ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਿਨੋ ਦਿਨ ਮਹਿੰਗੀਆਂ ਹੁੰਦੀਆਂ ਜਾ ਰਹੀਆਂ ਇਲਾਜ ਸੁਵਿਧਾਵਾਂ ਤੋਂ ਰਾਹਤ ਦੇਣ ਲਈ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਘਰਾਂ ਦੇ ਨੇੜੇ ਹੀ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਇਲਾਜ ਕਰਵਾਉਣ ਲਈ ਸੰਕਟ ਦੀ ਘੜੀ ਵਿੱਚ ਆਰਥਿਕ ਸੋਸ਼ਣ ਦਾ ਸਿ਼ਕਾਰ ਨਾ ਹੋਣਾ ਪਵੇ।ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਵਾਰਡ ਨੰਬਰ 3 ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ।
ਇਸ ਮੌਕੇ ਸੁਨਾਮ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਦਿੱਲੀ ਵਿਖੇ ਸਿਹਤ ਖੇਤਰ ਵਿੱਚ ਸ਼ਾਨਦਾਰ ਮਾਡਲ ਸਥਾਪਤ ਕੀਤੇ ਹਨ ਅਤੇ ਹੁਣ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵੀ ਇਸ ਬੁਨਿਆਦੀ ਲੋੜ ਦੇ ਖੇਤਰ ਵਿੱਚ ਇਨਕਲਾਬੀ ਤੇ ਅਗਾਂਹਵਧੂ ਉਪਰਾਲਿਆਂ ਨੂੰ ਪੜਾਅਵਾਰ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਲੋਕਾਂ ਨੂੰ ਮਿਲ ਰਹੀ ਮੁਫ਼ਤ ਇਲਾਜ ਸੁਵਿਧਾ
ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪਿਛਲੇ ਦਸ ਮਹੀਨਿਆਂ ਵਿੱਚ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਨੇਕਾਂ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਮੁਕੰਮਲ ਕਰਕੇ ਮੀਲ ਪੱਥਰ ਸਥਾਪਤ ਕਰ ਦਿਖਾਏ ਹਨ।ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਬੀਤੇ ਵਰ੍ਹੇ 15 ਅਗਸਤ ਨੂੰ ਪੰਜਾਬ ਵਿੱਚ ਅਜਿਹੇ 100 ਆਮ ਆਦਮੀ ਪਾਰਟੀ ਕਲੀਨਿਕ ਖੋਲ੍ਹੇ ਗਏ ਸਨ ਜਿਨ੍ਹਾਂ ਵਿੱਚ 10.15 ਲੱਖ ਤੋਂ ਵੀ ਵੱਧ ਲੋੜਵੰਦ ਲੋਕਾਂ ਵੱਲੋਂ ਮੁਫ਼ਤ ਇਲਾਜ ਸੁਵਿਧਾਵਾਂ ਹਾਸਲ ਕੀਤੀਆਂ ਜਾ ਚੁੱਕੀਆਂ ਹਨ।
400 ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਟੀਚਾ ਪੰਜਾਬ ਵਾਸੀਆਂ ਨੂੰ ਸਿਹਤਮੰਦ ਬਣਾਉਣਾ ਹੈ ਅਤੇ
ਇਸ ਦੀ ਪੂਰਤੀ ਹਿੱਤ ਹੀ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਵ ਲਿਆਉਂਦੇ ਹੋਏ ਅੱਜ ਸੂਬੇ ਭਰ ਵਿੱਚ 400 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀ਼ਜਾਂ ਨੂੰ ਬਿਨਾਂ ਕਿਸੇ ਫੀਸ ਤੋਂ ਸਾਰੀਆਂ ਲੋੜੀਂਦੀਆਂ ਜੀਵਨ ਰੱਖਿਅਕ ਦਵਾਈਆਂ ਅਤੇ 41 ਤੋਂ ਵੀ ਵੱਧ ਟੈਸਟਾਂ ਦੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ ਜੋ ਕਿ ਪਹਿਲਾਂ ਹੀ ਪੰਜਾਬ ਵਾਸੀਆਂ ਲਈ ਵਰਦਾਨ ਸਾਬਤ ਹੋ ਰਹੇ ਹਨ।
ਸਿਹਤ ਦੇ ਖੇਤਰ ਵਿੱਚ ਸ਼ਾਨਦਾਰ ਮਾਡਲ
ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਸੂਬੇ ਦੇ ਕਿਸੇ ਵੀ ਹਸਪਤਾਲ ਜਾਂ ਸਿਹਤ ਕੇਂਦਰ ਵਿੱਚ ਨਾ ਦਵਾਈਆਂ ਦੀ ਕਮੀ ਆਵੇਗੀ ਅਤੇ ਨਾ ਹੀ ਡਾਕਟਰੀ ਸਟਾਫ਼ ਜਾਂ ਕਿਸੇ ਹੋਰ ਅਮਲੇ ਦੀ ਘਾਟ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਦਿਸ਼ਾ ਵਿੱਚ ਅਨੇਕਾਂ ਸਾਰਥਕ ਕਦਮ ਪੁੱਟ ਰਹੀ ਹੈ ਜੋ ਜਲਦੀ ਹੀ ਲੋਕਾਂ ਸਾਹਮਣੇ ਹੋਣਗੇ।ਇਸ ਮੌਕੇ ਅੰਮ੍ਰਿਤਸਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦਾ ਸਿੱਧਾ ਪ੍ਰਸਾਰਨ ਵੀ ਵੱਡੀਆਂ ਸਕਰੀਨਾਂ ਰਾਹੀਂ ਲੋਕਾਂ ਨੂੰ ਦਿਖਾਇਆ ਗਿਆ।