ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਮਾਮਲੇ ‘ਚ ਨਵਾਂ ਮੋੜ, AIIMS ਦੀ ਮੁੱਢਲੀ ਪੋਸਟਮਾਰਟਮ ਰਿਪੋਰਟ ਵਿੱਚ ਨਸ਼ੇ ਦੀ ਓਵਰਡੋਜ਼ ਨੂੰ ਦੱਸਿਆ ਮੌਤ ਦਾ ਕਾਰਨ

Published: 

11 Nov 2026 12:38 PM IST

Daljit Singh Death Case: ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ (35) ਦੀ ਮੌਤ ਦਾ ਮਾਮਲਾ ਲਗਾਤਾਰ ਚਰਚਾ ਵਿੱਚ ਹੈ। AIIMS ਬਠਿੰਡਾ ਦੀ ਮੁੱਢਲੀ ਪੋਸਟਮਾਰਟਮ ਰਿਪੋਰਟ ਵਿੱਚ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਦੱਸਿਆ ਗਿਆ ਹੈ, ਜਦਕਿ ਪੁਲਿਸ ਨੇ ਪਹਿਲਾਂ 3 ਨੌਜਵਾਨਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਮਾਮਲੇ ਚ ਨਵਾਂ ਮੋੜ, AIIMS ਦੀ ਮੁੱਢਲੀ ਪੋਸਟਮਾਰਟਮ ਰਿਪੋਰਟ ਵਿੱਚ ਨਸ਼ੇ ਦੀ ਓਵਰਡੋਜ਼ ਨੂੰ ਦੱਸਿਆ ਮੌਤ ਦਾ ਕਾਰਨ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਬਠਿੰਡਾ ਸਥਿਤ AIIMS ਵਿੱਚ ਕੀਤੇ ਗਏ ਪੋਸਟਮਾਰਟਮ ਦੀ ਮੁੱਢਲੀ ਰਿਪੋਰਟ ਵਿੱਚ ਦਲਜੀਤ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਦੱਸਿਆ ਗਿਆ ਹੈ। ਦਰਅਸਲ, ਮਾਨਸਾ ਪੁਲਿਸ ਨੇ ਸ਼ੁਰੂ ਵਿੱਚ 3 ਨੌਜਵਾਨਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ CCTV ਫੁਟੇਜ ਜਾਰੀ ਕਰਦਿਆਂ ਦਾਅਵਾ ਕੀਤਾ ਸੀ ਕਿ ਦਲਜੀਤ ਦੀ ਮੌਤ ਕਤਲ ਕਾਰਨ ਨਹੀਂ, ਸਗੋਂ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਓਵਰਡੋਜ਼ ਕਾਰਨ ਹੋਈ ਸੀ।

ਪੋਸਟਮਾਰਟਮ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਦੀ ਮੁੱਢਲੀ ਜਾਂਚ ਅਤੇ ਕਤਲ ਦੀ ਥਿਊਰੀ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਹੁਣ ਇਹ ਸਵਾਲ ਵੀ ਉੱਠ ਰਿਹਾ ਹੈ ਕਿ ਦਲਜੀਤ ਨੇ ਜਿਸ ਨਸ਼ੇ ਦਾ ਸੇਵਨ ਕੀਤਾ ਸੀ, ਉਹ ਕਿੱਥੋਂ ਆਇਆ ਅਤੇ ਉਸ ਨੂੰ ਕਿਸ ਨੇ ਮੁਹੱਈਆ ਕਰਵਾਇਆ ਸੀ।

ਦੱਸ ਦੇਈਏ ਕਿ ਦਲਜੀਤ ਸਿੰਘ ਦੀ ਲਾਸ਼ 27 ਅਕਤੂਬਰ ਦੀ ਸਵੇਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਰਾਮਾਨੰਦੀ ਨੇੜੇ ਖੇਤਾਂ ਵਿੱਚੋਂ ਮਿਲੀ ਸੀ। ਦਲਜੀਤ ਦੀ ਮੌਤ ਤੋਂ 8ਵੇਂ ਦਿਨ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਦਲਜੀਤ ਦੀ ਮੌਤ ਤੋਂ ਬਾਅਦ ਹੁਣ ਤੱਕ ਕੀ-ਕੀ ਹੋਇਆ

27 ਅਕਤੂਬਰ ਨੂੰ ਖੇਤਾਂ ਵਿੱਚੋਂ ਮਿਲੀ ਸੀ ਲਾਸ਼: ਦਲਜੀਤ ਸਿੰਘ ਦੀ ਲਾਸ਼ 27 ਅਕਤੂਬਰ ਦੀ ਸਵੇਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਰਾਮਾਨੰਦੀ ਨੇੜੇ ਖੇਤਾਂ ਵਿੱਚੋਂ ਮਿਲੀ ਸੀ। ਪੁਲਿਸ ਨੇ ਮੁੱਢਲੀ ਜਾਂਚ ਵਿੱਚ ਕਤਲ ਦਾ ਖ਼ਦਸ਼ਾ ਜਤਾਇਆ ਸੀ। ਦਲਜੀਤ ਦੇ ਪਿਤਾ ਜਰਨੈਲ ਸਿੰਘ ਦੀ ਸ਼ਿਕਾਇਤ ‘ਤੇ ਪੁਲਿਸ ਨੇ 3 ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਦਲਜੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਣ ਦਾ ਆਰੋਪ: ਦੂਜੇ ਪਾਸੇ, ਪਰਿਵਾਰ ਦਾ ਆਰੋਪ ਹੈ ਕਿ ਦਲਜੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ। ਉਸ ਦੀ ਪਤਨੀ ਪਰਮਜੀਤ ਕੌਰ ਮੁਤਾਬਕ, ਦਲਜੀਤ ਪਹਿਲਾਂ ਨਸ਼ੇ ਦਾ ਆਦੀ ਸੀ, ਪਰ ਉਸ ਨੇ ਕਰੀਬ 3 ਹਫ਼ਤੇ ਪਹਿਲਾਂ ਨਸ਼ਾ ਛੱਡ ਦਿੱਤਾ ਸੀ। ਪਰਿਵਾਰ ਇਲਾਕੇ ਵਿੱਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਿਹਾ ਹੈ।

ਲਾਸ਼ ਲੈ ਕੇ ਜਾ ਰਹੇ ਪਰਿਵਾਰ ਅਤੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ: 27 ਅਕਤੂਬਰ ਨੂੰ ਪਰਿਵਾਰ ਅਤੇ ਪਿੰਡ ਵਾਸੀ ਦਲਜੀਤ ਦੀ ਲਾਸ਼ ਲੈ ਕੇ ਮਾਨਸਾ ਵਿੱਚ ਝੋਟਾ ਦੇ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਰਾਮਦਿੱਤੇਵਾਲਾ ਚੌਕ ਨੇੜੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋ ਗਈ। ਪਰਿਵਾਰ ਨੇ ਪੁਲਿਸ ‘ਤੇ ਲਾਠੀਚਾਰਜ ਕਰਨ ਅਤੇ ਜ਼ਬਰਦਸਤੀ ਲਾਸ਼ ਆਪਣੇ ਕਬਜ਼ੇ ਵਿੱਚ ਲੈਣ ਦੇ ਆਰੋਪ ਲਗਾਏ।

28 ਅਕਤੂਬਰ ਨੂੰ ਹੋਇਆ ਪੋਸਟਮਾਰਟਮ: ਇਸ ਤੋਂ ਬਾਅਦ ਪੁਲਿਸ ਲਾਸ਼ ਨੂੰ AIIMS ਬਠਿੰਡਾ ਲੈ ਗਈ, ਜਿੱਥੇ 28 ਅਕਤੂਬਰ ਨੂੰ ਪੋਸਟਮਾਰਟਮ ਕੀਤਾ ਗਿਆ। ਇਸ ਘਟਨਾਕ੍ਰਮ ਦੌਰਾਨ ਪੁਲਿਸ ਟੀਮ ‘ਤੇ ਹਮਲੇ ਦੇ ਆਰੋਪ ਵਿੱਚ ਕਤਲ ਦੀ ਕੋਸ਼ਿਸ਼ ਸਮੇਤ ਹੋਰ ਧਾਰਾਵਾਂ ਤਹਿਤ ਇੱਕ ਵੱਖਰਾ ਮਾਮਲਾ ਵੀ ਦਰਜ ਕੀਤਾ ਗਿਆ ਸੀ। ਉੱਥੇ ਹੀ ਪੁਲਿਸ ਦਾ ਕਹਿਣਾ ਸੀ ਕਿ ਭੀੜ ਨੇ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕੀਤਾ ਸੀ।

ਭੈਣ ਨੇ ਹਾਈਕੋਰਟ ਵਿੱਚ ਦਾਇਰ ਕੀਤੀ ਸੀ ਪਟੀਸ਼ਨ: ਦਲਜੀਤ ਦੀ ਭੈਣ ਅਮਰਜੀਤ ਕੌਰ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ CBI ਜਾਂਚ, PGI ਚੰਡੀਗੜ੍ਹ ਦੇ ਡਾਕਟਰਾਂ ਦੇ ਬੋਰਡ ਤੋਂ ਦੁਬਾਰਾ ਪੋਸਟਮਾਰਟਮ ਅਤੇ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਪੁਲਿਸ ‘ਤੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਲਾਸ਼ ਕਬਜ਼ੇ ਵਿੱਚ ਲੈਣ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਕਰਨ ਦੇ ਆਰੋਪ ਲਗਾਏ ਗਏ ਸਨ।

ਪੁਲਿਸ ਦੀ ਕਾਰਵਾਈ ‘ਤੇ ਹਾਈਕੋਰਟ ਨੇ ਚੁੱਕੇ ਸਵਾਲ: ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਵਾਲ ਕੀਤਾ ਕਿ ਪੁਲਿਸ ਨੇ ਦਲਜੀਤ ਦੀ ਲਾਸ਼ ਪਰਿਵਾਰ ਤੋਂ ਆਪਣੇ ਕਬਜ਼ੇ ਵਿੱਚ ਕਿਉਂ ਲਈ ਅਤੇ ਅਜਿਹਾ ਕਰਨ ਨਾਲ ਪੁਲਿਸ ਨੂੰ ਕੀ ਹਾਸਲ ਹੋਇਆ? ਅਦਾਲਤ ਨੇ ਟਿੱਪਣੀ ਕੀਤੀ ਕਿ ਹਰ ਮ੍ਰਿਤਕ ਵਿਅਕਤੀ ਨੂੰ ਸਨਮਾਨ ਨਾਲ ਅੰਤਿਮ ਸੰਸਕਾਰ ਕਰਨ ਦਾ ਅਧਿਕਾਰ ਹੈ।

Loading...
Unable to load recommendations.
Follow Us