ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੱਦੇ ‘ਤੇ ਇਕੱਠੀਆਂ ਹੋਈਆਂ ਨਿਹੰਗ ਸਿੰਘ ਜਥੇਬੰਦੀਆਂ, ਬੋਲੇ- ਸਿੱਖ ਪੰਥ ਕਿਸੇ ਨਾਲ ਟਕਰਾਅ ਨਹੀਂ ਚਾਹੁੰਦਾ
ਸੁਖਪਾਲ ਸਿੰਘ ਨੇ ਦੱਸਿਆ ਕਿ ਬਾਬਾ ਮੇਜਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਕੁਲਦੀਪ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਪ੍ਰਤਾਪ ਸਿੰਘ ਜਰਗਰ, ਬਾਬਾ ਖੜਕ ਸਿੰਘ ਲੁਧਿਆਣਾ ਸਮੇਤ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਇਸ ਇਕੱਤਰਤਾ 'ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਦੇ ਸੰਦੇਸ਼ ਅਨੁਸਾਰ ਸਾਰੇ ਆਗੂ ਆਪਸੀ ਸਲਾਹ-ਮਸ਼ਵਰਾ ਕਰ ਰਹੇ ਹਨ ਤੇ ਜੋ ਵੀ ਗੁਰਮਤਾ ਜਾਂ ਸਾਂਝਾ ਫ਼ੈਸਲਾ ਹੋਵੇਗਾ, ਉਸ ਬਾਰੇ ਬਾਅਦ 'ਚ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਜਾਵੇਗੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਤੇ ਆਗੂ ਇਕੱਠੇ ਹੋਏ। ਇਸ ਮੌਕੇ ਨਿਹੰਗ ਸਿੰਘ ਜਥੇਬੰਦੀ ਦੇ ਆਗੂ ਸੁਖਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਦੇਸ਼ ਅਨੁਸਾਰ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਇੱਕ ਮੰਚ ‘ਤੇ ਇਕੱਠੀਆਂ ਹੋਈਆਂ ਹਨ ਤਾਂ ਜੋ ਪੰਥਕ ਮਸਲਿਆਂ ‘ਤੇ ਸਾਂਝੇ ਤੌਰ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।
ਉਨ੍ਹਾਂ ਸਭ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਦੀਆਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਤੇ ਖਾਲਸਾ ਪੰਥ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਿੱਖ ਕੌਮ ਲਈ ਬਹੁਤ ਮਹੱਤਵਪੂਰਨ ਹੈ, ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸਰਵੋਚ ਸੰਸਥਾ ਹੈ ਤੇ ਪੰਥਕ ਫ਼ੈਸਲੇ ਹਮੇਸ਼ਾ ਇਸ ਦੀ ਅਗਵਾਈ ਹੇਠ ਹੀ ਲਏ ਜਾਂਦੇ ਹਨ।
ਸੁਖਪਾਲ ਸਿੰਘ ਨੇ ਦੱਸਿਆ ਕਿ ਬਾਬਾ ਮੇਜਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਕੁਲਦੀਪ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਪ੍ਰਤਾਪ ਸਿੰਘ ਜਰਗਰ, ਬਾਬਾ ਖੜਕ ਸਿੰਘ ਲੁਧਿਆਣਾ ਸਮੇਤ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਇਸ ਇਕੱਤਰਤਾ ‘ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਦੇ ਸੰਦੇਸ਼ ਅਨੁਸਾਰ ਸਾਰੇ ਆਗੂ ਆਪਸੀ ਸਲਾਹ-ਮਸ਼ਵਰਾ ਕਰ ਰਹੇ ਹਨ ਤੇ ਜੋ ਵੀ ਗੁਰਮਤਾ ਜਾਂ ਸਾਂਝਾ ਫ਼ੈਸਲਾ ਹੋਵੇਗਾ, ਉਸ ਬਾਰੇ ਬਾਅਦ ‘ਚ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖ ਪੰਥ ਕਿਸੇ ਨਾਲ ਟਕਰਾਅ ਨਹੀਂ ਚਾਹੁੰਦਾ, ਸਗੋਂ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਸਿਧਾਂਤਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਨੁਸਾਰ ਹੀ ਅੱਗੇ ਵਧਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿਰਫ਼ ਸਿੱਖਾਂ ਲਈ ਹੀ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਰਾਹ ਦਿਖਾਉਣ ਵਾਲੇ ਹਨ ਤੇ ਜੇਕਰ ਕਿਸੇ ਵੀ ਤਰ੍ਹਾਂ ਦੇ ਕਾਨੂੰਨ ਜਾਂ ਪ੍ਰਬੰਧ ‘ਚ ਸੋਧ ਦੀ ਲੋੜ ਹੋਵੇਗੀ ਤਾਂ ਉਸ ਸਬੰਧੀ ਪੰਥਕ ਪਰੰਪਰਾਵਾਂ ਅਨੁਸਾਰ ਹੀ ਫ਼ੈਸਲਾ ਕੀਤਾ ਜਾਵੇਗਾ।
ਸੁਖਪਾਲ ਸਿੰਘ ਨੇ ਕਿਹਾ ਕਿ ਪੰਥਕ ਏਕਤਾ ਹੀ ਸਿੱਖ ਕੌਮ ਦੀ ਸਭ ਤੋਂ ਵੱਡੀ ਤਾਕਤ ਹੈ ਤੇ ਸਾਰੀਆਂ ਜਥੇਬੰਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਪੰਥ ਤੇ ਸਮਾਜ ਦੀ ਭਲਾਈ ਲਈ ਕੰਮ ਕਰਦੀਆਂ ਰਹਿਣਗੀਆਂ।
