਣੇਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਪਹਿਲਾਂ ਵੀ ਕਈ ਚੋਣਾਂ ਇਕੱਠੀਆਂ ਲੜੀਆਂ ਹਨ। ਇਸ ਦੌਰਾਨ ਜਿੱਤਾਂ ਤੇ ਹਾਰਾਂ ਦੋਵੇਂ ਦੇਖੀਆਂ, ਪਰ ਆਪਸੀ ਰਿਸ਼ਤਾ ਕਾਇਮ ਰਿਹਾ।

ਉਨ੍ਹਾਂ ਪੰਜਾਬ ਲਈ ਐਨਡੀਏ ਦੀਆਂ ਤਰਜੀਹਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ, ਭ੍ਰਿਸ਼ਟਾਚਾਰ ਖ਼ਤਮ ਕਰਨਾ ਤੇ ਰਾਸ਼ਟਰਵਾਦੀ ਤਾਕਤਾਂ ਨੂੰ ਮਜ਼ਬੂਤ ਕਰਨਾ ਮੁੱਖ ਟੀਚਿਆਂ ‘ਚ ਸ਼ਾਮਲ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਐਨਡੀਏ ਵੱਲੋਂ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਾਵੇਗਾ।

2020 ‘ਚ ਟੁੱਟਿਆ ਸੀ ਕਰੀਬ 24 ਸਾਲ ਪੁਰਾਣਾ ਗਠਜੋੜ

ਜ਼ਿਕਰਯੋਗ ਹੈ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸਾਲ 1996 ‘ਚ ਗਠਜੋੜ ਹੋਇਆ ਸੀ। ਇਸ ਤੋਂ ਬਾਅਦ ਦੋਵਾਂ ਪਾਰਟੀਆਂ ਨੇ 1997, 2007 ਤੇ 2012 ‘ਚ ਮਿਲ ਕੇ ਪੰਜਾਬ ‘ਚ ਸਰਕਾਰ ਬਣਾਈ ਸੀ। ਹਾਲਾਂਕਿ, ਸਾਲ 2020 ‘ਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਆਪਣਾ ਨਾਤਾ ਤੋੜ ਲਿਆ ਸੀ। ਇਸ ਤੋਂ ਬਾਅਦ ਦੋਵਾਂ ਪਾਰਟੀਆਂ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੱਖ-ਵੱਖ ਲੜੀਆਂ। ਹੁਣ ਕਰੀਬ 6 ਸਾਲ ਬਾਅਦ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਆਉਣ ਨਾਲ ਪੰਜਾਬ ਦੀ ਸਿਆਸਤ टਚ ਨਵਾਂ ਸਿਆਸੀ ਸਮੀਕਰਨ ਬਣ ਗਿਆ ਹੈ।

Loading...
Unable to load recommendations.
Follow Us