ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ, ਪ੍ਰਬੰਧਕਾਂ ਦਾ ਕੀਤਾ ਧੰਨਵਾਦ
ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਆਏ ਜਥੇ ਦੇ ਆਗੂ ਭੁਪਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੀ ਯਾਤਰਾ ਦੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਜਥਾ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਤੋਂ ਬਾਅਦ ਜਥੇ ਦੇ ਮੈਂਬਰਾਂ ਨੇ ਦਿੱਲੀ ਸਥਿਤ ਗੁਰਦੁਆਰਾ ਸੀਸ ਗੰਜ ਸਾਹਿਬਅਤੇ ਸ੍ਰੀ ਅਨੰਦਪੁਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਵੀ ਕੀਤੇ।
ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦਾ ਇੱਕ ਵਿਸ਼ੇਸ਼ ਜਥਾ ਆਪਣੀ ਧਾਰਮਿਕ ਯਾਤਰਾ ਤਹਿਤ ਪਵਿੱਤਰ ਨਗਰੀ ਅੰਮ੍ਰਿਤਸਰ ਪਹੁੰਚਿਆ। ਇਹ ਜਥਾ ਸਿੱਖਾਂ ਦੇ ਸਰਵਉੱਚ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਵਿਸ਼ੇਸ਼ ਤੌਰ ਤੇ ਭਾਰਤ ਆਇਆ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਤੇ ਵੱਖ-ਵੱਖ ਧਾਰਮਿਕ ਕਮੇਟੀਆਂ ਵੱਲੋਂ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਆਏ ਜਥੇ ਦੇ ਆਗੂ ਭੁਪਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੀ ਯਾਤਰਾ ਦੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਜਥਾ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਤੋਂ ਬਾਅਦ ਜਥੇ ਦੇ ਮੈਂਬਰਾਂ ਨੇ ਦਿੱਲੀ ਸਥਿਤ ਗੁਰਦੁਆਰਾ ਸੀਸ ਗੰਜ ਸਾਹਿਬਅਤੇ ਸ੍ਰੀ ਅਨੰਦਪੁਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਵੀ ਕੀਤੇ।
ਉਨ੍ਹਾਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੁਰੂ ਮਹਾਰਾਜ ਦੀ ਅਪਾਰ ਕਿਰਪਾ ਸਦਕਾ ਉਨ੍ਹਾਂ ਨੂੰ ਇਸ ਵਾਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੰਮ੍ਰਿਤਸਰ ਵਿਖੇ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਪ੍ਰੈੱਸ ਵਾਰਤਾ ਦੌਰਾਨ ਜਥੇ ਦੇ ਮੈਂਬਰਾਂ ਨੇ ਸਾਲ 1947 ‘ਚ ਦੇਸ਼ ਦੀ ਵੰਡ ਸਮੇਂ ਦੇ ਦਰਦ ਨੂੰ ਵੀ ਯਾਦ ਕੀਤਾ। ਬੁਲਾਰਿਆਂ ਨੇ ਕਿਹਾ ਕਿ ਵੰਡ ਤੋਂ ਬਾਅਦ ਬਹੁਤ ਸਾਰੇ ਇਤਿਹਾਸਕ ਗੁਰਧਾਮ ਪਾਕਿਸਤਾਨ ‘ਚ ਰਹਿ ਗਏ, ਜਦਕਿ ਭਾਰਤ ‘ਚ ਵੱਸਦੇ ਸਿੱਖਾਂ ਦੇ ਮਨਾਂ ‘ਚ ਹਮੇਸ਼ਾ ਉਨ੍ਹਾਂ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਕਰਨ ਦੀ ਤਾਂਘ ਰਹੀ ਹੈ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਰਤ ਦੀ ਸਿੱਖ ਸੰਗਤ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਉਤਸ਼ਾਹਿਤ ਰਹਿੰਦੀ ਹੈ, ਉਸੇ ਤਰ੍ਹਾਂ ਪਾਕਿਸਤਾਨ ‘ਚ ਰਹਿਣ ਵਾਲੀ ਸਿੱਖ ਘੱਟਗਿਣਤੀ ਤੇ ਸੰਗਤ ਵੀ ਹਰ ਗੁਰਪੁਰਬ ਮੌਕੇ ਭਾਰਤ ਆ ਕੇ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਦੀ ਹੈ।
ਇਹ ਵੀ ਪੜ੍ਹੋ
ਵੀਜ਼ਿਆਂ ਤੇ ਜਥਿਆਂ ਦੀ ਗਿਣਤੀ ਵਧਾਉਣ ਦੀ ਮੰਗ
ਜਥੇ ਦੇ ਆਗੂਆਂ ਨੇ ਭਾਰਤ ਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ‘ਚ ਰੱਖਦਿਆਂ ਧਾਰਮਿਕ ਯਾਤਰਾਵਾਂ ਲਈ ਨਿਯਮਾਂ ਨੂੰ ਸਰਲ ਬਣਾਇਆ ਜਾਵੇ। ਉਨ੍ਹਾਂ ਵਿਸ਼ੇਸ਼ ਤੌਰ ਤੇ ਮੰਗ ਕੀਤੀ ਕਿ ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਤੇ ਵੀਜ਼ਿਆਂ ਦੀ ਗਿਣਤੀ ‘ਚ ਵਾਧਾ ਕੀਤਾ ਜਾਵੇ।
ਜਥੇ ਦੇ ਆਗੂਆਂ ਅਨੁਸਾਰ, ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਲਈ ਸਿਰਫ਼ 1,800 ਸ਼ਰਧਾਲੂਆਂ ਦੇ ਜਥੇ ਨੂੰ ਇਜਾਜ਼ਤ ਦਿੱਤੀ ਗਈ ਸੀ, ਜਦਕਿ ਪਾਕਿਸਤਾਨ ਸਥਿਤ ਗੁਰਧਾਮਾਂ ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਉਤਸੁਕ ਸ਼ਰਧਾਲੂਆਂ ਦੇ ਲਗਭਗ 7,500 ਤੋਂ ਵੱਧ ਅਰਜ਼ੀ ਫਾਰਮ ਜਾਂ ਪਾਸਪੋਰਟ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਦੀ ਗਿਣਤੀ ਵੀ ਮੌਜੂਦਾ ਸਮੇਂ ‘ਚ ਸੀਮਤ ਹੈ। ਇਸ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਸ਼ਰਧਾਲੂਆਂ ਦੀ ਸਹੂਲਤ ਲਈ ਵੀਜ਼ਾ ਪ੍ਰਕਿਰਿਆ ਨੂੰ ਆਸਾਨ ਬਣਾਉਣ ਤੇ ਜਥਿਆਂ ਦੀ ਗਿਣਤੀ ਵਧਾਉਣ, ਤਾਂ ਜੋ ਦੋਵਾਂ ਪਾਸਿਆਂ ਦੀ ਸੰਗਤ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰ ਸਕੇ।
ਐੱਸਜੀਪੀਸੀ ਤੇ ਪ੍ਰਬੰਧਕਾਂ ਦਾ ਕੀਤਾ ਧੰਨਵਾਦ
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅੰਮ੍ਰਿਤਸਰ ਦੀਆਂ ਸਥਾਨਕ ਧਾਰਮਿਕ ਕਮੇਟੀਆਂ ਦੇ ਅਹੁਦੇਦਾਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।
ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਭਗਵੰਤ ਸਿੰਘ ਧੰਗੇੜਾ ਤੇ ਮੈਨੇਜਰ ਰਜਿੰਦਰ ਸਿੰਘ ਰੂਬੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਾਕਿਸਤਾਨ ਤੋਂ ਆਏ ਸ਼ਰਧਾਲੂਆਂ ਨੂੰ ਜੀ ਆਇਆਂ ਆਖਿਆ ਤੇ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ।
