Punjab News: ਬੇਅਦਬੀ ਨਾਲ ਜੁੜੇ ਦੋ ਬਿਲ ਪੈਡਿੰਗ, ਪੰਜਾਬ ਨੇ ਕੀਤੀ ਉਮਰ ਕੈਦ ਦੀ ਵਿਵਸਥਾ, ਕੇਂਦਰ ਨੇ ਕਿਹਾ-ਜ਼ਿਆਦਾ ਹੈ ਇਹ ਸਜ਼ਾ
ਮਾਨ ਨੇ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਕਿ ਮੈਂ ਤੁਹਾਡੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖ ਇੱਕ ਜੀਵਤ ਗੁਰੂ ਮੰਨਦੇ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਦੇ ਹਨ, ਇਸ ਲਈ ਪ੍ਰਸਤਾਵਿਤ ਸਜ਼ਾ ਜ਼ਿਆਦਾ ਨਹੀਂ ਹੈ।
ਪੰਜਾਬ ਨਿਊਜ। ਪੰਜਾਬ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਵਿਵਸਥਾ ਕਰਨ ਵਾਲੇ ਦੋ ਬਿੱਲ ਪਾਸ ਕਰਕੇ ਰਾਸ਼ਟਰਪਤੀ ਦੀ ਪ੍ਰਵਾਨਗੀ ਲਈ ਭੇਜ ਦਿੱਤੇ ਸਨ ਪਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਾਲ ਹੀ ਵਿੱਚ ਪੰਜਾਬ ਸਰਕਾਰ (Punjab Govt) ਨੂੰ ਜਵਾਬੀ ਪੱਤਰ ਲਿਖ ਕੇ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਜਿਹੜੀ ਸਜਾ ਵਿਵਸਥਾ ਕੀਤੀ ਗਈ ਹੈ ਉਹ ਕੁੱਝ ਜ਼ਿਆਦਾ ਹੈ। ਕੇਂਦਰ ਸਰਕਾਰ ਦੀ ਇਸ ਉਦਾਸੀਨਤਾ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਹੈ ਕਿ ਬੇਅਦਬੀ ਦੇ ਮਾਮਲੇ ਵਿੱਚ ਪੰਜ ਸਾਲ ਪਹਿਲਾਂ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਦੋਵੇਂ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਜਾਵੇ।
ਵਰਨਣਯੋਗ ਹੈ ਕਿ ਪੰਜਾਬ ਵਿੱਚ 2018 ਵਿੱਚ ਤਤਕਾਲੀ ਸਰਕਾਰ ਨੇ ਬੇਅਦਬੀ (Beadabi) ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਦੇਣ ਵਾਲੇ ਦੋ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਸੀ। ਵਿਧਾਨ ਸਭਾ ‘ਚ ਮਨਜ਼ੂਰੀ ਤੋਂ ਬਾਅਦ ਦੋਵੇਂ ਬਿੱਲ ਰਾਜਪਾਲ ਨੂੰ ਭੇਜ ਦਿੱਤੇ ਗਏ। ਫਿਰ ਰਾਜ ਸਰਕਾਰ ਦੀ ਬੇਨਤੀ ਤੋਂ ਬਾਅਦ ਰਾਜਪਾਲ ਨੇ ਉਨ੍ਹਾਂ ਨੂੰ ਰਾਸ਼ਟਰਪਤੀ ਕੋਲ ਭੇਜ ਦਿੱਤਾ। ਉਦੋਂ ਤੋਂ ਇਹ ਬਿੱਲ ਬਕਾਇਆ ਪਏ ਹਨ। ਇਨ੍ਹਾਂ ਬਿੱਲਾਂ ਵਿੱਚ ਸੂਬਾ ਸਰਕਾਰ ਨੇ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਵਿਵਸਥਾ ਕੀਤੀ ਸੀ।


